
ਹਫ਼ਤਾਵਰੀ ਆਪਣੀ ਮੰਡੀ ਲਗਾਉਣ ਦੀ ਇਜਾਜ਼ਤ ਦੇਵੇ ਮੁਹਾਲੀ ਪ੍ਰਸ਼ਾਸਨ: ਸ਼ਰਮਾ
ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਡੀਸੀ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ:
ਪੰਜਾਬ ਦੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੱਤਰ ਸੌਂਪ ਕੇ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਕਿਸਾਨ ਮੰਡੀਆਂ (ਹਫ਼ਤਾਵਰੀ ਆਪਣੀ ਮੰਡੀਆਂ) ਮੁੜ ਲਗਾਉਣ ਦੀ ਮੰਗ ਕੀਤੀ ਹੈ। ਸ੍ਰੀ ਸ਼ਰਮਾ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਮਹਾਮਾਰੀ ਦੇ ਚੱਲਦਿਆਂ ਪਿਛਲੇ 9 ਮਹੀਨਿਆਂ (ਮਾਰਚ) ਤੋਂ ਆਪਣੀਆਂ ਮੰਡੀਆਂ ਬੰਦ ਕੀਤੀਆਂ ਹੋਈਆਂ ਹਨ। ਮੰਡੀਆਂ ਦੇ ਬੰਦ ਹੋਣ ਕਾਰਨ ਜਿੱਥੇ ਮਾਰਕੀਟ ਕਮੇਟੀ ਨੂੰ ਮੰਡੀ ਫੀਸ ਨਾ ਮਿਲਣ ਕਾਰਨ ਵਿੱਤੀ ਨੁਕਸਾਨ ਹੋ ਰਿਹਾ ਹੈ, ਉੱਥੇ ਕਿਸਾਨਾਂ ਨੂੰ ਹਰੀਆਂ ਤੇ ਤਾਜ਼ੀਆਂ ਸਬਜ਼ੀਆਂ ਵੇਚਣ ਵਿੱਚ ਦਿੱਕਤਾਂ ਆ ਰਹੀਆਂ ਹਨ। ਇਹੀ ਨਹੀਂ ਖਪਤਕਾਰ ਵੀ ਡਾਢੇ ਤੰਗ ਪ੍ਰੇਸ਼ਾਨ ਹਨ।
ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਰੋਨਾ ਮਹਾਮਾਰੀ ਦਾ ਪ੍ਰਕੋਪ ਹੁਣ ਕਾਫੀ ਘੱਟ ਚੱੁਕਾ ਹੈ ਅਤੇ ਮੰਡੀਆਂ ਲੱਗਣ ਨਾਲ ਜਿੱਥੇ ਮਾਰਕੀਟ ਕਮੇਟੀ ਅਤੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਉੱਥੇ ਆਮ ਲੋਕਾਂ ਨੂੰ ਵੀ ਤਾਜ਼ੀਆਂ ਸਬਜ਼ੀਆਂ ਤੇ ਫਲ ਮੁਹੱਈਆ ਹੋ ਸਕਣਗੇ। ਉਨ੍ਹਾਂ ਕਿਹਾ ਕਿ ਜਦੋਂ ਸਾਰੇ ਬਾਜ਼ਾਰ ਖੋਲ੍ਹੇ ਜਾ ਚੁੱਕੇ ਹਨ ਤਾਂ ਅਜਿਹੇ ਵਿੱਚ ਆਪਣੀਆਂ ਮੰਡੀਆਂ ਨੂੰ ਵੀ ਮੁੜ ਖੋਲ੍ਹਣ ਦੀ ਆਗਿਆ ਦਿੱਤੀ ਜਾਵੇ। ਸ੍ਰੀ ਸ਼ਰਮਾ ਦੇ ਦੱਸਣ ਅਨੁਸਾਰ ਡੀਸੀ ਗਿਰੀਸ਼ ਦਿਆਲਨ ਨੇ ਇਸ ਸਬੰਧੀ ਜਲਦੀ ਗੌਰ ਕਰਨ ਦਾ ਭਰੋਸਾ ਦਿੱਤਾ ਹੈ।