Share on Facebook Share on Twitter Share on Google+ Share on Pinterest Share on Linkedin ਮੁਹਾਲੀ ਅਦਾਲਤ ਵੱਲੋਂ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਮੁਲਜ਼ਮ ਜਥੇਦਾਰ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਹੈ ਦਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ: ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਸਾਬਕਾ ਮੈਂਬਰ ਅਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂਵਾਲੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁਹਾਲੀ ਅਦਾਲਤ ਨੇ ਜਥੇਦਾਰ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ ਹੈ। ਅਕਾਲੀ ਜਥੇਦਾਰ ਨੇ ਬੀਤੀ 4 ਦਸੰਬਰ ਨੂੰ ਆਪਣੇ ਵਕੀਲ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਜੇ ਅਗਨੀਹੋਤਰੀ ਦੀ ਅਦਾਲਤ ਵਿੱਚ ਅਗਾੳਂੂ ਜ਼ਮਾਨਤ ਦੀ ਅਦਾਲਤ ਦਾਇਰ ਕੀਤੀ ਸੀ। ਅੱਜ ਅਦਾਲਤ ਨੇ ਸੁਣਵਾਈ ਦੌਰਾਨ ਅਕਾਲੀ ਆਗੂ ਦੀ ਅਰਜ਼ੀ ਖ਼ਾਰਜ ਕਰ ਦਿੱਤੀ। ਇਸ ਤੋਂ ਪਹਿਲਾਂ ਬੀਤੀ 18 ਜੁਲਾਈ ਨੂੰ ਮੁਹਾਲੀ ਦੀ ਹੇਠਲੀ ਅਦਾਲਤ ਨੇ ਅਕਾਲੀ ਆਗੂ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਹਫ਼ਤਾ ਕੁ ਪਹਿਲਾਂ ਸੁਪਰੀਮ ਕੋਰਟ ਨੇ ਜਥੇਦਾਰ ਕੋਲਿਆਂਵਾਲੀ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ਸਬੰਧੀ ਸੱਤ ਦਿਨਾਂ ਦੀ ਸਟੇਅ ਦਿੱਤੀ ਸੀ ਅਤੇ ਜਥੇਦਾਰ ਨੂੰ ਮੁਹਾਲੀ ਦੀ ਸਬੰਧਤ ਅਦਾਲਤ ਵਿੱਚ ਜ਼ਮਾਨਤ ਦੀ ਆਰਜ਼ੀ ਦਾਇਰ ਕਰਨ ਲਈ ਆਖਿਆ ਸੀ। ਜਥੇਦਾਰ ਦੇ ਖ਼ਿਲਾਫ਼ ਮੁਹਾਲੀ ਵਿਜੀਲੈਂਸ ਥਾਣਾ ਵਿੱਚ ਬੀਤੀ 1 ਜੁਲਾਈ ਨੂੰ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਅਨੁਸਾਰ ਸਾਲ 2009 ਤੋਂ ਸਾਲ 2014 ਦੇ ਸਮੇਂ ਦੌਰਾਨ ਉਕਤ ਮੁਲਜ਼ਮ ਵੱਲੋਂ ਉਕਤ ਵੱਖ ਵੱਖ ਪ੍ਰਮੁੱਖ ਅਹੁਦਿਆਂ ’ਤੇ ਰਹਿੰਦਿਆਂ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ ਅਤੇ ਉਸ ਵੱਲੋਂ ਆਪਣੇ ਜਾਣੂ ਵਸੀਲਿਆਂ ਤੋਂ ਪ੍ਰਾਪਤ ਕੁੱਲ ਆਮਦਨ ਨਾਲੋਂ 1.71 ਕਰੋੜ ਰੁਪਏ ਦਾ ਵੱਧ ਖਰਚਾ ਕੀਤਾ ਗਿਆ ਜੋ ਕਿ ਅਸਲ ਆਮਦਨ ਨਾਲੋਂ ਤਕਰੀਬਨ 71 ਫੀਸਦੀ ਵੱਧ ਬਣਦਾ ਹੈ। ਵਿਜੀਲੈਂਸ ਦੀ ਮੁੱਢਲੀ ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਆਪਣੇ ਰੁਤਬੇ ਦੀ ਕੁਵਰਤੋਂ ਕਰਦਿਆਂ ਹੋਏ ਸਰਕਾਰੀ ਗੱਡੀਆਂ ਦੀ ਦੁਰਵਰਤੋਂ ਕੀਤੀ ਅਤੇ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕਰਮਚਾਰੀਆਂ ਦੀਆਂ ਬਦਲੀਆਂ/ਤਾਇਨਾਤੀਆਂ ਕਰਵਾ ਕੇ ਭਾਰੀ ਰਕਮਾਂ ਹਾਸਲ ਕੀਤੀਆਂ ਗਈਆਂ ਅਤੇ ਗੈਰ-ਕਾਨੂੰਨੀ ਅਨਸਰਾਂ ਦੀ ਮਦਦ ਰਾਹੀਂ ਪੈਸੇ ਇਕੱਠੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲਿਆਂਵਾਲੀ ਦੀ ਪੰਜਾਬ ਤੋਂ ਬਾਹਰਲੇ ਸੂਬਿਆਂ ਜਿਵੇਂ ਰਾਜਸਥਾਨ, ਉੱਤਰਾਖੰਡ ਆਦਿ ਰਾਜਾਂ ਵਿੱਚ ਵੀ ਜਾਇਦਾਦ/ਹੋਟਲ/ਖੇਤੀਬਾੜੀ ਫਾਰਮ ਹੋਣ ਬਾਰੇ ਵੀ ਪਤਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਆਪਣੇ ਪਰਿਵਾਰ ਸਮੇਤ ਕਰੀਬ 5 ਏਕੜ ਦੇ ਮਹਿਲਨੁਮਾ ਫਾਰਮ ਹਾਊਸ ਵਿੱਚ ਰਿਹਾਇਸ਼ ਰੱਖਦਿਆਂ ਸ਼ਾਹੀ ਸਹੂਲਤਾਂ ਵਾਲੀ ਜ਼ਿੰਦਗੀ ਬਤੀਤ ਕਰ ਰਿਹਾ ਹੈ। ਪੜਤਾਲ ਦੌਰਾਨ ਉਕਤ ਚੈੱਕ ਪੀਰੀਅਡ ਦੇ ਸਮੇਂ ਦੌਰਾਨ ਉਸ ਵੱਲੋਂ ਆਪਣੇ ਲੜਕੇ ਦੇ ਵਿਆਹ ’ਤੇ ਭਾਰੀ ਰਕਮ ਵੀ ਖ਼ਰਚ ਕੀਤੀ ਗਈ। ਜਾਂਚ ਦੌਰਾਨ ਇਹ ਸਪੱਸ਼ਟ ਹੋਇਆ ਹੈ ਕਿ ਅਕਾਲੀ ਆਗੂ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਗਈ ਹੈ। (ਬਾਕਸ ਆਈਟਮ) ਵਿਜੀਲੈਂਸ ਬਿਊਰੋ ਦੇ ਐਸਐਸਪੀ ਅਸ਼ੋਕ ਬਾਠ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਸਬੰਧੀ ਮੁਹਾਲੀ ਅਦਾਲਤ ਨੇ ਜਥੇਦਾਰ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਜਦੋਂ ਅਧਿਕਾਰੀ ਨੂੰ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਰੇ ਪੁੱਛਿਆਂ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਜਥੇਦਾਰ ਦੀ ਗ੍ਰਿਫ਼ਤਾਰੀ ’ਤੇ ਸੁਪਰੀਮ ਕੋਰਟ ਵੱਲੋਂ ਭਲਕੇ 7 ਦਸੰਬਰ ਤੱਕ ਸਟੇਅ ਆਰਡਰ ਹਨ। ਉਨ੍ਹਾਂ ਦੱਸਿਆ ਕਿ ਸਟੇਅ ਪੀਰੀਅਡ ਖ਼ਤਮ ਹੋਣ ਤੋਂ ਬਾਅਦ ਅਕਾਲੀ ਆਗੂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ