Nabaz-e-punjab.com

ਪਿੰਡ ਮੌਲੀ ਬੈਦਵਾਨ ਵਿੱਚ ਆਧੁਨਿਕ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ: ਸਿੱਧੂ

25 ਲੱਖ ਰੁਪਏ ਦੀ ਲਾਗਤ ਨਾਲ ਟੋਭੇ ਦੀ ਚਾਰਦੀਵਾਰੀ ਤੇ ਬਾਲਮੀਕ ਧਰਮਸ਼ਾਲਾ ਦੀ ਉਸਾਰੀ ਦਾ ਕੰਮ ਜਲਦੀ ਸ਼ੁਰੂ ਹੋਵੇਗਾ

ਪਿੰਡ ਨੇੜਿਓ ਲੰਘਦੇ ਐਨ-ਚੋਅ ਦੇ ਕਿਨਾਰਿਆਂ ਨੂੰ ਪੱਕਾ ਤੇ ਮਜ਼ਬੂਤ ਕਰਨ ਲਈ 16 ਲੱਖ ਰੁਪਏ ਖਰਚੇ ਜਾਣਗੇ

ਸਰਬਸੰਮਤੀ ਨਾਲ ਚੁਣੀ ਗਈ ਪਿੰਡ ਮੌਲੀ ਬੈਦਵਾਨ ਦੀ ਪੰਚਾਇਤ ਨੂੰ ਸਿੱਧੂ ਨੇ ਗਰਾਂਟਾਂ ਦੇ ਰੂਪ ਵਿੱਚ ਦਿੱਤਾ ਵੱਡਾ ਤੋਹਫਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ:
ਮੁਹਾਲੀ ਹਲਕੇ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਕੇ ਉਨ੍ਹਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪਿੰਡ ਮੌਲੀ ਬੈਦਵਾਣ ਦੀ ਕਾਇਆ ਕਲਪ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਪਿੰਡ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਪਿੰਡ ਪੁੱਜ ਕੇ ਵਧਾਈ ਦਿੱਤੀ। ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੀ ਮੌਜੂਦ ਸਨ।
ਸ੍ਰੀ ਸਿੱਧੂ ਨੇ ਸਮਾਗਮ ਮੌਕੇ ਪਿੰਡ ਦੀ ਨਵੇਂ ਸਾਲ ’ਚ ਨਵੀਂ ਚੁਣੀ ਸਰਬਸੰਮਤੀ ਨਾਲ ਪੰਚਾਇਤ ਨੂੰ ਗਰਾਂਟਾਂ ਦੇ ਰੂਪ ਵਿੱਚ ਦਿੱਤਾ ਵੱਡਾ ਤੋਹਫਾ ਦਿੰਦਿਆਂ ਕਿਹਾ ਕਿ ਇਸ ਪਿੰਡ ਦੇ ਵਿਕਾਸ ਕੰਮਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ 25 ਲੱਖ ਰੁਪਏ ਦੀ ਪਿੰਡ ਨੂੰ ਦਿੱਤੀ ਗਰਾਂਟ ਨਾਲ ਟੋਭੇ ਦੀ ਚਾਰਦੀਵਾਰੀ ਅਤੇ ਬਾਲਮੀਕੀ ਧਰਮਸ਼ਾਲਾ ਦੀ ਉਸਾਰੀ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਦੇ ਨਾਲ ਲੰਘਦੇ ਐਨ-ਚੋਅ ਦੇ ਕਿਨਾਰਿਆਂ ਨੂੰ ਮਜ਼ਬੂਤ ਅਤੇ ਪੱਥਰਾਂ ਨਾਲ ਪੱਕਾ ਕਰਨ ਤੇ 15 ਲੱਖ 67 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ ਤਾਂ ਜੋ ਬਰਸਾਤ ਦੇ ਦਿਨਾਂ ਵਿਚ ਐਨ-ਚੋਅ ’ਚੋਂ ਲੰਘਣ ਵਾਲਾ ਪਾਣੀ ਪਿੰਡ ਦਾ ਕਿਸੇ ਕਿਸਮ ਦਾ ਨੁਕਸਾਨ ਨਾ ਕਰ ਸਕੇ ਅਤੇ ਪਿੰਡ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡ ਦੀ ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ 7 ਲੱਖ ਰੁਪਏ ਦੀ ਪਿੰਡ ਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਗਰਾਂਟ ਵੀ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਮੌਲੀ ਬੈਦਵਾਣ ਦੀ ਸਰਬਸੰਮਤੀ ਨਾਲ ਚੁਣੀ ਪੰਚਾਇਤ ਜਿਸ ਵਿੱਚ ਸਰਪੰਚ ਬਾਲ ਕ੍ਰਿਸ਼ਨ ਗੋਇਲ, ਪੰਚ ਬਚਿੱਤਰ ਸਿੰਘ, ਕਰਮਜੀਤ ਕੌਰ, ਬਲਜੀਤ ਕੌਰ, ਕਾਂਤਾ ਦੇਵੀ, ਗੁਰਬਾਜ਼ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਭਗਤ ਸਿੰਘ ਨਾਮਧਾਰੀ, ਅਮਰਜੀਤ ਸਿੰਘ ਜੀਤੀ ਸਿੱਧੂ, ਨੰਬਰਦਾਰ ਬਲਜਿੰਦਰ ਸਿੰਘ, ਹਰਜਸ ਸਿੰਘ, ਇੰਦਰਜੀਤ ਸ਼ਰਮਾ, ਊਧਮ ਸਿੰਘ, ਸਰਬਜੀਤ ਸਿੰਘ, ਜਸਵੰਤ ਸਿੰਘ, ਕਮਲਜੀਤ ਸਿੰਘ, ਰਵਿੰਦਰ ਸਿੰਘ, ਨਿਰਮਲ ਸਿੰਘ, ਬੂਟਾ ਸਿੰਘ ਸੋਹਾਣਾ ਸਮੇਤ ਪਿੰਡ ਦੇ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …