ਵਿਧਾਇਕ ਬਲਬੀਰ ਸਿੱਧੂ ਨੇ ਮਨੌਲੀ ਦੀ ਅੌਰਤ ਨੂੰ ਆਸ਼ੀਰਵਾਦ ਸਕੀਮ ਤਹਿਤ 15 ਹਜ਼ਾਰ ਦਾ ਚੈੱਕ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਮੁਹਾਲੀ ਦੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਅੱਜ ਨਜ਼ਦੀਕੀ ਪਿੰਡ ਮਨੌਲੀ ਦੀ ਵਸਨੀਕ ਬੀਬੀ ਸਰਬਜੀਤ ਕੌਰ ਨੂੰ ਆਸ਼ੀਰਵਾਦ ਸਕੀਮ ਅਧੀਨ 15 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ। ਜ਼ਿਕਰਯੋਗ ਹੈ ਕਿ ਬੀਬੀ ਸਰਬਜੀਤ ਕੌਰ ਪਿਛਲੇ ਲਗਭਗ ਪੰਜ ਸਾਲਾਂ ਤੋਂ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੀ ਸੀ, ਜਿਸ ਦੀ ਕਿਧਰੇ ਕੋਈ ਸੁਣਵਾਈ ਨਹੀਂ ਸੀ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਬੀਬੀ ਸਰਬਜੀਤ ਕੌਰ ਨੇ ਆਪਣੀ ਇਸ ਸਮੱਸਿਆ ਸਬੰਧੀ ਵਿਧਾਇਕ ਸ੍ਰੀ ਸਿੱਧੂ ਨੂੰ ਜਾਣੂ ਕਰਵਾਇਆ ਸੀ, ਜਿਨ੍ਹਾਂ ਨੇ ਤੁਰੰਤ ਜ਼ਿਲ੍ਹਾ ਭਲਾਈ ਅਫਸਰ ਨੂੰ ਤੁਰੰਤ ਆਪਣੇ ਦਫਤਰ ਵਿਚ ਬੁਲਾਕੇ ਇਹ ਮਾਮਲਾ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ ਸਨ।
ਸ੍ਰੀ ਸਿੱਧੂ ਦੀਆਂ ਕੋਸ਼ਿਸ਼ਾਂ ਮਗਰੋਂ ਅੱਜ ਜ਼ਿਲ੍ਹਾ ਭਲਾਈ ਦਫਤਰ ਵਲੋਂ ਪੰਦਰਾਂ ਹਜ਼ਾਰ ਰੁਪਏ ਦਾ ਚੈੱਕ ਬੀਬੀ ਸਰਬਜੀਤ ਕੌਰ ਨੂੰ ਜਾਰੀ ਕਰ ਦਿੱਤਾ ਗਿਆ, ਜੋ ਕਿ ਵਿਧਾਇਕ ਸ੍ਰੀ ਸਿੱਧੂ ਨੇ ਖੁਦ ਉਨ੍ਹਾਂ ਨੂੰ ਸੌਂਪਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਲੋਕ ਭਲਾਈ ਸਕੀਮਾਂ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਪਰ ਅਕਾਲੀਆਂ ਵਲੋਂ ਜਾਅਲੀ ਤਰੀਕੇ ਨਾਲ ਬਣਾਏ ਗਏ ਲਾਭਪਾਤਰੀਆਂ ਦੀ ਜਾਂਚ ਕਰਕੇ ਅਸਲ ਲੋੜਵੰਦਾਂ ਨੂੰ ਹੀ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗਰੀਬ ਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਨ।
ਅਫਸਰਸ਼ਾਹੀ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਇਆ ਜਾ ਰਿਹਾ ਹੈ ਤਾਂ ਕਿ ਸਰਕਾਰੀ ਕੰਮਕਾਜ ਵਿਚ ਪੂਰੀ ਪਾਰਦਰਸ਼ਤਾ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਜ਼ਿਲ੍ਹਾ ਮੁਹਾਲੀ ਦੇ ਅਫਸਰਾਂ ਨਾਲ ਮੀਟਿੰਗ ਕਰਕੇ ਹਲਕੇ ਦੇ ਲੋਕਾਂ ਦੇ ਕੰਮਕਾਰਾਂ ਦੀ ਸਮੀਖਿਆ ਕਰਨਗੇ ਅਤੇ ਅਧੂਰੇ ਪਏ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੀਆਂ ਹਿਦਾਇਤਾਂ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਸਰਕਾਰੀ ਦਫਤਰ ਅੰਦਰ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਇਸ ਸਬੰਧੀ ਜਾਣਕਾਰੀ ਉਨ੍ਹਾਂ ਨੂੰ ਦੇਵੇ ਤਾਂ ਕਿ ਸਬੰਧਤ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਗਿਆਨੀ ਗੁਰਮੇਲ ਸਿੰਘ, ਮੇਜਰ ਸਿੰਘ ਸਾਬਕਾ ਸਰਪੰਚ, ਠੇਕੇਦਾਰ ਮੋਹਣ ਸਿੰਘ ਬਠਲਾਣਾਂ, ਪੰਡਤ ਭੁਪਿੰਦਰ ਕੁਮਾਰ ਨਗਾਰੀ, ਜਗਤਾਰ ਸਿੰਘ ਬਾਕਰਪੁਰ, ਰਣਜੀਤ ਸਿੰਘ ਗਿੱਲ ਜਗਤਪੁਰਾ, ਹਰੀ ਸਿੰਘ ਬਾਕਰਪੁਰ, ਦਵਿੰਦਰ ਸਿੰਘ ਬਾਕਰਪੁਰ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੋਰੀ, ਚੌਧਰੀ ਰਿਸ਼ੀਪਾਲ ਸਨੇਟਾ, ਚੌਧਰੀ ਦੀਪ ਚੰਦ ਗੋਬਿੰਦਗੜ੍ਹ, ਚੌਧਰੀ ਹਰਨੇਕ ਸਿੰਘ ਨੇਕੀ ਸਨੇਟਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਕੰਪਿਊਟਰ ਅਧਿਆਪਕਾਂ ਨੂੰ ਹੱਕੀ ਮੰਗਾਂ ਪੂਰੀਆਂ ਹੋਣ ਦੀ ਆਸ ਬੱਝੀ, ਸਿੱਖਿਆ ਮੰਤਰੀ ਨੇ ਵਫ਼ਦ ਨੂੰ ਦਿੱਤਾ ਭਰੋਸਾ

ਕੰਪਿਊਟਰ ਅਧਿਆਪਕਾਂ ਨੂੰ ਹੱਕੀ ਮੰਗਾਂ ਪੂਰੀਆਂ ਹੋਣ ਦੀ ਆਸ ਬੱਝੀ, ਸਿੱਖਿਆ ਮੰਤਰੀ ਨੇ ਵਫ਼ਦ ਨੂੰ ਦਿੱਤਾ ਭਰੋਸਾ…