nabaz-e-punjab.com

ਮੁਹਾਲੀ ਦੀ ਡੀਸੀ ਗੁਰਪ੍ਰੀਤ ਕੌਰ ਸਪਰਾ ਦਾ ਤਬਾਦਲਾ, ਗਿਰੀਸ਼ ਦਯਾਲਨ ਹੋਣਗੇ ਨਵੇਂ ਡਿਪਟੀ ਕਮਿਸ਼ਨਰ

ਨਵੇਂ ਡਿਪਟੀ ਕਮਿਸ਼ਨਰ ਗਿਰੀਸ਼ ਦਯਾਲਨ ਸੋਮਵਾਰ ਨੂੰ ਸੰਭਾਲਣਗੇ ਅਹੁਦਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ:
ਪੰਜਾਬ ਸਰਕਾਰ ਵੱਲੋਂ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦਾ ਅੱਜ ਇੱਥੋਂ ਤਬਾਦਲਾ ਕਰਕੇ ਉਨ੍ਹਾਂ ਨੂੰ ਸਮਾਜਿਕ ਸੁਰੱਖਿਆ ਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਥਾਂ ’ਤੇ ਸੀਨੀਅਰ ਆਈਏਐਸ ਅਫ਼ਸਰ ਗਿਰੀਸ਼ ਦਯਾਲਨ ਨੂੰ ਜ਼ਿਲ੍ਹਾ ਮੁਹਾਲੀ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਸ੍ਰੀ ਦਯਾਲਨ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਸਨ ਅਤੇ ਇਸ ਦੇ ਨਾਲ ਉਹ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਦੇ ਸੀਈਓ ਦਾ ਕੰਮ ਵੀ ਦੇਖ ਰਹੇੇ ਸਨ।
ਜਾਣਕਾਰੀ ਮਿਲੀ ਹੈ ਕਿ ਸ੍ਰੀ ਗਿਰੀਸ਼ ਦਯਾਲਨ 9 ਜੂਨ ਤੱਕ ਛੁੱਟੀ ’ਤੇ ਚਲ ਰਹੇ ਹਨ। ਇਸ ਸਮੇਂ ਉਹ ਅਬਰਾਊੜ ਗਏ ਹੋਏ ਹਨ। ਦੱਸਿਆ ਗਿਆ ਹੈ ਕਿ ਨਵੇਂ ਡਿਪਟੀ ਕਮਿਸ਼ਨਰ ਸ੍ਰੀ ਦਯਾਲਨ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲਣਗੇ।
ਉਧਰ, ਅੱਜ ਆਪਣੀ ਬਦਲੀ ਹੋਣ ਤੋਂ ਬਾਅਦ ‘ਨਬਜ਼-ਏ-ਪੰਜਾਬ ਡਾਟ ਕਾਮ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਮਾਜਿਕ ਸੁਰੱਖਿਆ ਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਹ ਇੱਥੇ ਵੀ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਿਭਾਉਣਗੇ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ੍ਰੀਮਤੀ ਸਪਰਾ ਨੇ ਕਿਹਾ ਕਿ ਮੁਹਾਲੀ ਵਿੱਚ ਡਿਪਟੀ ਕਮਿਸ਼ਨਰ ਹੁੰਦਿਆਂ ਉਨ੍ਹਾਂ ਨੂੰ ਜ਼ਿਲ੍ਹੇ ਦੇ ਲੋਕਾਂ ਨੇ ਬਹੁਤ ਇੱਜ਼ਤ ਮਾਣ ਬਖ਼ਸ਼ਿਆਂ ਹੈ ਅਤੇ ਲੋਕ ਸਭਾ ਚੋਣਾਂ ਅਤੇ ਇਸ ਤੋਂ ਪਹਿਲਾਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀਆਂ ਅਤੇ ਗਰਾਮ ਪੰਚਾਇਤ ਚੋਣਾਂ ਵਿੱਚ ਸਮੁੱਚੇ ਜ਼ਿਲ੍ਹੇ ਅੰਦਰ ਲੋਕਾਂ ਨੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਹੈ। ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਲੋੜਵੰਦ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਸਮੇਂ ਸਿਰ ਪੂਰਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ। ਮੁਹਾਲੀ ਵਿੱਚ ਡਿਪਟੀ ਕਮਿਸ਼ਨਰ ਦੇ ਅਹੁਦੇ ’ਤੇ ਤਾਇਨਾਤੀ ਦੌਰਾਨ ਸ੍ਰੀਮਤੀ ਸਪਰਾ ਲੋਕਾਂ ਵਿੱਚ ਬਹੁਤ ਜ਼ਿਆਦਾਤ ਹਰਮਨ ਪਿਆਰੇ ਅਧਿਕਾਰੀ ਵਜੋਂ ਜਾਣੇ ਜਾਂਦੇ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…