ਵਿਧਾਇਕ ਕੁਲਵੰਤ ਸਿੰਘ ਵੱਲੋਂ ਲਾਂਡਰਾਂ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ

15 ਕਰੋੜ ਦੀ ਲਾਗਤ ਨਾਲ ਮੁਹਾਲੀ ਸ਼ਹਿਰ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ:
ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸ਼ੁੱਕਰਵਾਰ ਨੂੰ ਲਾਂਡਰਾਂ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਉਪਰੰਤ ਉਨ੍ਹਾਂ ਨੇ ਬਾਰੀਕੀ ਨਾਲ ਕਲੀਨਿਕ ਦਾ ਜਾਇਜ਼ਾ ਲਿਆ ਅਤੇ ਸਟਾਫ਼ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਚੋਣ ਵਾਅਦੇ ਤਹਿਤ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਕੇ ਇਤਿਹਾਸ ਸਿਰਜਿਆ ਹੈ ਅਤੇ ਬਾਕੀ ਰਹਿੰਦੇ ਸਾਰੇ ਚੋਣ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਫੇਜ਼-7, ਮਜਾਤ, ਬਸੋਲੀ, ਖਿਜਰਗੜ੍ਹ ਸਮੇਤ 6 ਨਵੇਂ ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਲਗਪਗ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰਾਂ ਨੇੜੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਹੋ ਗਏ ਹਨ। ਪਹਿਲੇ ਪੜਾਅ ਵਿੱਚ 100 ਕਲੀਨਿਕ ਅਤੇ ਦੂਜੇ ਪੜਾਅ ਵਿੱਚ 404 ਅਤੇ ਹੁਣ 80 ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਜਿਨ੍ਹਾਂ ’ਚੋਂ ਇਕੱਲੇ ਮੁਹਾਲੀ ਜ਼ਿਲ੍ਹੇ ਵਿੱਚ 34 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ।
ਵਿਧਾਇਕ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਭਰ ਵਿੱਚ 25.63 ਲੱਖ ਮਰੀਜ਼ ਆਮ ਆਦਮੀ ਕਲੀਨਿਕਾਂ ਵਿੱਚ ਜਾ ਕੇ ਇਲਾਜ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ ਇਨ੍ਹਾਂ ਕਲੀਨਿਕਾਂ ਵਿੱਚ ਵੱਖੋ-ਵੱਖ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ 30 ਅਪਰੈਲ ਤੱਕ 1.78 ਲੱਖ ਮਰੀਜ਼ ਇਹ ਟੈੱਸਟ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਅਪਰਾਧੀਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਪੂਰੇ ਸ਼ਹਿਰ ਵਿੱਚ 15 ਕਰੋੜ ਦੀ ਲਾਗਤ ਨਾਲ ਸੀਸੀਟੀਵੀ ਕੈਮਰੇ ਲਗਾਏ ਜਾਣਗੇ।

ਇਸ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮੁਹੱਲਾ ਕਲੀਨਿਕਾਂ ਦੇ ਰੂਪ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਅਤੇ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਲਾਭ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ ਅਤੇ ਲੋਕਾਂ ਨੂੰ ਇਲਾਜ ਲਈ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਏਡੀਸੀ (ਜਨਰਲ) ਅਮਨਿੰਦਰ ਕੌਰ ਬਰਾੜ, ਐੱਸਡੀਐੱਮ ਸਰਬਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …