Nabaz-e-punjab.com

ਦੇਸ਼ ਦੇ ਲੋਕ ਹੁਣ ਮੋਦੀ ਦੀ ਜੁਮਲੇਬਾਜੀ ਵਿਚ ਨਹੀਂ ਫਸਣਗੇ: ਭਗਵੰਤ ਮਾਨ

ਮੋਦੀ ਇੰਟਰਵਿਊ-ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਦਾ ਰਾਜਨੀਤਿਕ ਸਟੰਟ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 2 ਜਨਵਰੀ:
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਏਐਨਆਈ ਨੂੰ ਦਿੱਤੀ 95 ਮਿੰਟ ਦੀ ਇੰਟਰਵਿਊ ਨੂੰ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਅਤੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਤੋਂ ਧਿਆਨ ਹਟਾਉਣ ਦਾ ਕਾਰਜ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਵਿਚ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ‘ਪ੍ਰਧਾਨ ਸੇਵਕ’ ਦੁਆਰਾ ਦਿੱਤੀ ਗਈ ਇੰਟਰਵਿਊ ਪਿਛਲੇ 5 ਸਾਲਾਂ ਦੌਰਾਨ ਸਰਕਾਰ ਦੁਆਰਾ ਗ਼ਲਤ ਢੰਗ ਨਾਲ ਲਏ ਗਏ ਫ਼ੈਸਲਿਆਂ ਉੱਤੇ ਪਰਦਾ ਪਾਉਣ ਦਾ ਕਾਰਜ ਮਾਤਰ ਸੀ। ਮਾਨ ਨੇ ਕਿਹਾ ਕਿ ਮੋਦੀ ਨੇ ਆਪਣੀ ਇੰਟਰਵਿਊ ਦੌਰਾਨ ਖ਼ੁਦ ਮੰਨਿਆ ਹੈ ਕਿ ਹੋਰ ਲੋਕਾਂ ਦੁਆਰਾ ਕਹੀ ਜਾ ਰਹੀ ਗੱਲ ਕਿ ਇਸ ਸਮੇਂ ਕੇਂਦਰ ਸਰਕਾਰ ਨੂੰ ਢਾਈ ਬੰਦੇ (ਮੋਦੀ, ਸ਼ਾਹ ਅਤੇ ਅੱਧਾ ਜੇਤਲੀ) ਹੀ ਚਲਾ ਰਹੇ ਹਨ, ਸੱਚ ਹੈ।
ਮਾਨ ਨੇ ਕਿਹਾ ਕਿ ਸਰਕਾਰ ਦੇ ਗਠਨ ਤੋਂ ਬਾਅਦ ਕੈਬਿਨੇਟ ਦੀ ਹੋਈ ਪਹਿਲੀ ਮੀਟਿੰਗ ਦੇ ਦੌਰਾਨ ਕਿਸਾਨ ਕਰਜ਼ੇ ਨੂੰ ਮੁਆਫ਼ੀ ਕਰਨ ਸੰਬੰਧੀ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਸੰਬੰਧੀ ਚਰਚਾ ਹੋਈ ਸੀ ਪਰੰਤੂ ਉਸ ਤੋਂ ਪਿੱਛੋਂ ਇਸ ਉੱਤੇ ਕਦੇ ਕੋਈ ਗੱਲ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀ ਹਾਲਤ ਸੁਧਾਰਨ ਅਤੇ ਖੇਤੀ ਦੇ ਨਾਲ ਹੋਰ ਲਾਹੇਵੰਦ ਧੰਦੇ ਦੇਣ ਵੱਲ ਕੋਈ ਧਿਆਨ ਨਹੀਂ ਦਿੱਤਾ। ਜਿਸ ਕਾਰਨ ਦੇਸ਼ ਦੇ ਕਿਸਾਨਾਂ ਦੀ ਹਾਲਤ ਦਿਨੋਂ ਦਿਨ ਨਿੱਘਰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਕਿਸਾਨ ਵਿਰੋਧੀ ਨੀਤੀਆਂ ਅਖ਼ਤਿਆਰ ਕਰਨ ਕਾਰਨ ਕਰਜ਼ੇ ਵਿਚ ਫਸੇ ਕਿਸਾਨ ਆਤਮ ਹੱਤਿਆ ਕਰਨ ਲਈ ਮਜਬੂਰ ਹੋ ਰਹੇ ਹਨ।
ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਭਗਵਾ ਸਰਕਾਰ ਚੋਣਾਂ ਤੋਂ ਪਹਿਲਾਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੇ ਵਾਅਦੇ ਤੋਂ ਵੀ ਮੁੱਕਰੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਾਂਗ ਹੀ ਮੋਦੀ ਦਾ ਕਿਸਾਨਾਂ ਨੂੰ ਉਨ੍ਹਾਂ ਦੀ ਲਾਗਤ ਤੋਂ ਡੇਢ ਗੁਣਾ ਮੁਨਾਫ਼ਾ ਦੇਣਾ ਵੀ ਚੋਣ ਜੁਮਲਾ ਹੀ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਹੀ ਮੋਦੀ ਹੁਣ ਲੋਕਾਂ ਅਤੇ ਮੀਡੀਆ ਦੇ ਸਵਾਲਾਂ ਤੋਂ ਭੱਜ ਰਹੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ‘ਰੈਲੀ ਪ੍ਰਧਾਨ ਮੰਤਰੀ’ ਕਰਾਰ ਦਿੱਤਾ।
ਮਾਨ ਨੇ ਕਿਹਾ ਕਿ ਰੋਜ਼ਗਾਰ ਦੇ ਮੁੱਦੇ ‘ਤੇ ਮੋਦੀ ਸਰਕਾਰ ਸੰਪੂਰਨ ਤੌਰ ਦੇ ਫ਼ੇਲ੍ਹ ਹੋਈ ਹੈ ਅਤੇ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕੋਲ ਨੌਜਵਾਨਾਂ ਨੂੰ ਦਿੱਤੇ ਜਾਣ ਵਾਲੇ ਰੋਜ਼ਗਾਰ ਪ੍ਰਤੀ ਨਾ ਤਾਂ ਨੀਅਤ ਅਤੇ ਨਾ ਹੀ ਕੋਈ ਨੀਤੀ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਹੀ ਸਰਕਾਰ ਰੋਜ਼ਗਾਰ ਸੰਬੰਧੀ ਅੰਕੜਿਆਂ ਨੂੰ ਵੀ ਤੋੜ ਮਰੋੜ ਕੇ ਪੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਦਾ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਵੀ ਜੁਮਲਾ ਹੀ ਸੀ।
ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੁਆਰਾ ਕਾਲੇ ਧਨ ਨੂੰ ਵਾਪਸ ਲਿਆਉਣ ਦੇ ਬਹਾਨੇ ਨਾਲ ਕੀਤੀ ਗਈ ਨੋਟ ਬੰਦੀ ਮੂਰਖਤਾਪੂਰਨ ਅਤੇ ਜਲਦਬਾਜ਼ੀ ਵਿਚ ਲਿਆ ਗਿਆ ਫ਼ੈਸਲਾ ਸੀ ਜਿਸ ਕਾਰਨ ਦੇਸ਼ ਦੇ ਨਾਗਰਿਕਾਂ ਨੂੰ ਬੇਅੰਤ ਕਠਨਾਈਆਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਨੋਟ ਬੰਦੀ ਦੇ ਪਰਦੇ ਪਿੱਛੇ ਮੋਦੀ ਨੇ ਆਪਣੇ ਚਹੇਤੇ ਲੋਕਾਂ ਦੇ ਕਾਲੇ ਧਨ ਨੂੰ ਸਫ਼ੇਦ ਕਰਨ ਦਾ ਕਾਰਜ ਕੀਤਾ ਹੈ। ਮਾਨ ਨੇ ਕਿਹਾ ਕਿ ਨੋਟ ਬੰਦੀ ਵਾਂਗ ਜੀਐਸਟੀ ਵੀ ਆਮ ਲੋਕਾਂ ਨੂੰ ਫ਼ਾਇਦਾ ਪਹੁੰਚਾਉਣ ਦੀ ਥਾਂ ਪ੍ਰਾਈਵੇਟ ਕੰਪਨੀਆਂ ਨੂੰ ਹੀ ਫ਼ਾਇਦਾ ਪਹੁੰਚਾ ਰਿਹਾ ਹੈ।
ਮੋਦੀ ਸਰਕਾਰ ਦੁਆਰਾ ਲੋਕਾਂ ਨੂੰ ਧਰਮ, ਜਾਤ ਅਤੇ ਭਾਸ਼ਾ ਦੇ ਆਧਾਰ ‘ਤੇ ਵੰਡਣ ‘ਤੇ ਵਾਰ ਕਰਦਿਆਂ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਲੋਕਾਂ ਨੂੰ ਲੜਾ ਕੇ ਸੱਤਾ ਹਾਸਿਲ ਕਰਨ ਦੀ ਫ਼ਿਰਾਕ ਵਿਚ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਹੁਣ ਮੋਦੀ ਦੀਆਂ ਚਾਲਾਂ ਤੋਂ ਜਾਣੂ ਹੋ ਚੁੱਕੇ ਹਨ ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਮੋਦੀ ਦਾ ਬੋਰੀ ਬਿਸਤਰਾ ਗੋਲ ਕਰ ਦੇਣਗੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕਈ ਸੂਬਿਆਂ ਵਿਚ ਹੋਈਆਂ ਚੋਣਾਂ ਵਿਚ ਭਾਜਪਾ ਦੀ ਹਾਰ ਦਰਸਾਉਂਦੀ ਹੈ ਕਿ ਲੋਕ ਮੋਦੀ ਸਰਕਾਰ ਤੋਂ ਖ਼ਫ਼ਾ ਹਨ।
ਮਾਨ ਨੇ ਕਿਹਾ ਕਿ ਮੋਦੀ ਦੁਆਰਾ ਦਿੱਤੀ ਗਈ ਇਹ ਇੰਟਰਵਿਊ ਪਹਿਲਾਂ ਤੋਂ ਹੀ ਨਿਰਧਾਰਿਤ ਸੀ ਅਤੇ ਮੋਦੀ ਦੁਆਰਾ ਖ਼ੁਦ ਹੀ ਸਵਾਲ ਅਤੇ ਖ਼ੁਦ ਹੀ ਜਵਾਬ ਬਣਾਏ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਨੂੰ ਪਿਛਲੇ 5 ਸਾਲਾਂ ਵਿਚ ਕੀਤੇ ਗਏ ਕੰਮਾਂ ਉੱਤੇ ਮਾਨ ਹੈ ਤਾਂ ਉਹ ਸਾਹਮਣੇ ਆ ਕੇ ਲੋਕਾਂ ਦੇ ਅਤੇ ਮੀਡੀਆ ਦੇ ਸਵਾਲਾਂ ਦੇ ਸਾਹਮਣਾ ਕਰਨ ਨਾ ਕਿ ਆਪਣੇ ਖ਼ਾਸ ਪੱਤਰਕਾਰ ਨੂੰ ਇੰਟਰਵਿਊ ਦੇਣ। ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੇ ਦੌਰਾਨ ਸਾਰੀਆਂ ਸੰਵਿਧਾਨਿਕ ਸੰਸਥਾਵਾਂ ਚੋਣ ਕਮਿਸ਼ਨ, ਆਰਬੀਆਈ, ਸੀਬੀਆਈ ਅਤੇ ਇੱਥੋਂ ਤੱਕ ਕਿ ਸੁਪਰੀਮ ਕੋਰਟ ਦਾ ਵੀ ਭਗਵਾ ਕਰਨ ਕਰਨ ਦਾ ਯਤਨ ਕੀਤਾ ਗਿਆ ਹੈ।
ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵੀ ਮੋਦੀ ਵਾਂਗ ਸੂਬੇ ਦੇ ਲੋਕਾਂ ਨਾਲ ਧੋਖਾ ਕਰਦਿਆਂ ਕਿਸਾਨਾਂ, ਖੇਤ ਮਜ਼ਦੂਰਾਂ, ਨੌਜਵਾਨਾਂ ਅਤੇ ਹੋਰ ਸਾਰੇ ਵਰਗਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…