Share on Facebook Share on Twitter Share on Google+ Share on Pinterest Share on Linkedin ਮੁਹਾਲੀ ਅਦਾਲਤ ਨੇ ਨਾਇਬ ਤਹਿਸੀਲਦਾਰ ਨੂੰ ਮੁੜ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪਿਛਲੇ ਦਿਨੀਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਰਾਜਪੁਰਾ ਦੇ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਖ਼ਿਲਾਫ਼ ਜੁਰਮ ’ਚ ਹੋਰ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਜੀਲੈਂਸ ਨੇ ਮੁਲਜ਼ਮ ਮਾਲ ਅਧਿਕਾਰੀ ਦੀ ਪੁੱਛਗਿੱਛ ਤੋਂ ਬਾਅਦ ਇਸ ਮਾਮਲੇ ਵਿੱਚ ਇਕ ਹੋਰ ਮੁਲਜ਼ਮ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਸ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਪਹਿਲਾਂ ਦਿੱਤਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸੋਮਵਾਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਮੁਲਜ਼ਮ ਮਾਲ ਅਧਿਕਾਰੀ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਵਿਜੀਲੈਂਸ ਦੇ ਜਾਂਚ ਅਧਿਕਾਰੀ ਅਤੇ ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਹੋਰ ਵੀ ਲੋਕ ਜੁੜੇ ਹੋਏ ਹਨ। ਜਿਨ੍ਹਾਂ ਬਾਰੇ ਖ਼ੁਲਾਸੇ ਹੋਣੇ ਬਾਕੀ ਹਨ। ਵਿਜੀਲੈਂਸ ਦੇ ਐਸਐਸਪੀ ਆਰ.ਕੇ. ਬਖ਼ਸ਼ੀ ਨੇ ਦੱਸਿਆ ਕਿ ਮੁਲਜ਼ਮ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਦਾ ਦੋ ਦਿਨ ਹੋਰ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਇਕ ਹੋਰ ਮੁਲਜ਼ਮ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਸ ਦੀ ਭਾਲ ਵਿੱਚ ਵੱਖ ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਾਇਬ ਤਹਿਸੀਲਦਾਰ ਦੇ ਖ਼ਿਲਾਫ਼ ਹੋਰ ਜੁਰਮ ਦਾ ਵਾਧਾ ਕਰਦਿਆਂ ਆਪਣੇ ਅਹੁਦੇ ਦੀ ਵਰਤੋਂ ਕਰਨ, ਗਬਨ, ਪੀਸੀ ਐਕਟ ਅਤੇ ਹੋਰ ਧਰਾਵਾਂ ਜੋੜੀਆਂ ਗਈਆਂ ਹਨ। ਐਸਐਸਪੀ ਵਿਜੀਲੈਂਸ ਨੇ ਦੱਸਿਆ ਕਿ ਮਾਲ ਅਧਿਕਾਰੀ ਨੇ ਦੋ ਏਕੜ ਜ਼ਮੀਨ ਦੀ ਰਜਿਸਟਰੀ ਵੀ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਪੜਤਾਲ ਕੀਤੇ ਬਗੈਰ ਹੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਾਇਬ ਤਹਿਸੀਲਦਾਰ ਕੋਲੋਂ ਵੱਖ ਵੱਖ ਪਹਿਲੂਆਂ ’ਤੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਵਿੱਚ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਐਸਐਸਪੀ ਆਰ.ਕੇ. ਬਖ਼ਸ਼ੀ ਨੇ ਦੱਸਿਆ ਕਿ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਨੂੰ 10 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਪਿੰਡ ਜਵੰਦਾ ਕਲਾਂ (ਤਰਨ ਤਾਰਨ) ਦੇ ਵਸਨੀਕ ਪ੍ਰਗਟ ਸਿੰਘ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਮੁਲਜ਼ਮ ਕੋਲੋਂ ਦੋ ਲੱਖ ਰੁਪਏ ਨਗਦ ਰਾਸ਼ੀ ਬਰਾਮਦ ਕੀਤੀ ਗਈ ਹੈ ਜਦੋਂਕਿ ਬਾਕੀ ਰਾਸ਼ੀ ਦੇ 4-4 ਲੱਖ ਦੇ ਦੋ ਚੈੱਕ ਸ਼ਾਮਲ ਹਨ। ਐਸਐਸਪੀ ਬਖ਼ਸ਼ੀ ਨੇ ਦੱਸਿਆ ਕਿ ਬਨੂੜ ਦੇ ਨਾਇਬ ਤਹਿਸੀਲਦਾਰ ਰੁਪਿੰਦਰ ਸਿੰਘ ਮਣਕੂ ਅਤੇ ਰਾਜਪੁਰਾ ਦੇ ਇਕ ਪਟਵਾਰੀ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਬਰੀਕੀ ਨਾਲ ਜਾਂਚ ਕਰ ਰਹੀ ਹੈ। ਉਂਜ ਵਿਜੀਲੈਂਸ ਦੀ ਐਫ਼ਆਈਆਰ ਵਿੱਚ ਬਨੂੜ ਦੇ ਨਾਇਬ ਤਹਿਸੀਲਦਾਰ ਦਾ ਨਾਂ ਬੋਲਦਾ ਹੈ। ਪੀੜਤ ਪ੍ਰਗਟ ਸਿੰਘ ਨੇ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਨੇ ਬਨੂੜ ਨੇੜਲੇ ਪਿੰਡ ਖਿਜ਼ਰਗੜ੍ਹ ਅਤੇ ਅਜੀਜ਼ਪੁਰ ਵਿੱਚ 21 ਕਨਾਲ ਜ਼ਮੀਨ ਖਰੀਦੀ ਸੀ। ਜਿਸ ਦੀ ਰਜਿਸਟਰੀ ਵੀ ਹੋ ਗਈ ਸੀ। ਉਸ ਸਮੇਂ ਹਰਨੇਕ ਸਿੰਘ ਬਨੂੜ ਵਿੱਚ ਨਾਇਬ ਤਹਿਸੀਲਦਾਰ ਤਾਇਨਾਤ ਸੀ ਅਤੇ ਇਹ ਅਧਿਕਾਰੀ ਜ਼ਮੀਨ ਦੇ ਇੰਤਕਾਲ ਕਰਨ ਵਿੱਚ ਅੜਿੱਕਾ ਪਾ ਰਿਹਾ ਸੀ। ਬਾਅਦ ਵਿੱਚ ਪਤਾ ਲੱਗਾ ਕਿ ਅਜੀਜ਼ਪੁਰ ਵਾਲੀ ਜ਼ਮੀਨ ਦੇ ਕੁਝ ਹਿੱਸੇਦਾਰ ਹੋਰ ਵੀ ਹਨ। ਇਸ ਸਬੰਧੀ ਉਸ ਨੇ ਉੱਚ ਅਧਿਕਾਰੀਆਂ ਕੋਲ ਇਨਸਾਫ਼ ਦੀ ਗੁਹਾਰ ਲਗਾਈ ਅਤੇ ਏਡੀਸੀ ਨੇ ਐਸਡੀਐਮ ਨੂੰ ਜਾਂਚ ਲਈ ਆਦੇਸ਼ ਦਿੱਤੇ ਗਏ। ਐਸਡੀਐਮ ਨੇ ਅੱਗੇ ਨਾਇਬ ਤਹਿਸੀਲਦਾਰ ਬਨੂੜ ਨੂੰ ਇਨਕੁਆਰੀ ਮਾਰਕ ਕਰ ਦਿੱਤੀ। ਬਨੂੜ ਵਾਲੇ ਅਧਿਕਾਰੀ ਨੇ ਪੀੜਤ ਨੂੰ ਕਿਹਾ ਕਿ ਉਹ ਆਪਣੇ ਕੰਮ ਲਈ ਰਾਜਪੁਰਾ ਦੇ ਅਧਿਕਾਰੀ ਤੋਂ ਫੋਨ ਕਰਵਾਉਣ। ਇਸ ਤਰ੍ਹਾਂ ਜਦੋਂ ਉਸ ਨੇ ਰਾਜਪੁਰਾ ਦੇ ਮਾਲ ਅਧਿਕਾਰੀ ਹਰਨੇਕ ਸਿੰਘ ਨਾਲ ਗੱਲ ਕੀਤੀ ਤਾਂ ਉਸ ਨੇ 10 ਲੱਖ ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਗਈ ਸੀ। ਇਸ ਬਾਰੇ ਪੀੜਤ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ