nabaz-e-punjab.com

ਮੋਗਾ ਸੈਕਸ ਸਕੈਂਡਲ: ਤਤਕਾਲੀ ਐੱਸਐੱਸਪੀ ਤੇ ਐਸਪੀ, ਦੋ ਸਾਬਕਾ ਐਸਐਚਓ ਦੋਸ਼ੀ ਕਰਾਰ

ਸੀਬੀਆਈ ਅਦਾਲਤ ਮੁਹਾਲੀ ਵੱਲੋਂ ਦੋਸ਼ੀਆਂ ਨੂੰ 4 ਅਪਰੈਲ ਨੂੰ ਸੁਣਾਈ ਜਾਵੇਗੀ ਸਜ਼ਾ

ਸਾਬਕਾ ਅਕਾਲੀ ਮੰਤਰੀ ਜਥੇਦਾਰ ਤੋਤਾ ਸਿੰਘ ਦਾ ਪੁੱਤਰ ਮੱਖਣ ਬਰਾੜ ਅਤੇ ਸੁਖਰਾਜ ਸਿੰਘ ਨੂੰ ਬਰੀ ਕੀਤਾ

ਨਬਜ਼-ਏ-ਪੰਜਾਬ, ਮੁਹਾਲੀ, 29 ਮਾਰਚ:
ਮੁਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਬਹੁਚਰਚਿਤ ਮੋਗਾ ਸੈਕਸ ਸਕੈਂਡਲ ਦੇ ਕਰੀਬ ਡੇਢ ਦਹਾਕੇ ਪੁਰਾਣੇ ਮਾਮਲੇ ਦਾ ਨਿਬੇੜਾ ਕਰਦਿਆਂ ਮੋਗਾ ਦੇ ਤਤਕਾਲੀ ਐੱਸਐੱਸਪੀ ਦਵਿੰਦਰ ਸਿੰਘ ਗਰਚਾ, ਤਤਕਾਲੀ ਐਸਪੀ (ਐੱਚ) ਪਰਮਦੀਪ ਸਿੰਘ ਸੰਧੂ ਸਮੇਤ ਮੋਗਾ ਸਿਟੀ ਥਾਣੇ ਦੇ ਦੋ ਸਾਬਕਾ ਐਸਐਚਓਜ਼ ਰਮਨ ਕੁਮਾਰ ਅਤੇ ਇੰਸਪੈਕਟਰ ਅਮਰਜੀਤ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਪੁਲੀਸ ਅਫ਼ਸਰਾਂ ਨੂੰ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਦਾ ਦੋਸ਼ੀ ਪਾਇਆ ਗਿਆ ਹੈ। ਦੋਸ਼ੀਆਂ ਨੂੰ ਚਾਰ ਅਪਰੈਲ ਨੂੰ ਸਜ਼ਾ ਸੁਣਾਈ ਜਾਵੇਗੀ। ਜਦੋਂਕਿ ਇਸ ਮਾਮਲੇ ਵਿੱਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਉਰਫ਼ ਮੱਖਣ ਬਰਾੜ ਅਤੇ ਸੁਖਰਾਜ ਸਿੰਘ ਨੂੰ ਸਾਰੇ ਦੋਸ਼ਾਂ ਤੋਂ ਬਰੀ ਕੀਤਾ ਗਿਆ ਹੈ। ਇੱਕ ਮਹਿਲਾ ਮੁਲਜ਼ਮ ਮਨਜੀਤ ਕੌਰ ਦੀ ਕੇਸ ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ। ਅਦਾਲਤ ਵਿੱਚ ਇਸ ਕੇਸ ਦੀ ਪੈਰਵੀ ਸੀਬੀਆਈ ਦੇ ਸਰਕਾਰੀ ਵਕੀਲ ਅਨਮੋਲ ਨਾਰੰਗ ਨੇ ਕੀਤੀ।
ਸੀਬੀਆਈ ਅਦਾਲਤ ਨੇ ਸਾਬਕਾ ਪੁਲੀਸ ਅਫ਼ਸਰਾਂ ਦਵਿੰਦਰ ਸਿੰਘ ਗਰਚਾ ਅਤੇ ਪਰਮਦੀਪ ਸਿੰਘ ਸੰਧੂ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀ ਧਾਰਾ ਦਾ ਦੋਸ਼ੀ ਪਾਇਆ ਗਿਆ ਹੈ ਜਦੋਂਕਿ ਦੋਵੇਂ ਤਤਕਾਲੀ ਐਸਐਚਓਜ਼ ਰਮਨ ਕੁਮਾਰ ਅਤੇ ਅਮਰਜੀਤ ਸਿੰਘ ਨੂੰ ਭ੍ਰਿਸ਼ਟਾਚਾਰ ਐਕਟ ਅਤੇ ਧਾਰਾ 384 ਦੇ ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਇੰਸਪੈਕਟਰ ਅਮਰਜੀਤ ਸਿੰਘ ਨੂੰ ਆਈਪੀਸੀ ਦੀ ਧਾਰਾ 511 ਤਹਿਤ ਵੀ ਦੋਸ਼ੀ ਪਾਇਆ ਗਿਆ ਹੈ।
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਸੀਬੀਆਈ ਨੇ 11 ਦਸੰਬਰ 2007 ਨੂੰ ਪਰਚਾ ਦਰਜ ਕੀਤਾ ਸੀ। ਅਦਾਲਤ ਨੇ ਸਿਆਸੀ ਅਤੇ ਪ੍ਰਸ਼ਾਸਨਿਕ ਦਬਾਅ ਦਾ ਹਵਾਲਾ ਦਿੰਦੇ ਹੋਏ ਪੰਜਾਬ ਪੁਲੀਸ ਦੀ ਨਿਰਪੱਖ ਜਾਂਚ ਕਰਨ ਦੀ ਯੋਗਤਾ ’ਤੇ ਚਿੰਤਾ ਜਤਾਈ। ਇਸ ਮਗਰੋਂ ਸੀਬੀਆਈ ਨੇ ਪੀਸੀ ਐਕਟ ਦੇ ਨਾਲ-ਨਾਲ ਆਈਪੀਸੀ ਦੀ ਧਾਰਾ 384, 211 ਅਤੇ 120-ਬੀ ਦੇ ਤਹਿਤ ਐਫ਼ਆਈਆਰ ਦਰਜ ਕੀਤੀ ਗਈ।
ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਕਿ ਤਤਕਾਲੀ ਐੱਸਐੱਸਪੀ ਦਵਿੰਦਰ ਸਿੰਘ ਗਰਚਾ, ਐਸਪੀ ਪਰਮਦੀਪ ਸਿੰਘ ਸੰਧੂ, ਸਾਬਕਾ ਐਸਐਚਓ ਅਮਰਜੀਤ ਸਿੰਘ ਤੇ ਰਮਨ ਕੁਮਾਰ ਨੇ ਸਰਕਾਰੀ ਅਧਿਕਾਰੀ ਹੋਣ ਦੇ ਨਾਤੇ ਅਕਾਲੀ ਆਗੂ ਬਰਜਿੰਦਰ ਸਿੰਘ ਉਰਫ਼ ਮੱਖਣ ਬਰਾੜ ਅਤੇ ਹੋਰਨਾਂ ਨਾਲ ਮਿਲ ਕੇ ਗੈਰਕਾਨੂੰਨੀ ਵਿੱਤੀ ਲਾਭ ਪ੍ਰਾਪਤ ਕਰਨ ਦੀ ਸਾਜ਼ਿਸ਼ ਰਚੀ ਸੀ। ਉਨ੍ਹਾਂ ਨੇ ਕਥਿਤ ਤੌਰ ’ਤੇ ਝੂਠੇ ਪਰਚੇ ਦਰਜ ਕੀਤੇ ਅਤੇ ਬੇਕਸੂਰ ਵਿਅਕਤੀਆਂ ਨੂੰ ਇਨ੍ਹਾਂ ਕੇਸਾਂ ਤੋਂ ਬਾਹਰ ਕੱਢਣ ਲਈ ਰਿਸ਼ਵਤਾਂ ਮੰਗੀਆਂ ਗਈਆਂ। ਇਸ ਸਾਜ਼ਿਸ਼ ਵਿੱਚ ਕਥਿਤ ਤੌਰ ’ਤੇ ਸ਼ਿਕਾਇਤਕਰਤਾ ਮਨਪ੍ਰੀਤ ਕੌਰ ਨੇ ਝੂਠੇ ਹਲਫ਼ਨਾਮੇ ਦੀ ਵਰਤੋਂ ਕਰਨਾ ਵੀ ਸ਼ਾਮਲ ਸੀ।

Load More Related Articles
Load More By Nabaz-e-Punjab
Load More In General News

Check Also

ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ

ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ ਹਰਜੋਤ ਬੈਂਸ ਨੇ ਫੇਜ਼-11 ਸਕੂਲ ਵਿੱਚ …