ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨਾਲ ਮੋਦੀ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਹੋਇਆ ਬੇਨਕਾਬ: ਸਿੱਧੂ

ਕੈਬਨਿਟ ਮੰਤਰੀ ਸਿੱਧੂ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਇਲਾਕੇ ਦੇ ਲੋਕਾਂ ਤੇ ਕਾਂਗਰਸੀ ਵਰਕਰਾਂ ਨੇ ਕੈਬਨਿਟ ਮੰਤਰੀ ਸਿੱਧੂ ਦੀ ਅਗਵਾਈ ਵਿੱਚ ਡੀਸੀ ਨੂੰ ਸੌਂਪਿਆ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਈ:
ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਦੇਸ਼ ਵਾਸੀਆਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਕੇ ਪਹਿਲਾਂ ਹੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਇਹ ਗੱਲ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲਕੈਸ ਵਿਖੇ ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਆਖੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰੰਗ ਵੀ ਹਾਜ਼ਰ ਸਨ। ਸ੍ਰੀ ਸਿੱਧੂੁ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਤੇਲ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ ਗਈ।
ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਸੰਨ 2012 ਵਿੱਚ ਜਦੋਂ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ 104.09 ਡਾਲਰ ਪ੍ਰਤੀ ਬੈਰਲ ਸੀ ਤਾਂ ਮਨਮੋਹਨ ਸਿੰਘ ਸਰਕਾਰ ਦੇਸ਼ ਵਾਸੀਆਂ ਨੂੰ ਡੀਜ਼ਲ 40.91 ਰੁਪਏ ਅਤੇ ਪੈਟਰੋਲ 73.18 ਰੁਪਏ ਪ੍ਰਤੀ ਲੀਟਰ ਮੁਹੱਈਆ ਕਰਵਾ ਰਹੀ ਸੀ ਅਤੇ ਹੁਣ ਕੇਂਦਰ ਵਿਚਲੀ ਮੋਦੀ ਸਰਕਾਰ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਸਿਰਫ਼ 67.50 ਡਾਲਰ ਪ੍ਰਤੀ ਬੈਰਲ ਹੋਣ ਦੇ ਬਾਵਜੂਦ ਡੀਜ਼ਲ 69 ਰੁਪਏ ਅਤੇ ਪੈਟਰੋਲ 78 ਰੁਪਏ ਪ੍ਰਤੀ ਲੀਟਰ ਮੁਹੱਈਆ ਕਰਵਾ ਰਹੀ ਹੈ। ਇਸ ਤੋਂ ਇਲਾਵਾ ਸੰਨ 2004 ਵਿੱਚ ਜਦੋਂ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ 35.54 ਡਾਲਰ ਸੀ ਤਾਂ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਡੀਜ਼ਲ 22.74 ਰੁਪਏ ਅਤੇ ਪੈਟਰੋਲ 35.71 ਰੁਪਏ ਪ੍ਰਤੀ ਲੀਟਰ ਮੁਹੱਈਆ ਕਰਵਾ ਰਹੀ ਸੀ। ਦੂਜੇ ਬੰਨੇ ਜਦੋਂ ਫਰਵਰੀ 2016 ਵਿੱਚ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਡਿੱਗ ਕੇ 31.03 ਡਾਲਰ ਪ੍ਰਤੀ ਬੈਰਲ ਰਹਿ ਗਈਆਂ ਤਾਂ ਵੀ ਮੋਦੀ ਸਰਕਾਰ ਨੇ ਦੇਸ਼ ਵਾਸੀਆਂ ਨੂੰ ਡੀਜ਼ਲ 44.96 ਅਤੇ ਪੈਟਰੋਲ 59.95 ਰੁਪਏ ਲੀਟਰ ਖ਼ਰੀਦਣ ਲਈ ਮਜਬੂਰ ਕੀਤਾ।
ਉਨ੍ਹਾਂ ਕਿਹਾ ਕਿ ਜਦੋਂ ਭਾਜਪਾ ਵਿਰੋਧੀ ਧਿਰ ਸੀ ਤਾਂ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਸੰਘਰਸ਼ ਕਰਦੀ ਹੁੰਦੀ ਸੀ ਪਰ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇਸ਼ ਨੂੰ ਚਲਾ ਰਹੀ ਹੈ ਤਾਂ ਫਿਰ ਲੋਕਾਂ ਨੂੰ ਮਹਿੰਗੇ ਭਾਅ ਤੇਲ ਕਿਉਂ ਖ਼ਰੀਦਣਾ ਪੈ ਰਿਹਾ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਹੋਣ ਦੀ ਥਾ ਵੱਧਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਰ ਵੇਲੇ ਦੇਸ਼ ਵਾਸੀਆਂ ਦੇ ਹੱਕ ਵਿੱਚ ਖੜ੍ਹੀ ਹੈ ਤੇ ਲੋਕਾਂ ਨਾਲ ਕਿਸੇ ਵੀ ਕਿਸਮ ਦੀ ਵਧੀਕੀ ਦਾ ਡੱਟ ਕੇ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਆਪਣੇ ਚੋਣ ਵਾਅਦੇ ਯਾਦ ਕਰਨੇ ਚਾਹੀਦੇ ਹਨ। ਇਸ ਮੌਕੇ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਕੌਰ, ਗੁਰਚਰਨ ਸਿੰਘ ਭੰਵਰਾ, ਮੋਹਨ ਸਿੰਘ ਬਠਲਾਣਾ, ਵਕੀਲ ਕੰਵਰਬੀਰ ਸਿੰਘ ਸਿੱਧੂ, ਅਜਾਇਬ ਸਿੰਘ ਬਾਕਰਪੁਰ ਸਮੇਤ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…