
ਕਿਸਾਨ ਸੰਘਰਸ਼ ਲਈ ਲਾਮਬੰਦੀ: ਕਿਸਾਨਾਂ ਤੇ ਆਮ ਲੋਕਾਂ ਨੂੰ ਦਿੱਲੀ ਵੱਲ ਕੂਚ ਕਰਨ ਦਾ ਹੋਕਾ
ਵੱਖ-ਵੱਖ ਆਗੂਆਂ ਨੇ ਦੇਸ਼ ਦੇ ਹੁਕਮਰਾਨਾਂ ਤੇ ਕੇਂਦਰ ਸਰਕਾਰ ਨੂੰ ਰੱਜ ਕੇ ਕੋਸਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ:
ਕਿਸਾਨ ਵਿਰੋਧੀ ਖੇਤੀਬਾੜੀ ਸੈਕਟਰ ਨਾਲ ਜੁੜੇ ਤਿੰਨ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ’ਤੇ ਦਬਾਅ ਪਾਉਣ ਲਈ ਆਰ-ਪਾਰ ਦੀ ਲੜਾਈ ਲੜਨ ਲਈ ਕਮਰ ਕੱਸ ਲਈ ਹੈ, ਉੱਥੇ ਆਮ ਨਾਗਰਿਕ ਵੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨਾਂ ਦੇ ਹੱਕ ਵਿੱਚ ਅੱਗੇ ਆਉਣੇ ਸ਼ੁਰੂ ਹੋ ਗਏ ਹਨ। ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਨੇੜੇ ਲਾਲਬੱਤੀ ਚੌਕ ’ਤੇ ਸ਼ਹਿਰ ਦੇ ਧਾਰਮਿਕ, ਸਿਆਸੀ, ਸਮਾਜ ਸੇਵੀ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਰੋਸ ਮੁਜ਼ਾਹਰਾ ਕਰਦਿਆਂ ਦੇਸ਼ ਦੇ ਹੁਕਮਰਾਨਾਂ ਨੂੰ ਗੂੜੀ ਨੀਂਦ ਤੋਂ ਜਗਾਉਣ ਲਈ ਆਮ ਨਾਗਰਿਕਾਂ ਨੂੰ ਦਿੱਲੀ ਵੱਲ ਕੂਚ ਕਰਨ ਦਾ ਹੋਕਾ ਦਿੱਤਾ।
ਇਸ ਮੌਕੇ ਉੱਘੇ ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ, ਸਮਾਜ ਸੇਵੀ ਗਗਨਪ੍ਰੀਤ ਸਿੰਘ ਬੈਂਸ ਅਤੇ ਸੇਵਾਮੁਕਤ ਪੁਲੀਸ ਅਧਿਕਾਰੀ ਗੁਰਿੰਦਰ ਸਿੰਘ ਕੈਰੋਂ, ਪ੍ਰੋ. ਮੇਹਰ ਸਿੰਘ ਮੱਲ੍ਹੀ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਇਹ ਇਕੱਲੇ ਕਿਸਾਨਾਂ ਦੀ ਲੜਾਈ ਨਹੀਂ ਹੈ, ਸਗੋਂ ਇਹ ਸਾਰੇ ਵਰਗਾਂ ਦੇ ਲੋਕਾਂ ਦੀ ਲੜਾਈ ਹੈ ਅਤੇ ਇਨਸਾਫ਼ ਪ੍ਰਾਪਤੀ ਲਈ ਸਾਨੂੰ ਸਾਰਿਆਂ ਨੂੰ ਸਾਂਝੀ ਲੜਾਈ ਲੜਨੀ ਚਾਹੀਦੀ ਹੈ। ਉਨ੍ਹਾਂ ਖੇਤੀ ਸਬੰਧੀ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਇਹ ਕਾਨੂੰਨ ਰੱਦ ਨਹੀਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਬਜੁਰਗਾਂ ਅਤੇ ਬੀਬੀਆਂ ’ਤੇ ਲੀਠੀਚਾਰਜ ਕਰ ਰਹੀ ਹੈ ਅਤੇ ਅੱਥਰੂ ਗੈਸ ਦੇ ਗੋਲੇ ਅਤੇ ਜਲ ਤੋਪਾਂ ਨਾਲ ਹਮਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੀ ਸਾਬਕਾ ਚੇਅਰਪਰਸ਼ਨ ਦਲਜੀਤ ਕੌਰ ਕੰਗ, ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਕੁਲਜੀਤ ਸਿੰਘ ਬੇਦੀ, ਮਨਜੀਤ ਸਿੰਘ ਬੈਂਸ, ਮੋਹਨ ਸਿੰਘ, ਜਸਪਾਲ ਦਿਉਲ, ਆਰਪੀ ਸਿੰਘ, ਰਣਜੀਤ ਸਿੰਘ ਗਿੱਲ, ਪਰਮਜੀਤ ਸਿੰਘ ਪੰਮਾ, ਦਲੀਪ ਸਿੰਘ, ਰਾਜਬੀਰ ਕੌਰ ਗਿੱਲ, ਨਰਿੰਦਰ ਕੌਰ ਗਿੱਲ, ਦਵਿੰਦਰ ਕੌਰ, ਤੇਜਲੀਨ ਕੌਰ, ਅਮਰਜੀਤ ਸਿੰਘ ਅਤੇ ਸ਼ਹਿਰ ਦੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਇਨ੍ਹਾਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਸ਼ੁਰੂ ਤੋਂ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜ ਰਹੀ ਹੈ ਜਦੋਂਕਿ ਖੇਤੀ ਸਬੰਧੀ ਕਾਲੇ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਤਬਾਹ ਕਰਨ ’ਤੇ ਤੋਲੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਬਲਕਿ ਇਨਸਾਫ਼ ਪ੍ਰਾਪਤੀ ਲਈ ਆਰ-ਪਾਰ ਦੀ ਲੜਾਈ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰ ਰਿਹਾ ਹੈ ਪ੍ਰੰਤੂ ਹੁਕਮਰਾਨ ਕਿਸਾਨਾਂ ਨੂੰ ਉਜਾੜਨ ’ਤੇ ਲੱਗੇ ਹੋਏ ਹਨ।