
ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਕੌਮਾਂਤਰੀ ਏਅਰਪੋਰਟ ਰੱਖਣ ’ਤੇ ਸਹਿਮਤੀ ਬਣੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ:
ਮੁਹਾਲੀ ਸਮੇਤ ਪੰਜਾਬ ਵਾਸੀਆਂ ਲਈ ਇਹ ਵੱਡੀ ਤੇ ਖ਼ੁਸ਼ੀ ਦੀ ਗੱਲ ਹੈ। ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਂ ਦੇਸ਼ ਅਤੇ ਕੌਮ ਦੇ ਮਹਾਨ ਸ਼ਹੀਦ ਸ੍ਰ. ਭਗਤ ਸਿੰਘ ਦੇ ਨਾਮ ’ਤੇ ਰੱਖਣ ਸਬੰਧੀ ਪੰਜਾਬ ਤੇ ਹਰਿਆਣਾ ਵਿੱਚ ਆਪਸੀ ਸਹਿਮਤੀ ਬਣ ਗਈ ਹੈ। ਇਸ ਸਬੰਧੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦਰਮਿਆਨ ਅਹਿਮ ਮੀਟਿੰਗ ਹੋਈ। ਜਿਸ ਵਿੱਚ ਦੋਵਾਂ ਸੂਬਿਆਂ ਨੇ ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਂ ਸ਼ਹੀਦ ਸ੍ਰ. ਭਗਤ ਸਿੰਘ ਦੇ ਨਾਮ ’ਤੇ ਰੱਖਣ ਦੀ ਸਹਿਮਤੀ ਪ੍ਰਗਟਾਈ। ਹੁਣ ਅਗਲੀ ਕਾਰਵਾਈ ਲਈ ਕੇਂਦਰ ਸਰਕਾਰ ਨੂੰ ਸਾਂਝਾ ਪੱਤਰ ਲਿਖਿਆ ਜਾਵੇਗਾ। ਯੂਥ ਆਫ਼ ਪੰਜਾਬ ਸਮੇਤ ਹੋਰਨਾਂ ਵੱਖ-ਵੱਖ ਜਥੇਬੰਦੀਆਂ ਵੱਲੋਂ ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਂ ਸ਼ਹੀਦ ਸ੍ਰ. ਭਗਤ ਸਿੰਘ ਰੱਖਣ ਦੀ ਜ਼ੋਰਦਾਰ ਮੰਗ ਕੀਤੀ ਜਾ ਰਹੀ ਸੀ। ਇਸ ਸਬੰਧੀ ਸਮੇਂ ਸਮੇਂ ਸਿਰ ਨੌਜਵਾਨਾਂ ਵੱਲੋਂ ਪੈਦਲ ਮਾਰਚ ਕੀਤੇ ਗਏ ਅਤੇ ਸਾਈਕਲ ਰੈਲੀਆਂ ਵੀ ਕੱਢੀਆਂ ਗਈਆਂ ਹਨ।
ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਂ ਸ਼ਹੀਦ ਸ੍ਰ. ਭਗਤ ਸਿੰਘ ਦੇ ਨਾਮ ’ਤੇ ਰੱਖਣ ਲਈ ਆਪਸੀ ਸਹਿਮਤੀ ਪ੍ਰਗਟਾਉਣ ਲਈ ਪੰਜਾਬ ਤੇ ਹਰਿਆਣਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਬਹੁਤ ਦੇਰੀ ਨਾਲ ਫ਼ੈਸਲਾ ਲਿਆ ਗਿਆ ਹੈ ਪਰ ਦੋਵੇਂ ਸੂਬੇ ਪ੍ਰਸੰਸਾ ਦੇ ਪਾਤਰ ਹਨ। ਉਨ੍ਹਾਂ ਦੱਸਿਆ ਕਿ ਰੈਵੀਨਿਊ ਰਿਕਾਰਡ ਵਿੱਚ ਵੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਮੁਹਾਲੀ ਬੋਲਦਾ ਹੈ। ਅਕਾਲੀ ਸਰਕਾਰ ਸਮੇਂ ਮੁਹਾਲੀ ਨੇੜਲੇ ਪਿੰਡ ਝਿਊਰਹੇੜੀ ਦੀ 306 ਏਕੜ ਜ਼ਮੀਨ ਐਕਵਾਇਰ ਕਰਕੇ ਹਵਾਈ ਅੱਡੇ ਦਾ ਨਿਰਮਾਣ ਕੀਤਾ ਸੀ। ਕੁੱਝ ਜ਼ਮੀਨ ਹੋਰਨਾਂ ਨੇੜਲੇ ਪਿੰਡਾਂ ਦੀ ਵੀ ਐਕਵਾਇਰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਬਹੁਤ ਛੋਟੀ ਉਮਰ ਵਿੱਚ ਸਰਦਾਰ ਭਗਤ ਸਿੰਘ ਸ਼ਹਾਦਤ ਦਾ ਜਾਮ ਪੀ ਗਏ ਸਨ। ਉਨ੍ਹਾਂ ਕਿਹਾ ਕਿ ਸਮਾਜਿਕ ਪਰਿਵਰਤਨ ਲਈ ਨੌਜਵਾਨਾਂ ਨੂੰ ਯੋਗ ਅਗਵਾਈ ਦੀ ਸਖ਼ਤ ਲੋੜ ਹੈ।
ਉਂਜ ਪੰਥਕ ਵਿਚਾਰ ਮੰਚ, ਬਾਬਾ ਬੰਦਾ ਸਿੰਘ ਬਹਾਦਰ ਸੰਸਥਾ ਸਮੇਤ ਹੋਰਨਾਂ ਸੰਸਥਾਵਾਂ ਨੇ ਵੀ ਸ਼ਹੀਦ ਭਗਤ ਸਿੰਘ ਤੋਂ ਇਲਾਵਾ ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਰੱਖਣ ਦਾ ਸੁਝਾਅ ਵੀ ਦਿੱਤਾ ਸੀ। ਦੱਸ ਦਈਏ ਮੁਹਾਲੀ ਸ਼ਹਿਰ ਵੱਡੇ ਸਾਹਿਬਜ਼ਾਦੇ ਸਾਹਿਬਜ਼ਾਦਾ ਅਜੀਤ ਸਿੰਘ ਦੇ ਨਾਂ ਵਸਾਇਆ ਗਿਆ ਹੈ ਜਦੋਂਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਦੇ ਮੈਦਾਨ ਵਿੱਚ ਮੁਗਲ ਫੌਜ਼ਾਂ ਨਾਲ ਜੰਗ ਲੜਦਿਆਂ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਾਰ ਕੇ ਮਾਤਾ ਗੁਜ਼ਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ ਅਤੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ ਸੀ।
(ਬਾਕਸ ਆਈਟਮ)
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਵੀ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੀ ਧਰਤੀ ਨੂੰ ਚੁੰਮ ਕੇ ਚੁੱਕੀ ਸੀ ਅਤੇ ਆਪ ਸਰਕਾਰ ਸ਼ਹੀਦ ਭਗਤ ਸਿੰਘ ਦੇ ਪਾਏ ਪੂਰਨਿਆਂ ’ਤੇ ਚੱਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਂ ਸ਼ਹੀਦ ਸ੍ਰ. ਭਗਤ ਸਿੰਘ ਦੇ ਨਾਮ ’ਤੇ ਰੱਖਣ ਲਈ ਆਪਸੀ ਸਹਿਮਤੀ ਪ੍ਰਗਟਾਉਣ ਲਈ ਪੰਜਾਬ ਤੇ ਹਰਿਆਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਅਹਿਮ ਕਾਰਜ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਵਿਕਾਸਪੱਖੀ ਨੀਤੀਆਂ ਸਦਕਾ ਨੇਪਰੇ ਚੜ੍ਹਿਆ ਹੈ ਜਦੋਂਕਿ ਇਸ ਤੋਂ ਪਹਿਲਾਂ ਕਿਸੇ ਮੁੱਖ ਮੰਤਰੀ ਨੇ ਇਸ ਦਿਸ਼ਾ ਵਿੱਚ ਕੋਈ ਠੋਸ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੁਹਾਲੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਲਈ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਨੇੜ ਭਵਿੱਖ ਵਿੱਚ ਜਲਦੀ ਇੱਥੋਂ ਕੌਮਾਂਤਰੀ ਉਡਾਣਾਂ ਸ਼ੁਰੂ ਹੋਣਗੀਆਂ। ਇਸ ਮਗਰੋਂ ਮੁਹਾਲੀ ਵਿਕਾਸ ਪੱਖੋਂ ਹੋਰ ਤਰੱਕੀ ਕਰੇਗਾ ਅਤੇ ਇਲਾਕੇ ਦੇ ਲੋਕਾਂ ਨੂੰ ਵੀ ਰੁਜ਼ਗਾਰ ਮਿਲੇਗਾ ਅਤੇ ਕਾਰੋਬਾਰ ਵੀ ਵਧੇਗਾ।