ਮੁਹਾਲੀ ਤੋਂ ਪੰਜਾਬ ਭਵਨ ਤੱਕ ਰੋਸ ਮਾਰਚ ਲਈ ਕਿਸਾਨਾਂ ਤੇ ਨੌਜਵਾਨਾਂ ਦੀ ਲਾਮਬੰਦੀ

ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਖੇ ਇਕੱਠੇ ਹੋਣਗੇ ਪੰਜਾਬ ਭਰ ਕੇ ਕਿਸਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ:
ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਧੰਦੇ ਨੂੰ ਤਬਾਹ ਕਰਨ ਵਾਲੇ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਜੂਨ ਨੂੰ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਕਿਸਾਨ ਆਪੋ-ਆਪਣੇ ਰਾਜਾਂ ਦੇ ਰਾਜਪਾਲਾਂ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਂ ਲਿਖੇ ਮੰਗ ਪੱਤਰ ਦੇਣਗੇ। ਇਸ ਸਬੰਧੀ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਵੀ ਪੰਜਾਬ ਰਾਜ ਭਵਨ ਤੱਕ ਮੁਹਾਲੀ ਤੋਂ ਪੈਦਲ ਮਾਰਚ ਕੀਤਾ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਇੰਡੀਅਨ ਫਾਰਮਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਹਾਜ਼ਰਾਂ ਕਿਸਾਨ 26 ਜੂਨ ਨੂੰ ਸਵੇਰੇ 11 ਵਜੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਖੇ ਇਕੱਠੇ ਹੋਣਗੇ। ਇੱਥੇ ਖੇਤੀ ਕਾਨੂੰਨਾਂ ’ਤੇ ਚਰਚਾ ਕਰਨ ਮਗਰੋਂ ਦੁਪਹਿਰ 12 ਵਜੇ ਪੰਜਾਬ ਦੇ ਰਾਜ ਭਵਨ ਵੱਲ ਸ਼ਾਂਤਮਈ ਰੋਸ ਮਾਰਚ ਕੀਤਾ ਜਾਵੇਗਾ।
ਅਤੇ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਲਿਖਿਆ ਮੰਗ ਪੱਤਰ ਦਿੱਤਾ ਜਾਵੇਗਾ। ਇੰਜ ਹੀ ਹਰਿਆਣਾ ਦੇ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਰੋਸ ਮਾਰਚ ਕਰਕੇ ਹਰਿਆਣਾ ਦੇ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸਾਨਾਂ ਅਤੇ ਨੌਜਵਾਨਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ।
ਸ੍ਰੀ ਬਹਿਰੂ ਨੇ ਦੱਸਿਆ ਕਿ ਪਿਛਲੇ 7 ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੇ ਇਤਿਹਾਸਕ ਮੱਲਾਂ ਮਾਰੀਆਂ ਹਨ ਅਤੇ ਪੂਰੇ ਸੰਸਾਰ ਦੇ ਲੋਕ ਸ਼ਾਂਤਮਈ ਕਿਸਾਨ ਅੰਦੋਲਨ ਦੀ ਪ੍ਰਸੰਸਾ ਕਰ ਰਹੇ ਹਨ ਪਰ ਭਾਰਤ ਦੇ ਹੈਂਕੜਬਾਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਮੁੱਚੀ ਕੇਂਦਰੀ ਕੈਬਨਿਟ ਅਤੇ ਭਾਜਪਾ ਲੀਡਰਸ਼ਿਪ ਅੰਦੋਲਨਕਾਰੀ ਕਿਸਾਨਾਂ ਦੀ ਗੱਲ ਸੁਣ ਦੀ ਬਜਾਏ ਕੋਝੇ ਹੱਥ ਕੰਡੇ ਵਰਤ ਕੇ ਕਿਸਾਨਾਂ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੇ ਹਨ।
ਸ੍ਰੀ ਬਹਿਰੂ ਨੇ ਦੱਸਿਆ ਕਿ ਪੋਹ ਮਾਘ ਦੀਆਂ ਠੰਡੀਆਂ ਰਾਤਾਂ ਅਤੇ ਮੀਂਹ ਝੱਖੜ ਦਾ ਕਿਸਾਨਾਂ ਨੇ ਡਟ ਕੇ ਸਾਹਮਣਾ ਕੀਤਾ ਹੈ ਅਤੇ ਹੁਣ ਜੇਠ ਹਾੜ ਦੀਆਂ ਤਪਦੀਆਂ ਧੁੱਪਾਂ ਤੋਂ ਬਚਾਅ ਲਈ ਕਿਸਾਨਾਂ ਨੇ ਖੁੱਲੇ ਹਵਾਂਦਾਰ ਕਿਸਾਨ ਰਹਿਣ ਬਸੇਰੇ ਬਣਾ ਕੇ ਆਪਣੇ ਪਿਤਾਪੁਰਖੀ ਖੇਤੀ ਕਾਰੋਬਾਰ ਨੂੰ ਬਚਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਲੱਖਾਂ ਕਿਸਾਨ ਡਟੇ ਹੋਏ ਹਨ। ਜਿਨ੍ਹਾਂ ਵਿੱਚ ਬੀਬੀਆਂ ਅਤੇ ਬੱਚੇ ਵੀ ਸ਼ਾਮਲ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਮੋਦੀ ਸ਼ਾਹ ਦੀ ਜੁੰਡਲੀ ਨੇ ਜ਼ਿੱਦ ਛੱਡ ਕੇ ਕਾਲੇ ਖੇਤ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਭਾਜਪਾ ਖ਼ਿਲਾਫ਼ ਵੋਟ ਦੀ ਚੋਟ ਮਾਰਨ ਤੋਂ ਪਿੱਛੇ ਨਹੀਂ ਹਟਣਗੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …