
ਵਿਧਾਇਕ ਕੁਲਵੰਤ ਸਿੰਘ ਨੇ ਜੁਝਾਰ ਨਗਰ ਵਿੱਚ ਆਂਗਨਵਾੜੀ ਸੈਂਟਰ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ
ਵਿਧਾਇਕ ਕੁਲਵੰਤ ਸਿੰਘ ਨੇ ਜੁਝਾਰ ਨਗਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਜੁਝਾਰ ਨਗਰ ਵਿੱਚ ਆਂਗਨਵਾੜੀ ਸੈਂਟਰ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਅਤੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਮਹਿਲਾ ਮੰਡਲ ਦੀਆਂ ਬੀਬੀਆਂ ਨੇ ਵੀ ਵਿਧਾਇਕ ਅੱਗੇ ਆਪਣੀਆਂ ਸਮੱਸਿਆਵਾਂ ਦਾ ਪਟਾਰਾ ਖੋਲ੍ਹ ਕੇ ਰੱਖ ਦਿੱਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੁਹਾਲੀ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ। ਇਸ ਸਬੰਧੀ ਪਿੰਡਾਂ ਦੀਆਂ ਸੱਥਾਂ ਵਿੱਚ ਜਨਤਕ ਇਕੱਠ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੀ ਰਾਇ ਅਨੁਸਾਰ ਵਿਕਾਸ ਸਬੰਧੀ ਯੋਜਨਾਵਾਂ ਉਲੀਕੀਆਂ ਜਾਣਗੀਆਂ ਤਾਂ ਜੋ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਕੰਮ ਲੋਕਾਂ ਦੀ ਸ਼ਮੂਲੀਅਤ ਤੋਂ ਬਿਨਾਂ ਸਿਰੇ ਨਹੀਂ ਚੜ੍ਹਦਾ ਹੈ।

ਇਸ ਮੌਕੇ ਇਲਾਕੇ ਦੇ ਲੋਕਾਂ ਨੇ ਵਿਧਾਇਕ ਨਾਲ ਖੁੱਲ੍ਹ ਕੇ ਦਿਲ ਦੀਆਂ ਗੱਲਾਂ ਕੀਤੀਆਂ ਅਤੇ ਵਿਕਾਸ ਤੇ ਦਰਪੇਸ਼ ਮੁਸ਼ਕਲਾਂ ਬਾਰੇ ਸਵਾਲ ਜਵਾਬ ਵੀ ਕੀਤੇ। ਕੁਲਵੰਤ ਸਿੰਘ ਨੇ ਬੜੇ ਠਰੰ੍ਹਮੇ ਨਾਲ ਸਵਾਲ ਦੇ ਜਵਾਬ ਦਿੰਦੇ ਹੋਏ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ। ਜਿਨ੍ਹਾਂ ਦੀ ਰਸਮੀ ਸ਼ੁਰੂਆਤ ਸਰਕਾਰ ਨੇ ਪਹਿਲੇ ਹੀ ਸਾਲ ਤੋਂ ਬਿਜਲੀ ਬਿੱਲ ਮੁਆਫ਼ ਕਰਕੇ ਮੁਹੱਲਾ ਕਲੀਨਿਕ ਖੋਲ੍ਹ ਕੇ ਕਰ ਦਿੱਤੀ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਨੌਕਰੀਆਂ ਦੇ ਰਾਹ ਖੋਲ੍ਹੇ ਜਾ ਰਹੇ ਹਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਵੀ ਨਾਲੋਂ ਨਾਲ ਚੱਲ ਰਹੀ ਹੈ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਕੁਲਵੰਤ ਸਿੰਘ ਨੇ ਕਿਹਾ ਕਿ ਵਿਰੋਧੀ ਧਿਰ ਦਾ ਇੱਕ ਨੁਕਾਤੀ ਪ੍ਰੋਗਰਾਮ ਹੈ, ਵਿਕਾਸ ਕੰਮਾਂ ਵਿੱਚ ਦਿੱਕਤਾਂ ਖੜੀਆਂ ਕਰਨਾ।
ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਢੀਂਡਸਾ, ਸਾਬਕਾ ਸਰਪੰਚ ਇਕਬਾਲ ਸਿੰਘ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਪੰਚ ਹਰਜੀਤ ਸਿੰਘ, ਕਿਸਾਨ ਆਗੂ ਗੁਰਨਾਮ ਸਿੰਘ ਦਾਊਂ, ਸੰਜੇ ਕੁਮਾਰ, ਰਾਜੇਸ਼ ਰਾਣਾ, ਸਾਧੂ ਸਿੰਘ, ਗੁਰਦੀਪ ਸਿੰਘ ਅਤੇ ਸੁਰਮੱੁਖ ਸਿੰਘ, ਰਾਮ ਲਾਲ ਅਤੇ ਗੁਰਮੀਤ ਸਿੰਘ ਮੌਜੂਦ ਸਨ।