ਮੁਹਾਲੀ ਅਦਾਲਤ ਨੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਜੇਲ੍ਹ ਭੇਜਿਆ

ਵਿਜੀਲੈਂਸ ਦੇ ਏਆਈਜੀ ਨੂੰ ਕੇਸਾਂ ’ਚੋਂ ਖਲਾਸੀ ਲਈ ਇੱਕ ਕਰੋੜ ਰਿਸ਼ਵਤ ਦੀ ਕੀਤੀ ਸੀ ਪੇਸ਼ਕਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਕਤੂਬਰ:
ਪਿਛਲੀ ਕਾਂਗਰਸ ਸਰਕਾਰ ਸਮੇਂ ਉਦਯੋਗ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਨੂੰ ਤਿੰਨ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਪਿੱਛੇ ਜਿਹੇ ਅਰੋੜਾ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ।
ਅਰੋੜਾ ਸਨਅਤੀ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਅਤੇ ਮੁਹਾਲੀ ਵਿੱਚ ਬੰਦ ਪਈ ਜੇਸੀਟੀ ਫੈਕਟਰੀ ਦੀ ਜ਼ਮੀਨ ਨੂੰ ਸਸਤੇ ਭਾਅ ’ਤੇ ਵੇਚਣ ਸਮੇਤ ਭ੍ਰਿਸ਼ਟਾਚਾਰ ਦੇ ਹੋਰ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਕੇਸਾਂ ’ਚੋਂ ਕਾਨੂੰਨੀ ਕਾਰਵਾਈ ਤੋਂ ਬਚਨ ਲਈ ਸਾਬਕਾ ਮੰਤਰੀ ਨੇ ਪਿਛਲੇ ਦਿਨੀਂ ਵਿਜੀਲੈਂਸ ਦੇ ਏਆਈਜੀ ਤੇ ਜਾਂਚ ਅਧਿਕਾਰੀ ਮਨਮੋਹਨ ਕੁਮਾਰ ਨੂੰ ਇੱਕ ਕਰੋੜ ਰੁਪਏ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ ਗਈ ਅਤੇ ਪਹਿਲੀ ਕਿਸ਼ਤ ਵਜੋਂ 50 ਲੱਖ ਰੁਪਏ ਰਿਸ਼ਵਤ ਦੇਣ ਸਮੇਂ ਵਿਜੀਲੈਂਸ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਸੀ। ਇਸ ਸਬੰਧੀ ਵਿਜੀਲੈਂਸ ਬਿਊਰੋ (ਉਡਣ ਦਸਤਾ) ਦੇ ਏਆਈਜੀ ਮਨਮੋਹਨ ਕੁਮਾਰ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਪਰਚਾ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਨੇ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਸਾਬਕਾ ਮੰਤਰੀ ਨੂੰ ਮੁੜ ਪੁਲੀਸ ਰਿਮਾਂਡ ’ਤੇ ਭੇਜਣ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਦੇ ਘਰੋਂ ਨੋਟ ਗਿਣਨ ਵਾਲੀ ਮਸ਼ੀਨ ਬਰਾਮਦ ਹੋਈ ਹੈ। ਉਸ ਤੋਂ ਪਤਾ ਕਰਨਾ ਹੈ ਕਿ ਉਸ ਕੋਲ ਐਨੇ ਪੈਸੇ ਕਿੱਥੋਂ ਆਉਂਦੇ ਸੀ ਕਿ ਨੋਟਾਂ ਦੀ ਗਿਣਤੀ ਕਰਨ ਲਈ ਮਸ਼ੀਨ ਦੀ ਲੋੜ ਪੈਂਦੀ ਹੋਵੇ। ਵਿਜੀਲੈਂਸ ਨੇ ਅਦਾਲਤ ਨੂੰ ਦੱਸਿਆ ਕਿ ਜਾਂਚ ਅਧਿਕਾਰੀ ਨੂੰ 50 ਲੱਖ ਰੁਪਏ ਦੇਣ ਲਈ ਮੁਹਾਲੀ ਦੇ ਇੱਕ ਨਾਮੀ ਬਿਲਡਰ ਨੇ ਦਿੱਤੇ ਸੀ ਅਤੇ ਉਸੇ ਬਿਲਡਰ ਦੀ ਗੱਡੀ ਵਿੱਚ ਉਹ ਪੈਸੇ ਦੇਣ ਆਇਆ ਸੀ। ਸਾਬਕਾ ਮੰਤਰੀ ਤੋਂ ਉਕਤ ਬਿਲਡਰ ਦੀ ਸ਼ੱਕੀ ਭੂਮਿਕਾ ਬਾਰੇ ਹੋਰ ਪੁੱਛ ਪੜਤਾਲ ਕਰਨੀ ਹੈ।
ਉਧਰ, ਬਚਾਅ ਪੱਖ ਦੇ ਵਕੀਲਾਂ ਨੇ ਪੁਲੀਸ ਰਿਮਾਂਡ ਦੀ ਮੰਗ ਦਾ ਵਿਰੋਧ ਕਰਦਿਆਂ ਦਲੀਲ ਦਿੱਤੀ ਕਿ ਟਰੈਪ ਕੇਸ ਵਿੱਚ ਦੁਬਾਰਾ ਪੁਲੀਸ ਰਿਮਾਂਡ ਦੀ ਕੋਈ ਗੁੰਜਾਇਸ਼ ਨਹੀਂ ਹੁੰਦੀ। ਉਨ੍ਹਾਂ ਦਲੀਲ ਦਿੱਤੀ ਕਿ ਸਾਬਕਾ ਮੰਤਰੀ ਦੇ ਘਰੋਂ ਜਿਹੜੀ ਮਸ਼ੀਨ ਜਾਂ ਪੈਸੇ ਮਿਲੇ ਹਨ। ਉਸ ਸਬੰਧੀ ਇਨਕਮ ਟੈਕਸ ਵਿਭਾਗ ਵੱਲੋਂ ਜਾਂਚ ਕਰਨੀ ਬਣਦੀ ਹੈ। ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…