ਮਨੀ ਲਾਂਡਰਿੰਗ ਕੇਸ: ਮੁਹਾਲੀ ਅਦਾਲਤ ਨੇ ਸੁਖਪਾਲ ਖਹਿਰਾ ਨੂੰ 7 ਦਿਨ ਦੇ ਰਿਮਾਂਡ ’ਤੇ ਭੇਜਿਆ

‘ਮੇਰੇ ਪਿਤਾ ਦੀ ਗ੍ਰਿਫ਼ਤਾਰੀ ਮਹਿਜ਼ ਸਿਆਸੀ ਸਟੰਟ’, ਸਾਰੇ ਦੋਸ਼ ਬੇਬੁਨਿਆਦ: ਐਡਵੋਕੇਟ ਮਹਿਤਾਬ ਸਿੰਘ ਖਹਿਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਨਵੰਬਰ:
ਐਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੇਰ ਸ਼ਾਮ ਉਸ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਦੁਪਹਿਰ ਤੱਕ ਇਹ ਕੇਸ ਮੁਹਾਲੀ ਦੀਆਂ ਤਿੰਨ ਅਦਾਲਤਾਂ ਵਿੱਚ ਘੁੰਮਦਾ ਰਿਹਾ। ਈਡੀ ਦੀ ਟੀਮ ਵੱਲੋਂ ਅੱਜ ਦੁਪਹਿਰੇ ਖਹਿਰਾ ਨੂੰ ਪੇਸ਼ ਕਰਨ ਲਈ ਸੀਬੀਆਈ-ਕਮ-ਈਡੀ ਦੇ ਵਿਸ਼ੇਸ਼ ਜੱਜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਉਨ੍ਹਾਂ ਨੇ ਕੇਸ ਦੀ ਸੁਣਵਾਈ ਕਰਨ ਦੀ ਥਾਂ ਇਸ ਨੂੰ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਕੋਲ ਭੇਜ ਦਿੱਤਾ। ਜਿਨ੍ਹਾਂ ਨੇ ਅੱਗੇ ਇਸ ਕੇਸ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਜਨ ਖੁੱਲਰ ਦੀ ਅਦਾਲਤ ਵਿੱਚ ਭੇਜ ਦਿੱਤਾ। ਜਿੱਥੇ ਈਡੀ ਦੇ ਵਕੀਲਾਂ ਅਤੇ ਬਚਾਅ ਪੱਖ ਦੇ ਵਕੀਲਾਂ ਵਿੱਚ ਜ਼ਬਰਦਸਤ ਬਹਿਸ ਹੋਈ।
ਈਡੀ ਦੇ ਵਕੀਲ ਨੇ ਕਿਹਾ ਕਿ ਖਹਿਰਾ ਉਸ ਦੇ ਖ਼ਿਲਾਫ਼ ਲੱਗੇ ਗੰਭੀਰ ਦੋਸ਼ਾਂ ਬਾਰੇ ਜਾਂਚ ਟੀਮ ਨੂੰ ਸਹਿਯੋਗ ਨਹੀਂ ਦੇ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮ ਦਾ 14 ਦਿਨ ਦਾ ਪੁਲੀਸ ਰਿਮਾਂਡ ਦਿੱਤਾ ਜਾਵੇ ਤਾਂ ਜੋ ਉਸ ਕੋਲੋਂ ਬਰੀਕੀ ਨਾਲ ਪੁੱਛ ਪੜਤਾਲ ਕੀਤੀ ਜਾ ਸਕੇ। ਉਧਰ, ਬਚਾਅ ਪੱਖ ਦੇ ਵਕੀਲਾਂ ਨੇ ਈਡੀ ਦੀ ਕਾਰਵਾਈ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਕਾਂਗਰਸ ਆਗੂ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਦੇਰ ਸ਼ਾਮ ਕਰੀਬ ਸੱਤ ਵਜੇ ਅਦਾਲਤ ਨੇ ਖਹਿਰਾ ਨੂੰ 7 ਦਿਨ ਦੇ ਰਿਮਾਂਡ ’ਤੇ ਭੇਜਣ ਦਾ ਹੁਕਮ ਜਾਰੀ ਕਰਕੇ ਕਾਂਗਰਸ ਆਗੂ ਦੁਬਾਰਾ 18 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ। ਇਸ ਮਾਮਲੇ ਦੀ ਜਾਂਚ ਈਡੀ ਦੇ ਐਸਟੀਐਫ਼ ਵਿੰਗ ਨਵੀਂ ਦਿੱਲੀ ਵੱਲੋਂ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਸੁਖਪਾਲ ਖਹਿਰਾ ਨੂੰ ਵੀਰਵਾਰ ਨੂੰ ਉਕਤ ਮਾਮਲੇ ਵਿੱਚ ਪੁੱਛਗਿੱਛ ਲਈ ਈਡੀ ਦੇ ਸੈਕਟਰ-18 ਸਥਿਤ ਦਫ਼ਤਰ ਵਿੱਚ ਸੱਦਿਆ ਗਿਆ ਸੀ। ਜਿੱਥੇ ਮੁੱਢਲੀ ਪੁੱਛ ਪੜਤਾਲ ਤੋਂ ਬਾਅਦ ਕਾਂਗਰਸ ਆਗੂ ਦੀ ਗ੍ਰਿਫ਼ਤਾਰੀ ਪਾ ਲਈ ਗਈ। ਖਹਿਰਾ ਦੀ ਗ੍ਰਿਫ਼ਤਾਰੀ ਨਾਲ ਸੂਬੇ ਵਿੱਚ ਸਿਆਸੀ ਹਲਚਲ ਪੈਦਾ ਹੋ ਗਈ ਹੈ। ਈਡੀ ਵੱਲੋਂ ਸਾਲ 2015 ਵਿੱਚ ਫਾਜ਼ਿਲਕਾ ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ। ਇਸ ਮਾਮਲੇ ਵਿੱਚ ਗੁਰਦੇਵ ਸਿੰਘ ਸਮੇਤ ਹੋਰਨਾਂ ’ਤੇ ਪਰਚਾ ਦਰਜ ਕੀਤਾ ਗਿਆ ਸੀ। ਯੂਕੇ ਅਤੇ ਪਾਕਿਸਤਾਨ ਤੋਂ ਹੈਰੋਇਨ ਸਪਲਾਈ ਕਰਨ ਦੀ ਗੱਲ ਕਹੀ ਸੀ। ਬਾਅਦ ਵਿੱਚ ਈਡੀ ਵੱਲੋਂ ਇਸ ਬਹੁ-ਚਰਚਿਤ ਮਾਮਲੇ ਵਿੱਚ ਸੁਖਪਾਲ ਖਹਿਰਾ ਨੂੰ ਨਾਮਜ਼ਦ ਕਰ ਲਿਆ ਗਿਆ ਸੀ।

ਉਧਰ, ਅਦਾਲਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਸੁਖਪਾਲ ਖਹਿਰਾ ਦੇ ਸਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਨੇ ਈਡੀ ਦੇ ਸਾਰੇ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਅਤੇ ਝੂਠ ਦਾ ਪੁਲੰਦਾ ਦੱਸਦਿਆਂ ਆਪਣੇ ਪਿਤਾ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਸਟੰਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆਉਣ ਕਾਰਨ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਈਡੀ ਵੱਲੋਂ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਇਸ ਮਾਮਲੇ ਵਿੱਚ ਉਨ੍ਹਾਂ (ਖਹਿਰਾ) ਦੇ ਸਿਆਸੀ ਵਿਰੋਧੀ ਵੀ ਭਾਜਪਾ ਲੀਡਰਸ਼ਿਪ ਅਤੇ ਸਰਕਾਰ ਨਾਲ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਉਸ ਦੇ ਪਿਤਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਨ ਤਾਂ ਉਨ੍ਹਾਂ ਨੇ ਇਕ ਵੱਡੇ ਮੰਤਰੀ ’ਤੇ ਕਾਰਵਾਈ ਕਰਵਾਈ ਸੀ ਅਤੇ ਉਸ ਦਾ ਅਸਤੀਫ਼ਾ ਦੁਆਇਆ ਸੀ। ਮਹਿਤਾਬ ਨੇ ਕਿਹਾ ਕਿ ਇਸ ਦੇ ਚੱਲਦਿਆਂ ਹੀ ਉਸ ਦੇ ਪਿਤਾ ’ਤੇ ਇਹ ਕਾਰਵਾਈ ਕੀਤੀ ਗਈ ਹੈ। ਖਹਿਰਾ ਪਰਿਵਾਰ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਹ ਕਾਫ਼ੀ ਪੁਰਾਣਾ ਮਾਮਲਾ ਹੈ ਅਤੇ ਸਾਲ 2017 ਵਿੱਚ ਸੁਪਰੀਮ ਕੋਰਟ ਵੱਲੋਂ ਹੇਠਲੀ ਅਦਾਲਤਾਂ ਵਿੱਚ ਕੇਸ ਦੀ ਸੁਣਵਾਈ ’ਤੇ ਰੋਕ ਲਗਾਈ ਹੋਈ ਹੈ ਪ੍ਰੰਤੂ ਈਡੀ ਨੇ ਕਾਨੂੰਨ ਦੀ ਉਲੰਘਣਾ ਕਰਕੇ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

Vigilance Bureau arrests ASI for taking Rs 15,000 bribe

Vigilance Bureau arrests ASI for taking Rs 15,000 bribe Chandigarh 29 January 2025 : The P…