
ਮੋਗਾ ਸੈਕਸ ਸਕੈਂਡਲ: ਦੋਸ਼ੀਆਂ ਨੂੰ ਹੁਣ ਸੋਮਵਾਰ ਨੂੰ ਸੁਣਾਈ ਜਾਵੇਗੀ ਸਜ਼ਾ
ਨਬਜ਼-ਏ-ਪੰਜਾਬ, ਮੁਹਾਲੀ, 4 ਅਪਰੈਲ:
ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਬਹੁਚਰਚਿਤ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਮੋਗਾ ਦੇ ਤਤਕਾਲੀ ਐੱਸਐੱਸਪੀ ਦਵਿੰਦਰ ਸਿੰਘ ਗਰਚਾ, ਤਤਕਾਲੀ ਐਸਪੀ (ਐੱਚ) ਪਰਮਦੀਪ ਸਿੰਘ ਸੰਧੂ ਸਮੇਤ ਮੋਗਾ ਸਿਟੀ ਥਾਣੇ ਦੇ ਦੋ ਸਾਬਕਾ ਐਸਐਚਓਜ਼ ਰਮਨ ਕੁਮਾਰ ਅਤੇ ਇੰਸਪੈਕਟਰ ਅਮਰਜੀਤ ਸਿੰਘ ਨੂੰ ਹੁਣ ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਪੁਲੀਸ ਅਫ਼ਸਰਾਂ ਨੂੰ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਦਾ ਦੋਸ਼ੀ ਪਾਇਆ ਗਿਆ ਹੈ। ਸੀਬੀਆਈ ਅਦਾਲਤ ਵੱਲੋਂ ਪੁਲੀਸ ਅਧਿਕਾਰੀਆਂ ਨੂੰ ਬੀਤੀ 29 ਮਾਰਚ ਨੂੰ ਦੋਸ਼ੀ ਕਰਾਰ ਦਿੰਦਿਆਂ ਅੱਜ ਚਾਰ ਅਪਰੈਲ ਨੂੰ ਸਜ਼ਾ ਸੁਣਾਉਣ ਦਾ ਦਿਨ ਨਿਰਧਾਰਿਤ ਕੀਤਾ ਗਿਆ ਸੀ ਪਰ ਹੁਣ ਅਦਾਲਤ ਵੱਲੋਂ ਦੋਸ਼ੀਆਂ ਨੂੰ 7 ਅਪਰੈਲ ਨੂੰ ਸਜ਼ਾ ਸੁਣਾਈ ਜਾਵੇਗੀ।
ਇਸ ਮਾਮਲੇ ਵਿੱਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਉਰਫ਼ ਮੱਖਣ ਬਰਾੜ ਅਤੇ ਸੁਖਰਾਜ ਸਿੰਘ ਨੂੰ ਪਿਛਲੀ ਤਰੀਕ ’ਤੇ ਸਾਰੇ ਦੋਸ਼ਾਂ ਤੋਂ ਬਰੀ ਕੀਤਾ ਗਿਆ ਸੀ। ਇੱਕ ਮਹਿਲਾ ਮੁਲਜ਼ਮ ਮਨਜੀਤ ਕੌਰ ਦੀ ਕੇਸ ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ। ਅਦਾਲਤ ਵਿੱਚ ਕੇਸ ਦੀ ਪੈਰਵੀ ਸੀਬੀਆਈ ਦੇ ਸਰਕਾਰੀ ਵਕੀਲ ਅਨਮੋਲ ਨਾਰੰਗ ਕਰ ਰਹੇ ਹਨ।
ਸੀਬੀਆਈ ਅਦਾਲਤ ਨੇ ਸਾਬਕਾ ਪੁਲੀਸ ਅਫ਼ਸਰਾਂ ਦਵਿੰਦਰ ਸਿੰਘ ਗਰਚਾ ਅਤੇ ਪਰਮਦੀਪ ਸਿੰਘ ਸੰਧੂ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀ ਧਾਰਾ ਦਾ ਦੋਸ਼ੀ ਪਾਇਆ ਗਿਆ ਹੈ ਜਦੋਂਕਿ ਦੋਵੇਂ ਤਤਕਾਲੀ ਐਸਐਚਓਜ਼ ਰਮਨ ਕੁਮਾਰ ਅਤੇ ਅਮਰਜੀਤ ਸਿੰਘ ਨੂੰ ਭ੍ਰਿਸ਼ਟਾਚਾਰ ਐਕਟ ਅਤੇ ਧਾਰਾ 384 ਦੇ ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਇੰਸਪੈਕਟਰ ਅਮਰਜੀਤ ਸਿੰਘ ਨੂੰ ਆਈਪੀਸੀ ਦੀ ਧਾਰਾ 511 ਤਹਿਤ ਵੀ ਦੋਸ਼ੀ ਪਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਸੀਬੀਆਈ ਨੇ 11 ਦਸੰਬਰ 2007 ਨੂੰ ਪਰਚਾ ਦਰਜ ਕੀਤਾ ਸੀ। ਅਦਾਲਤ ਨੇ ਸਿਆਸੀ ਅਤੇ ਪ੍ਰਸ਼ਾਸਨਿਕ ਦਬਾਅ ਦਾ ਹਵਾਲਾ ਦਿੰਦੇ ਹੋਏ ਪੰਜਾਬ ਪੁਲੀਸ ਦੀ ਨਿਰਪੱਖ ਜਾਂਚ ਕਰਨ ਦੀ ਯੋਗਤਾ ’ਤੇ ਚਿੰਤਾ ਜਤਾਈ ਸੀ। ਇਸ ਮਗਰੋਂ ਸੀਬੀਆਈ ਨੇ ਪੀਸੀ ਐਕਟ ਦੇ ਨਾਲ-ਨਾਲ ਆਈਪੀਸੀ ਦੀ ਧਾਰਾ 384, 211 ਅਤੇ 120-ਬੀ ਦੇ ਤਹਿਤ ਐਫ਼ਆਈਆਰ ਦਰਜ ਕੀਤੀ ਗਈ ਸੀ।