Nabaz-e-punjab.com

ਫਿਰੌਤੀ ਮਾਮਲਾ: ਮੁਹਾਲੀ ਅਦਾਲਤ ਨੇ ਯੂਪੀ ਦੇ ਬਸਪਾ ਵਿਧਾਇਕ ਮੁਖ਼ਤਾਰ ਅੰਸਾਰੀ ਨੂੰ ਜੇਲ੍ਹ ਭੇਜਿਆ

ਬਸਪਾ ਵਿਧਾਇਕ ਦੀ ਆਵਾਜ਼ ਦੇ ਸੈਂਪਲ ਲੈ ਕੇ ਜਾਂਚ ਲਈ ਫੋਰੈਂਸਿਕ ਲੈਬਾਰਟਰੀ ਵਿੱਚ ਭੇਜੇ: ਐਸਐਸਪੀ ਚਾਹਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ:
ਮੁਹਾਲੀ ਪੁਲੀਸ ਵੱਲੋਂ ਸ਼ਹਿਰ ਦੇ ਇੱਕ ਨਾਮੀ ਬਿਲਡਰ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੀਨੀਅਰ ਆਗੂ ਅਤੇ ਯੂਪੀ ਦੇ ਬਾਹੂਬਲੀ ਆਗੂ ਮੁਖਤਾਰ ਅੰਸਾਰੀ ਨੂੰ ਪਹਿਲਾਂ ਦਿੱਤਾ ਦੋ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਮੁੜ ਤੋਂ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਬਸਪਾ ਵਿਧਾਇਕ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਰੋਪੜ ਜੇਲ੍ਹ ਭੇਜ ਦਿੱਤਾ। ਜ਼ਿਲ੍ਹਾ ਪੁਲੀਸ ਮੁਖੀ ਕੁਦੀਪ ਸਿੰਘ ਚਾਹਲ ਨੇ ਆਪਣੇ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਬਸਪਾ ਵਿਧਾਇਕ ਨੂੰ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਆਵਾਜ਼ ਦੇ ਸੈਂਪਲ ਲੈ ਕੇ ਜਾਂਚ ਲਈ ਫੋਰੈਂਸਿਕ ਲੈਬ ਵਿੱਚ ਭੇਜੇ ਗਏ ਹਨ।
ਅੰਸਾਰੀ ਯੂਪੀ ਦੇ ਮਊ ਹਲਕੇ ਤੋਂ ਬਸਪਾ ਦੇ ਵਿਧਾਇਕ ਦੱਸੇ ਜਾ ਰਹੇ ਹਨ। ਇਸ ਸਬੰਧੀ ਮੁਲਜ਼ਮ ਵਿਧਾਇਕ ਦੇ ਖ਼ਿਲਾਫ਼ ਇੱਥੋਂ ਦੇ ਮਟੌਰ ਥਾਣੇ ਵਿੱਚ ਧਾਰਾ 386 ਅਧੀਨ ਐਫ਼ਆਈਆਰ ਨੰਬਰ-5 ਦਰਜ ਕੀਤੀ ਗਈ ਹੈ। ਹਾਲਾਂਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਡੀਜੀਪੀ ਰਾਹੀਂ ਸਾਰੇ ਥਾਣਿਆਂ ਨੂੰ ਇਹ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ ਕਿ ਕਿਸੇ ਵੀ ਕੇਸ ਵਿੱਚ ਪਰਚਾ ਦਰਜ ਕਰਨ ਤੋਂ 24 ਘੰਟੇ ਦੇ ਅੰਦਰ ਅੰਦਰ ਸਬੰਧਤ ਐਫ਼ਆਈਆਰ ਨੂੰ ਆਨਲਾਈਨ ਸਿਸਟਮ ’ਤੇ ਅਪਲੋਡ ਕੀਤਾ ਜਾਵੇ ਪ੍ਰੰਤੂ ਮਟੌਰ ਪੁਲੀਸ ਨੇ ਇਹ ਕੇਸ ਆਨਲਾਈਨ ਸਿਸਟਮ ’ਤੇ ਅਪਲੋਡ ਹੀ ਨਹੀਂ ਕੀਤੀ ਹੈ। ਇਹੀ ਨਹੀਂ ਇਸ ਹਾਈ ਪ੍ਰੋਫਾਈਲ ਮਾਮਲੇ ਵਿੱਚ ਮਟੌਰ ਥਾਣੇ ਦਾ ਸਟਾਫ਼ ਜਾਂ ਕੋਈ ਹੋਰ ਅਧਿਕਾਰੀ ਆਪਣਾ ਮੂੰਹ ਖੋਲ੍ਹਣ ਨੂੰ ਵੀ ਤਿਆਰ ਹੈ।
ਜਾਣਕਾਰੀ ਅਨੁਸਾਰ ਬਸਪਾ ਵਿਧਾਇਕ ਮੁਖਤਾਰ ਅੰਸਾਰੀ ਨੂੰ ਯੂਪੀ ਦੀ ਜੇਲ੍ਹ ’ਚ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੇ ਖ਼ਿਲਾਫ਼ ਇੱਥੋਂ ਦੇ ਸੈਕਟਰ-70 ਦੇ ਇੱਕ ਬਿਲਡਰ ਦੀ ਸ਼ਿਕਾਇਤ ’ਤੇ 10 ਕਰੋੜ ਰੁਪਏ ਫਿਰੌਤੀ ਮੰਗਣ ਅਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਗਈ ਸੀ। ਮਟੌਰ ਥਾਣਾ ਦੇ ਐਸਐਚਓ ਦਲਜੀਤ ਸਿੰਘ ਗਿੱਲ ਅਤੇ ਜਾਂਚ ਅਧਿਕਾਰੀ ਵੱਲੋਂ ਮੁਲਜ਼ਮ ਵਿਧਾਇਕ ਨੂੰ ਅੱਜ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਵਿਧਾਇਕ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਰੋਪੜ ਜੇਲ੍ਹ ਭੇਜ ਦਿੱਤਾ।
ਜਾਣਕਾਰੀ ਅਨੁਸਾਰ ਮੁਹਾਲੀ ਦੇ ਬਿਲਡਰ ਨੂੰ ਫੋਨ ਕਰਨ ਵਾਲੇ ਨੇ ਆਪਣਾ ਨਾਂ ਮੁਖ਼ਤਾਰ ਅੰਸਾਰੀ ਦੱਸਦਿਆਂ 10 ਕਰੋੜ ਦੀ ਫਿਰੌਤੀ ਮੰਗੀ ਸੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਬਿਲਡਰ ਨੂੰ ਗੰਭੀਰ ਨਤੀਜੇ ਭੁਗਤਨ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ ਮਟੌਰ ਥਾਣੇ ਵਿੱਚ ਬਸਪਾ ਵਿਧਾਇਕ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਜੇਕਰ ਬਸਪਾ ਵਿਧਾਇਕ ਜੇਲ੍ਹ ਵਿੱਚ ਸੀ ਤਾਂ ਬਿਲਡਰ ਨੂੰ ਫੋਨ ਕਰਕੇ ਫਿਰੌਤੀ ਕਿਸ ਨੇ ਮੰਗੀ ਜਾਂ ਕੀ ਵਿਧਾਇਕ ਜੇਲ੍ਹ ਵਿੱਚ ਬੈਠ ਕੇ ਆਪਣਾ ਜੁਰਮ ਦਾ ਅੱਡਾ ਚਲਾ ਰਿਹਾ ਸੀ?

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…