
ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁਹਾਲੀ ਵਿੱਚ ਬੈਡਮਿੰਟਨ ਕੋਰਟ ਦਾ ਉਦਘਾਟਨ
ਨਬਜ਼-ਏ-ਪੰਜਾਬ, ਮੁਹਾਲੀ, 2 ਅਪਰੈਲ:
‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਉਨ੍ਹਾਂ ਨੇ ਫੇਜ਼-1 (ਵਾਰਡ ਨੰਬਰ-50) ਵਿਖੇ ਪਾਰਕ ਨੰਬਰ-2 ਵਿੱਚ ਨਗਰ ਨਿਗਮ ਵੱਲੋਂ ਤਿਆਰ ਕੀਤੇ ਗਏ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ। ਜਿਸ ਦੀ ਵਾਰਡ ਵਾਸੀਆਂ ਵੱਲੋਂ ਮੰਗ ਕੀਤੀ ਗਈ ਸੀ। ਇਸ ਬੈਡਮਿੰਟਨ ਕੋਰਟ ਵਿੱਚ ਖਿਡਾਰੀਆਂ ਦੀ ਸਹੂਲਤ ਲਈ ਆਧੁਨਿਕ ਤਕਨੀਕ ਵਾਲਾ ਮੈਟ ਲਗਾਇਆ ਗਿਆ ਹੈ। ਬੈਡਮਿੰਟਨ ਕੋਰਟ ਵਿੱਚ ਲਾਈਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਖਿਡਾਰੀਆਂ ਨੂੰ ਰਾਤ ਸਮੇਂ ਵੀ ਖੇਡਣ ਦੀ ਸਹੂਲਤ ਮਿਲੇਗੀ।
ਉਨ੍ਹਾਂ ਕਿਹਾ ਕਿ ਬੈਡਮਿੰਟਨ ਕੋਰਟ ਨੂੰ ਜਾਲੀ ਲਗਾ ਕੇ ਕਵਰ ਕੀਤਾ ਗਿਆ ਹੈ। ਜਿਸ ਨੂੰ ਨਗਰ ਨਿਗਮ ਵੱਲੋਂ 10.71 ਲੱਖ ਰੁਪਏ ਖਰਚ ਕੇ ਤਿਆਰ ਕੀਤਾ ਗਿਆ ਹੈ। ਇੱਥੇ ਬੱਚਿਆਂ ਨੂੰ ਬੈਡਮਿੰਟਨ ਦੀ ਖੇਡ ਲਈ ਭਵਿੱਖ ਵਿੱਚ ਹੋਣ ਵਾਲੀਆਂ ਖੇਡਾਂ ਲਈ ਤਿਆਰੀ ਕਰਨ ਦੀ ਸਹੂਲਤ ਮਿਲੇਗੀ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਨੇ ਪੰਜਾਬ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪੁਨਰ ਸੁਰਜੀਤ ਕਰਨ ਵਿੱਚ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ’ਤੇ ਨਾਮਣਾ ਖੱਟਣ ਲਈ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਉਨ੍ਹਾਂ ਨੂੰ ਏਸ਼ੀਆਈ ਅਤੇ ਉਲੰਪਿਕਸ ਦੀ ਤਿਆਰੀ ਅਤੇ ਅਭਿਆਸ ਲਈ ਨਕਦ ਰਾਸ਼ੀ ਦੇਣ ਤੋਂ ਇਲਾਵਾ ਮੈਡਲ ਜਿੱਤ ਕੇ ਆਉਣ ’ਤੇ ਨਕਦ ਇਨਾਮ ਅਤੇ ਉੱਚ ਸਿਵਲ ਤੇ ਪ੍ਰਸ਼ਾਸਕੀ ਅਹੁਦੇ ਤੇ ਤਾਇਨਾਤੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਾਡੇ ਜੀਵਨ ਵਿੱਚ ਅਨੁਸ਼ਾਸ਼ਨ ਪੈਦਾ ਕਰਦੀਆਂ ਹਨ, ਉੱਥੇ ਨੌਜੁਆਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਵੀ ਸਭ ਤੋਂ ਵਧੀਆ ਜ਼ਰੀਆ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਕੌਮਾਂਤਰੀ ਮੁਕਾਬਲਿਆਂ ਵਿੱਚ ਪ੍ਰਤੀਨਿਧਤਾ ਕਰਨ ਵਿੱਚ ਉੱਤਰੀ ਰਾਜਾਂ ਦੇ ਖਿਡਾਰੀਆਂ ਵਿੱਚੋਂ ਪੰਜਾਬ ਅਤੇ ਹਰਿਆਣਾ ਦੇ ਖਿਡਾਰੀਆਂ ਦੀ ਵੱਡੀ ਸ਼ਮੂਲੀਅਤ ਹੈ, ਜਿਸ ਦਾ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਮਾਣ ਰਹਿੰਦਾ ਹੈ। ਉਨ੍ਹਾਂ ਕਿਹਾ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਦੇ ਯਤਨਾਂ ਤਹਿਤ ਖੇਡਾਂ ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ।
ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਸੰਧੂ, ਚੀਫ਼ ਇੰਜੀਨੀਅਰ ਨਰੇਸ਼ ਕੁਮਾਰ ਬੱਤਾ, ਐਕਸੀਅਨ ਸੁਨੀਲ ਕੁਮਾਰ, ਸੁਭਾਸ਼ ਸ਼ਰਮਾ ਵਾਈਸ ਚੇਅਰਮੈਨ ਜਲ ਸਪਲਾਈ ਅਤੇ ਸੀਵਰੇਜ ਬੋਰਡ, ‘ਆਪ’ ਕੌਂਸਲਰ ਗੁਰਮੀਤ ਕੌਰ, ਬਲਾਕ ਪ੍ਰਧਾਨ ਹਰਬਿੰਦਰ ਸਿੰਘ ਸੈਣੀ, ਹਰਮੇਸ ਸਿੰਘ ਕੁੰਭੜਾ, ਇੰਜ. ਪੀਐਸ ਵਿਰਦੀ, ਸਤਨਾਮ ਸਿੰਘ ਦਾਊਂ, ਜਸਪਾਲ ਸਿੰਘ ਬਿੱਲਾ ਮਟੌਰ, ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।