Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਮੁਲਾਜ਼ਮ ਜਥੇਬੰਦੀਆਂ ਦੀ ਲੜੀਵਾਰ ਕਲਮਛੋੜ ਹੜਤਾਲ ਜਾਰੀ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਦਾ ਧਰਨਾ 9 ਵੇਂ ਦਿਨ ਵਿੱਚ ਦਾਖ਼ਲ, ਲੋਕ ਖੱਜਲ ਖੁਆਰ ਕੈਪਟਨ ਸਰਕਾਰ ’ਤੇ ਵਿਧਾਨ ਸਭਾ ਚੋਣਾਂ ਵੇਲੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ: ਮੁਹਾਲੀ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਕਲਮਛੋੜ ਹੜਤਾਲ ਲਗਾਤਾਰ ਜਾਰੀ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੁਹਾਲੀ ਵੱਲੋਂ ਹੜਤਾਲ ਵਿੱਚ ਵੱਧ ਚੜ੍ਹ ਕੇ ਹਿੱਸਾ ਪਇਆ ਜਾ ਰਿਹਾ ਹੈ। ਅੱਜ ਉਦਯੋਗਿਕ ਖੇਤਰ ਫੇਜ਼-1 ਸਥਿਤ ਜਲ ਸਪਲਾਈ ਕੰਪਲੈਕਸ ਵਿੱਚ ਹੁਕਮ ਸਿੰਘ ਬਾਜਵਾ ਸੀਨੀਅਰ ਮੀਤ ਪ੍ਰਧਾਨ ਦੀ ਸਰਪ੍ਰਸਤੀ ਹੇਠ ਸਮੂਹ ਕਲੈਰੀਕਲ, ਡਰਾਇੰਗ, ਦਰਜਾ-4 ਅਤੇ ਕੱਚੇ ਕਾਮਿਆ ਵੱਲੋਂ ਧਰਨਾ ਦਿੱਤਾ ਗਿਆ। ਇਸ ਮੌਕੇ ਸ੍ਰੀ ਬਾਜਵਾ ਨੇ ਜਿੱਥੇ ਰਾਜ ਭਰ ਵਿੱਚ ਇਸ ਸੰਘਰਸ਼ ਨੂੰ ਕਾਮਯਾਬ ਬਣਾਉਣ ਵਿੱਚ ਸਮੂਹ ਮੁਲਾਜ਼ਮਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਪ੍ਰਤੀ ਤਸੱਲੀ ਦਾ ਪ੍ਰਗਟਾਵਾ ਕੀਤਾ ਉੱਥੇ ਮੁਲਾਜ਼ਮਾਂ ਨੂੰ ਸਾਰੀਆਂ ਮੰਗਾਂ ਮੰਨਣ ਤੱਕ ਇਸੇ ਤਰ੍ਹਾਂ ਸਰਕਾਰ ਵਿਰੁੱਧ ਡਟੇ ਰਹਿਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜਥੇਬੰਦੀ ਦੀਆਂ ਜਾਇਜ਼ ਮੰਗਾਂ ਦਾ ਵੇਰਵਾ ਦਿੱਤਾ ਅਤੇ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੰਦੇ ਹੋਏ ਸਾਰੀਆਂ ਮੰਗਾਂ ਫੌਰੀ ਤੌਰ ਤੇ ਮੰਨਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅੱਜ ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਨੂੰ ਤਿਆਰ ਨਹੀਂ ਹੁੰਦੀ ਤਾਂ ਜਥੇਬੰਦੀ ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਮਜਬੂਰ ਹੋਵੇਗੀ ਅਤੇ ਇਨ੍ਹਾਂ ਹਾਲਾਤਾਂ ਵਿੱਚ ਨਿਕਲਣ ਵਾਲੇ ਗੰਭੀਰ ਨਤੀਜਿਆਂ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਜਥੇਬੰਦੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਖਦੀਪ ਸਿੰਘ ਨਵਾਂ ਸ਼ਹਿਰ ਵੱਲੋਂ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਗਈ ਅਤੇ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸਰਕਾਰ ਵਿਰੁੱਧ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕੀਤੀ। ਮੁਲਾਜ਼ਮਾਂ ਵੱਲੋਂ ਰੋਸ ਰੈਲੀ ਉਪਰੰਤ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਚੇਅਰਮੈਨ ਸੁਖਦੇਵ ਸਿੰਘ, ਪ੍ਰਧਾਨ ਰਵਨੀਤ ਸਿੰਘ ਢਿੱਲੋਂ, ਜਨਰਲ ਸਕੱਤਰ ਮਨੋਜ ਸਿੰਘ ਸੰਯੁਕਤ ਸਕੱਤਰ ਦਵਿੰਦਰ ਕੌਰ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਗਏ। ਇਸ ਮੌਕੇ ਡਰਾਈਵਿੰਗ ਕੇਡਰ ਦੇ ਮੁਹਾਲੀ ਯੂਨਿਟ ਦੇ ਪ੍ਰਧਾਨ ਦਲਬੀਰ ਸਿੰਘ ਨੇ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਲਈ ਚਲਾਏ ਜਾ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ। ਉਧਰ, ਡੀਸੀ ਐਂਪਲਾਈਜ ਯੂਨੀਅਨ ਜ਼ਿਲ੍ਹਾ ਮੁਹਾਲੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਕਲਮਛੋੜ ਹੜਤਾਲ ਜਾਰੀ ਹੈ। ਵੀਰਵਾਰ ਨੂੰ ਮੁਲਾਜ਼ਮਾਂ ਦਾ ਰੋਸ ਧਰਨਾ 9ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਦਫ਼ਤਰੀ ਮੁਲਾਜ਼ਮਾਂ ਦੀ ਲੜੀਵਾਰ ਹੜਤਾਲ ਕਾਰਨ ਮੁਹਾਲੀ ਸ਼ਹਿਰ ਅਤੇ ਦੁਰ ਦੁਰਾਡੇ ਦੇ ਪਿੰਡਾਂ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਕਾਰਾਂ ਲਈ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵਿਧਾਨ ਸਭਾ ਚੋਣਾਂ ਵੇਲੇ ਮੁਲਾਜ਼ਮਾਂ ਨਾਲ ਕੀਤੇ ਗਏ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਨਾ ਤਾਂ ਡੀਏ ਦੇ ਬਕਾਏ ਜਾਰੀ ਕੀਤੇ ਹਨ ਅਤੇ ਨਾ ਹੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਡੀਏ ਦੀ ਜੋ 6 ਫੀਸਦੀ ਕਿਸ਼ਤ ਦਿੱਤੀ ਹੈ, ਉਹ ਮੁਲਾਜ਼ਮਾਂ ਨਾਲ ਮਜ਼ਾਕ ਹੈ। ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਸਾਰੀਆਂ ਕਿਸ਼ਤਾਂ ਦਿੱਤੀਆਂ ਜਾਣ, ਡੀਏ ਦੇ ਸਾਰੇ ਬਕਾਏ ਤੁਰੰਤ ਦਿੱਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੁਰੰਤ ਪੂਰੀਆਂ ਨਹੀਂ ਕੀਤੀਆਂ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ