Share on Facebook Share on Twitter Share on Google+ Share on Pinterest Share on Linkedin ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਵਿੱਢੇਗੀ ਮੁਹਾਲੀ ਨਿਗਮ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ: ਕਮਿਸ਼ਨਰ ਸੰਦੀਪ ਹੰਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਦੇ ਚੱਲਦਿਆਂ ਆਮ ਲੋਕਾਂ ਖਾਸ ਕਰਕੇ ਦੁਕਾਨਦਾਰਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਜਾਇਜ਼ ਰੇਹੜੀਆਂ-ਫੜੀਆਂ ਨੂੰ ਲੈ ਕੇ ਕਈ ਵਾਰ ਝਗੜੇ ਵੀ ਹੋ ਚੁੱਕੇ ਹਨ। ਹਾਲਾਂਕਿ ਨਿਗਮ ਵੱਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ ਲੇਕਿਨ ਟੀਮ ਦੇ ਚਲੇ ਜਾਣ ਮਗਰੋਂ ਮੁੜ ਤੋਂ ਨਾਜਾਇਜ਼ ਕਬਜ਼ੇ ਹੋ ਜਾਂਦੇ ਹਨ ਅਤੇ ਨਾਜਾਇਜ਼ ਰੇਹੜੀਆਂ ਸੱਜ ਜਾਂਦੀਆਂ ਹਨ। ਇਹੀ ਨਹੀਂ ਕਈ ਥਾਵਾਂ ’ਤੇ ਖ਼ੁਦ ਦੁਕਾਨਦਾਰਾਂ ਵੱਲੋਂ ਵੀ ਪੈਸੇ ਲੈ ਕੇ ਆਪਣੀਆਂ ਦੁਕਾਨਾਂ ਦੇ ਅੱਗੇ ਨਾਜਾਇਜ਼ ਰੇਹੜੀਆਂ-ਫੜੀਆਂ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੇਅਰ ਨੇ ਪਹਿਲੀ ਹੀ ਮੀਟਿੰਗ ਵਿੱਚ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਸੀ ਕਿ ਮੁਹਾਲੀ ਨੂੰ ਨਾਜਾਇਜ਼ ਕਬਜ਼ੇ, ਨਾਜਾਇਜ਼ ਰੇਹੜੀਆਂ-ਫੜੀਆਂ ਤੋਂ ਮੁਕਤ ਕੀਤਾ ਜਾਵੇਗਾ ਅਤੇ ਆਵਾਰਾ ਪਸ਼ੂਆਂ ਤੋਂ ਨਿਜਾਤ ਦਿਵਾਈ ਜਾਵੇਗੀ ਪ੍ਰੰਤੂ ਇਹ ਸਮੱਸਿਆਵਾਂ ਅੱਜ ਵੀ ਜਿਊਂ ਦੀ ਤਿਊਂ ਬਰਕਰਾਰ ਹਨ। ਉਧਰ, ਮੁਹਾਲੀ ਨਿਗਮ ਦੇ ਕਮਿਸ਼ਨਰ ਸੰਦੀਪ ਹੰਸ ਅਤੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਅਵਨੀਤ ਕੌਰ ਨੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਦਾ ਦੌਰਾ ਕਰਕੇ ਨਾਜਾਇਜ਼ ਕਬਜ਼ਿਆਂ ਸਬੰਧੀ ਮੌਕੇ ਦਾ ਜਾਇਜ਼ਾ ਲਿਆ ਅਤੇ ਦਫ਼ਤਰੀ ਸਟਾਫ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਸੜਕਾਂ ਕਿਨਾਰੇ ਗਰੀਨ ਬੈੱਲਟਾਂ ਅਤੇ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਨਾਜਾਇਜ਼ ਕਬਜ਼ੇ ਨਾ ਹੋਣ ਦਿੱਤੇ ਜਾਣ। ਕਮਿਸ਼ਨਰ ਸ੍ਰੀ ਹੰਸ ਨੇ ਦੱਸਿਆ ਕਿ ਸ਼ਹਿਰ ਵਿੱਚ ਕਿਤੇ ਵੀ ਪੱਕੇ ਤੌਰ ’ਤੇ ਨਾਜਾਇਜ਼ ਕਬਜ਼ੇ ਨਹੀਂ ਹਨ। ਉਂਜ ਉਨ੍ਹਾਂ ਨੇ ਕਈ ਥਾਵਾਂ ’ਤੇ ਆਰਜ਼ੀ ਨਾਜਾਇਜ਼ ਕਬਜ਼ੇ ਹੋਣ ਦੀ ਗੱਲ ਜ਼ਰੂਰ ਮੰਨੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਕਈ ਮਾਰਕੀਟਾਂ ਵਿੱਚ ਖ਼ੁਦ ਦੁਕਾਨਦਾਰ ਹੀ ਪੈਸੇ ਲੈ ਕੇ ਦੁਕਾਨ ਦੇ ਅੱਗੇ ਨਾਜਾਇਜ਼ ਰੇਹੜੀ ਖੜੀ ਕਰਵਾਉਂਦੇ ਹਨ ਅਤੇ ਫੜੀ ਵਾਲੇ ਬੈਠਣ ਦੀ ਇਜਾਜ਼ਤ ਦਿੰਦੇ ਹਨ। ਇਹ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਮਾਰਕੀਟ ਐਸੋਸੀਏਸ਼ਨਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਹੱਲਾਸ਼ੇਰੀ ਨਾ ਦੇਣ ਸਗੋਂ ਅਜਿਹਾ ਕਰਨ ਵਾਲਿਆਂ ਖ਼ੁਦ ਵੀ ਰੋਕਿਆ ਜਾਵੇ ਅਤੇ ਨਗਰ ਨਿਗਮ ਨੂੰ ਤੁਰੰਤ ਇਤਲਾਹ ਦਿੱਤੀ ਜਾਵੇ ਤਾਂ ਜੋ ਸਬੰਧਤ ਵਿਅਕਤੀ ਦੇ ਖ਼ਿਲਾਫ਼ ਐਕਸ਼ਨ ਲਿਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ