Nabaz-e-punjab.com

ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਟੈਕਸੀ ਚਾਲਕਾਂ ਦੀਆਂ ਸਮੱਸਿਆਵਾਂ ਸੁਣੀਆਂ

ਚੰਡੀਗੜ੍ਹ ਦਾਖ਼ਲਾ ਟੈਕਸ: ਓਲਾ,ਉਬਰ ਕੈਬ ਚਾਲਕਾਂ ਦਾ ਧਰਨਾ 14ਵੇਂ ਦਿਨ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਚੰਡੀਗੜ੍ਹ ਵਿੱਚ ਐਂਟਰੀ ਟੈਕਸ ਵਸੂਲੀ ਦੇ ਖ਼ਿਲਾਫ਼ ਅੱਜ ਇੱਥੋਂ ਦੇ ਫੇਜ਼-8 ਸਥਿਤ ਦਸਹਿਰਾ ਗਰਾਊਂਡ ਵਿੱਚ ਓਲਾ, ਉਬਰ ਟੈਕਸੀ ਚਾਲਕਾਂ ਨੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਅਤੇ ਯੂਟੀ ਪ੍ਰਸ਼ਾਸਨ ਅਤੇ ਓਲਾ, ਉਬਰ ਕੰਪਨੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਟੈਕਸੀ ਚਾਲਕਾਂ ਦਾ ਧਰਨਾ ਬੱੁਧਵਾਰ ਨੂੰ 14ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਅੱਜ ਸ਼ਾਮ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਟੈਕਸੀ ਚਾਲਕਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਦਪਿੰਦਰ ਸਿੰਘ ਬਰਾੜ ਉਰਫ਼ ਸੰਨ੍ਹੀ ਬਰਾੜ ਅਤੇ ਯੂਥ ਵਿੰਗ ਦੇ ਪ੍ਰਧਾਨ ਜਰਨੈਲ ਸਿੰਘ ਬੈਂਸ ਅਤੇ ਕਰਨਲ ਅਵਤਾਰ ਸਿੰਘ ਵੀ ਹਾਜ਼ਰ ਸਨ।
ਸ੍ਰੀ ਬੈਂਸ ਨੇ ਕਿਹਾ ਕਿ ਓਲਾ, ਉਬਰ ਕੰਪਨੀਆਂ ਪਿਛਲੇ ਕਾਫੀ ਸਮੇਂ ਤੋਂ ਟੈਕਸੀ ਚਾਲਕਾਂ ਦਾ ਆਰਥਿਕ ਸ਼ੋਸ਼ਣ ਕਰ ਰਹੀਆਂ ਹਨ ਪ੍ਰੰਤੂ ਪੰਜਾਬ ਦੇ ਹੁਕਮਰਾਨ ਕੁੰਭਕਰਨ ਦੀ ਨੀਂਦ ਵਿੱਚ ਸੁੱਤੇ ਪਏ ਹਨ। ਉਨ੍ਹਾਂ ਮੁੱਖ ਮੰਤਰੀ ਦੇ ਘਰ-ਘਰ ਰੁਜ਼ਗਾਰ ਦੇਣ ਦੀ ਯੋਜਨਾ ਨੂੰ ਫੇਲ੍ਹ ਦੱਸਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਇਨ੍ਹਾਂ ਨੌਜਵਾਨਾਂ ਨੇ ਆਪਣੇ ਮਾਪਿਆਂ ਦੀ ਜਮ੍ਹਾ ਪੂੰਜੀ ਅਤੇ ਕਰਜ਼ਾ ਲੈ ਕੇ 10 ਤੋਂ 15 ਲੱਖ ਕੀਮਤ ਦੀਆਂ ਗੱਡੀਆਂ ਟੈਕਸੀ ਦੇ ਰੂਪ ਵਿੱਚ ਚਲਾ ਰਹੇ ਹਨ ਪ੍ਰੰਤੂ ਕੰਪਨੀਆਂ ਦੀ ਧੱਕੇਸ਼ਾਹੀ ਅਤੇ ਸਰਕਾਰ ਦੀ ਚੁੱਪ ਕਾਰਨ ਟੈਕਸੀ ਚਾਲਕਾਂ ਨੂੰ ਧਰਨੇ ਦੇਣੇ ਪੈ ਰਹੇ ਹਨ। ਬੈਂਸ ਨੇ ਕਿਹਾ ਕਿ ਵੱਡੀਆਂ ਕੰਪਨੀਆਂ ਰਾਜਸੀ ਪਾਰਟੀਆਂ ਨੂੰ ਕਰੋੜਾਂ ਰੁਪਏ ਚੋਣ ਫੰਡ ਦਿੰਦੀਆਂ ਹਨ। ਜਿਸ ਕਾਰਨ ਅੱਜ ਹੁਕਮਰਾਨਾਂ ਨੇ ਪੀੜਤ ਨੌਜਵਾਨਾਂ ਦੀ ਬਾਂਹ ਫੜਨ ਦੀ ਬਜਾਏ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਲੋਕ ਇਨਸਾਫ਼ ਪਾਰਟੀ ਦਾ ਵਫ਼ਦ ਇਨ੍ਹਾਂ ਪੀੜਤ ਨੌਜਵਾਨਾਂ ਨੂੰ ਲੈ ਕੇ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਮਿਲੇਗਾ ਅਤੇ ਇਸ ਸਮੱਸਿਆ ਦਾ ਸਥਾਈ ਹੱਲ ਕੱਢਣ ਲਈ ਯੋਗ ਪੈਰਵੀ ਕੀਤੀ ਜਾਵੇਗੀ।
ਓਲਾ, ਉਬਰ ਕੈਬ ਯੂਨੀਅਨ ਦੇ ਪ੍ਰਧਾਨ ਸਤਿੰਦਰ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਦਾਖ਼ਲ ਹੋਣ ’ਤੇ ਉਨ੍ਹਾਂ ਦਾ 10 ਤੋਂ 15 ਹਜ਼ਾਰ ਰੁਪਏ ਦਾ ਚਲਾਨ ਕੱਟਿਆ ਜਾ ਰਿਹਾ ਹੈ। ਜਿਸ ਕਾਰਨ ਟੈਕਸੀ ਚਾਲਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਧਾਨੀ ਵਿੱਚ ਦਾਖ਼ਲ ਹੋਣ ਸਬੰਧੀ ਟੈਕਸ ਜਮ੍ਹਾ ਕਰਵਾਉਣਾ ਕੰਪਨੀ ਦੀ ਜ਼ਿੰਮੇਵਾਰੀ ਹੈ ਨਾ ਟੈਕਸੀ ਚਾਲਕਾਂ ਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੰਪਨੀਆਂ ਟੈਕਸ ਜਮ੍ਹਾ ਨਹੀਂ ਕਰਦੀਆਂ। ਉਦੋਂ ਤੱਕ ਉਨ੍ਹਾਂ ਉਹ ਆਪਣੇ ਵਾਹਨਾਂ ਦਾ ਚੱਕਾ ਜਾਮ ਰੱਖਣਗੇ। ਚਾਲਕਾਂ ਨੇ ਕਿਹਾ ਕਿ ਉਨ੍ਹਾਂ ਤੋਂ ਚੰਡੀਗੜ੍ਹ ਵਿੱਚ ਦਾਖ਼ਲ ਹੋਣ ’ਤੇ 10 ਤੋਂ 15 ਹਜ਼ਾਰ ਰੁਪਏ ਵਸੂਲੀ ਕਾਰਨ ਉਨ੍ਹਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਦੇ ਵਾਹਨਾਂ ਦੇ ਚਲਾਨ ਕੱਟਣ ਦੀ ਕਾਰਵਾਈ ਤੁਰੰਤ ਬੰਦ ਨਹੀਂ ਕੀਤੀ ਗਈ ਤਾਂ ਉਹ ਤਿੱਖਾ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…