Nabaz-e-punjab.com

ਮੁਹਾਲੀ ਅਦਾਲਤ ਨੇ ਨਾਇਬ ਤਹਿਸੀਲਦਾਰ ਨੂੰ 3 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ:
ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਨਾਇਬ ਤਹਿਸੀਲਦਾਰਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ’ਚੋਂ ਇੱਕ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਜੋ ਕਿ ਰਾਜਪੁਰਾ ਵਿੱਚ ਤਾਇਨਾਤ ਸੀ। ਮੁਲਜ਼ਮ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਣ ਦੇ ਆਦੇਸ਼ ਦਿੰਦਿਆਂ ਅਧਿਕਾਰੀ ਨੂੰ ਦੁਬਾਰਾ 20 ਜਨਵਰੀ ਨੂੰ ਪੇਸ਼ ਕਰਨ ਲਈ ਆਖਿਆ ਹੈ।
ਮੁਹਾਲੀ ਵਿਜੀਲੈਂਸ ਦੇ ਐਸਐਸਪੀ ਆਰ.ਕੇ. ਬਖ਼ਸ਼ੀ ਨੇ ਦੱਸਿਆ ਕਿ ਰਾਜਪੁਰਾ ਦੇ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਨੂੰ 10 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਪਿੰਡ ਜਵੰਦਾ ਕਲਾਂ (ਤਰਨ ਤਾਰਨ) ਦੇ ਵਸਨੀਕ ਪ੍ਰਗਟ ਸਿੰਘ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਮੁਲਜ਼ਮ ਕੋਲੋਂ ਦੋ ਲੱਖ ਰੁਪਏ ਨਗਦ ਰਾਸ਼ੀ ਬਰਾਮਦ ਕੀਤੀ ਗਈ ਹੈ ਜਦੋਂਕਿ ਬਾਕੀ ਅੱਠ ਰਾਸ਼ੀ ਦੇ 4-4 ਲੱਖ ਦੇ ਦੋ ਚੈੱਕ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਰਗਟ ਸਿੰਘ ਦੀ ਸ਼ਿਕਾਇਤ ’ਤੇ ਰਾਜਪੁਰਾ (ਜ਼ਿਲ੍ਹਾ ਪਟਿਆਲਾ) ਦੇ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਬਿਊਰੋ ਨੂੰ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੀ ਆਪਣੀ ਜ਼ਮੀਨ ਦੀ ਵੰਡ ਸਬੰਧੀ ਪਟੀਸ਼ਨ ਨਾਇਬ ਤਹਿਸੀਲਦਾਰ ਬਨੂੜ ਰੁਪਿੰਦਰ ਕੁਮਾਰ ਕੋਲ ਵਿਚਾਰ ਅਧੀਨ ਸੀ ਜਿਸਨੇ ਸ਼ਿਕਾਇਤਕਰਤਾ ਨੂੰ ਨਾਇਬ ਤਹਿਸੀਲਦਾਰ ਰਾਜਪੁਰਾ ਉਸ ਨੂੰ ਕੋਲ ਜਾਣ ਲਈ ਕਿਹਾ।ਉਨ੍ਹਾਂ ਦੱਸਿਆ ਕਿ ਨਾਇਬ ਤਹਿਸੀਲਦਾਰ ਰਾਜਪੁਰਾ ਨੇ ਨਾਇਬ ਤਹਿਸੀਲਦਾਰ ਬਨੂੜ ਅਤੇ ਮੁਹਾਲੀ ਨਗਰ ਦੇ ਵਧੀਕ ਡਿਪਟੀ ਕਮਿਸ਼ਨਰ ਕੋਲ ਚੱਲ ਰਹੇ ਦੋ ਮਾਲ ਕੇਸਾਂ ਦਾ ਫੈਸਲਾ ਸ਼ਿਕਾਇਤ ਕਰਤਾ ਦੇ ਹੱਕ ਵਿੱਚ ਕਰਵਾਉਣ ਬਦਲੇ ਦਸ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਉਕਤ ਜਾਣਕਾਰੀ ਦੀ ਪੁਸ਼ਟੀ ਕਰਨ ਤੋਂ ਬਾਅਦ ਬਿਊਰੋ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਦੋ ਲੱਖ ਰੁਪਏ ਨਕਦ ਅਤੇ 8 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਲੈਂਦਿਆਂ ਦੋਸ਼ੀ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਾਮਲੇ ਵਿੱਚ ਬਨੂੜ ਦੇ ਨਾਇਬ ਤਹਿਸੀਲਦਾਰ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਪ੍ਰੰਤੂ ਉਨ੍ਹਾਂ ਦੀ ਸ਼ੱਕੀ ਭੂਮਿਕਾ ਬਾਰੇ ਜਾਂਚ ਕੀਤੀ ਜਾ ਰਹੀ ਹੈ। ਬਨੂੜ ਦੇ ਅਧਿਕਾਰੀ ਸਮੇਤ ਰਾਜਪੁਰਾ ਦੇ ਇਕ ਪਟਵਾਰੀ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…