nabaz-e-punjab.com

ਮੁਹਾਲੀ: ਮੰਡੀਆਂ ਵਿੱਚ 37332 ਮੀਟਰਿਕ ਟਨ ਝੋਨੇ ਦੀ ਆਮਦ, 34702 ਮੀਟਰਿਕ ਟਨ ਖ਼ਰੀਦ ਕੀਤੀ

ਖ਼ਰੀਦ ਏਜੰਸੀਆਂ ਨੇ ਕਿਸਾਨਾਂ ਨੂੰ 68.34 ਕਰੋੜ ਰੁਪਏ ਦੀ ਅਦਾਇਗੀ ਕੀਤੀ: ਡੀਸੀ ਆਸ਼ਿਕਾ ਜੈਨ

ਕਿਸਾਨਾਂ ਦਾ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ: ਵਿਧਾਇਕ ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 12 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਸਨਿੱਚਰਵਾਰ ਨੂੰ ਸ਼ਾਮ ਤੱਕ 37332 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ’ਚੋਂ ਖ਼ਰੀਦ ਏਜੰਸੀਆਂ ਵੱਲੋਂ 34702 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ 18 ਮੰਡੀਆਂ ਅਤੇ ਸੀਜ਼ਨਲ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਆਮਦ ਜਾਰੀ ਹੈ। ਪਨਗਰੇਨ, ਪਨਸਪ, ਪੰਜਾਬ ਰਾਜ ਗੁਦਾਮ ਨਿਗਮ, ਮਾਰਕਫੈੱਡ ਅਤੇ ਭਾਰਤੀ ਖ਼ੁਰਾਕ ਨਿਗਮ ਆਦਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਹੁਣ ਤੱਕ 68.34 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਅਨਾਜ ਮੰਡੀਆਂ ਵਿੱਚ ਜਿਣਸ ਲਿਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਉਪਲਬਧ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਨੂੰ ਸਾੜਨ ਤੋਂ ਬਿਨਾਂ ਹੀ ਪਰਾਲੀ ਪ੍ਰਬੰਧਨ ਕਰਨਾ ਯਕੀਨੀ ਬਣਾਉਣ।
ਉਧਰ, ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੰਡੀਆਂ ਵਿੱਚ ਲੈ ਕੇ ਆਪਣੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਦਾ ਜਿਣਸ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਆਪਣੀ ਫ਼ਸਲ ਲੈ ਕੇ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅੱਜ ਦਸਹਿਰੇ ਦੀ ਸਰਕਾਰੀ ਛੁੱਟੀ ਵਾਲੇ ਦਿਨ ਵੀ ਮੰਡੀਆਂ ਵਿੱਚ ਝੋਨਾ ਖ਼ਰੀਦਿਆਂ ਗਿਆ ਹੈ। ਉਨ੍ਹਾਂ ਕਿਹਾ ਕਿ ਖਰੀਦੀ ਗਈ ਫ਼ਸਲ ਦੀ ਲਿਫ਼ਟਿੰਗ ਵੀ ਨਾਲੋ-ਨਾਲੋਂ ਕੀਤੀ ਜਾਵੇਗੀ ਤਾਂ ਜੋ ਮੰਡੀਆਂ ਵਿੱਚ ਅਨਾਜ ਰੱਖਣ ਲਈ ਥਾਂ ਦੀ ਘਾਟ ਮਹਿਸੂਸ ਨਾ ਹੋਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨਾ, ਸਫ਼ਾਈ, ਬਿਜਲੀ-ਪਾਣੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀ ਨੂੰ ਨਿਰੰਤਰ ਖ਼ਰੀਦ ਕਾਰਜਾਂ ਦੀ ਨਜ਼ਰਸਾਨੀ ਕਰਨ ਲਈ ਕਿਹਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

Punjab Government intensifies crackdown on illegal mining

Punjab Government intensifies crackdown on illegal mining Joint task force of mining depar…