ਮੁਹਾਲੀ ਹਮਲਾ: ਬਾਲ ਅਪਰਾਧੀ ਦਾ 6 ਰੋਜ਼ਾ ਪੁਲੀਸ ਰਿਮਾਂਡ

ਦਿਨ ਵਿੱਚ ਪੁੱਛਗਿੱਛ ਤੋਂ ਬਾਅਦ ਰੋਜ਼ਾਨਾ ਸ਼ਾਮ ਨੂੰ ਬਾਲ ਸੁਧਾਰ ਘਰ ਹੁਸ਼ਿਆਰਪੁਰ ਵਿੱਚ ਛੱਡ ਕੇ ਆਇਆ ਕਰੇਗੀ ਪੁਲੀਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ:
ਇੱਥੋਂ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ’ਤੇ ਹੋਏ ਰਾਕੇਟ ਪ੍ਰੋਪੈਲਡ ਗਰੇਨੇਡ (ਆਰਪੀਜੀ) ਹਮਲੇ ਦੇ ਮਾਮਲੇ ਵਿੱਚ ਜਾਂਚ ਟੀਮ ਨੇ ਅੱਜ ਇੱਕ ਬਾਲ ਅਪਰਾਧੀ ਨੂੰ ਦਿੱਲੀ ਤੋਂ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜੁਡੀਸ਼ਲ ਮੈਜਿਸਟਰੇਟ ਸੋਨਾਲੀ ਸਿੰਘ ਦੀ ਅਦਾਲਤ ਨੇ ਮੁਲਜ਼ਮ ਨੂੰ 6 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਉਸ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਅਦਾਲਤ ਨੇ ਪੁਲੀਸ ਨੂੰ ਇਹ ਵੀ ਆਦੇਸ਼ ਦਿੱਤੇ ਹਨ ਕਿ ਬਾਲ ਅਪਰਾਧੀ ਤੋਂ ਦਿਨ ਵਿੱਚ ਪੁੱਛਗਿੱਛ ਕਰਨ ਤੋਂ ਬਾਅਦ ਰੋਜ਼ਾਨਾ ਉਸ ਨੂੰ ਬਾਲ ਸੁਧਾਰ ਘਰ ਹੁਸ਼ਿਆਰਪੁਰ ਵਿੱਚ ਛੱਡਿਆ ਜਾਵੇ। ਕੁੱਝ ਦਿਨ ਪਹਿਲਾਂ ਉਕਤ ਬਾਲ ਅਪਰਾਧੀ ਨੂੰ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਵੀ ਕੁੱਝ ਦਿਨ ਪਹਿਲਾਂ ਮੁੰਬਈ ਤੋਂ ਸਾਂਝੇ ਅਪਰੇਸ਼ਨ ਦੌਰਾਨ ਕਾਬੂ ਕੀਤਾ ਗਿਆ ਸੀ। ਮੁਲਜ਼ਮ ਚੜ੍ਹਤ ਸਿੰਘ ਨੂੰ ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈੱਲ ਵੱਲੋਂ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਦਰਜ ਇੱਕ ਪੁਰਾਣੇ ਵਿੱਚ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਉਹ ਵਿਦੇਸ਼ ਵਿੱਚ ਬੈਠ ਕੇ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਖੂੰਖਾਰ ਗੈਂਗਸਟਰ ਤੋਂ ਅਤਿਵਾਦੀ ਬਣੇ ਲਖਬੀਰ ਲੰਡਾ ਦਾ ਕਰੀਬੀ ਸਾਥੀ ਹੈ।
ਬੀਤੀ 9 ਮਈ ਨੂੰ ਪੌਣੇ ਅੱਠ ਵਜੇ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਆਰਪੀਜੀ ਨਾਲ ਹਮਲਾ ਕੀਤਾ ਗਿਆ ਸੀ। ਪੁਲੀਸ ਅਨੁਸਾਰ ਚੜ੍ਹਤ ਸਿੰਘ ਇਸ ਹਮਲੇ ਦਾ ਮੁੱਖ ਸੰਚਾਲਕ ਹੈ। ਮੁਲਜ਼ਮ ਨੇ ਲੰਡਾ ਦੀ ਮਦਦ ਨਾਲ ਪੰਜਾਬ ਭਰ ਵਿੱਚ ਇੱਕ ਮਜ਼ਬੂਤ ਅਪਰਾਧ ਨੈੱਟਵਰਕ ਬਣਾਇਆ ਹੋਇਆ ਸੀ ਅਤੇ ਆਰਪੀਜੀ ਹਮਲੇ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਲੌਜਿਸਟਿਕ ਸਹਾਇਤਾ ਅਤੇ ਪਨਾਹ ਦਿੰਦਾ ਰਿਹਾ ਸੀ। ਚੜ੍ਹਤ ਨੇ ਪਾਕਿਸਤਾਨ ਵਿੱਚ ਰਹਿੰਦੇ ਅਤਿਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾਂ ਰਾਹੀਂ ਪਾਕਿਸਤਾਨ ਦੀ ਆਈਐਸਆਈ ਦੇ ਸਰਗਰਮ ਸਮਰਥਨ ਨਾਲ ਸਰਹੱਦ ਪਾਰੋਂ ਇੱਕ ਆਰਪੀਜੀ, ਏਕੇ-47 ਅਤੇ ਹੋਰ ਹਥਿਆਰ ਮੰਗਵਾਏ ਸਨ।
ਜਾਣਕਾਰੀ ਅਨੁਸਾਰ ਮੁਲਜ਼ਮ ਚੜ੍ਹਤ ਸਿੰਘ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲੀਸ ਇਸ ਮਾਮਲੇ ਵਿੱਚ ਹੁਣ ਤੱਕ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਸ ਸਬੰਧੀ ਪੁਲੀਸ ਵੱਲੋਂ ਨਿਸ਼ਾਨ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ ਰੈਂਬੋ, ਕੰਵਰਜੀਤ ਸਿੰਘ ਬਾਠ, ਅਨੰਤਦੀਪ ਸਿੰਘ ਸੋਨੂ, ਬਲਜੀਤ ਕੌਰ ਸੁੱਖੀ, ਲਵਪ੍ਰੀਤ ਸਿੰਘ ਵਿੱਕੀ ਖ਼ਿਲਾਫ਼ ਮੁਹਾਲੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ। ਜਦੋਂਕਿ ਬਾਲ ਅਪਰਾਧੀ ਸਮੇਤ ਪਿਛਲੇ ਦਿਨੀਂ ਏਕੇ-56 ਅਸਾਲਟ ਰਾਈਫ਼ਲ ਸਮੇਤ ਗ੍ਰਿਫ਼ਤਾਰ ਕੀਤੇ ਸਈਅਦ ਮੁਹੰਮਦ ਤੌਸੀਫ ਚਿਸ਼ਤੀ ਉਰਫ਼ ਚਿੰਕੀ ਵਾਸੀ ਅਜਮੇਰ (ਰਾਜਸਥਾਨ) ਅਤੇ ਸੁਨੀਲ ਕੁਮਾਰ ਉਰਫ਼ ਕਾਲਾ ਵਿਰੁੱਧ ਬਾਅਦ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਪੁਲੀਸ ਇੱਕ ਹੋਰ ਮੁਲਜ਼ਮ ਦੀਪਕ ਕੁਮਾਰ ਵਾਸੀ ਝੱਜਰ, ਹਰਿਆਣਾ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…