nabaz-e-punjab.com

ਜ਼ਿਲ੍ਹਾ ਮੁਹਾਲੀ ਵਿੱਚ ਅਸਲਾ ਤੇ ਤੇਜ਼ਧਾਰ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਮੂਹ ਲਾਇਸੈਂਸ ਅਸਲਾ ਧਾਰਕਾਂ ਨੂੰ ਅਸਲਾ ਪੁਲੀਸ ਥਾਣਿਆਂ ’ਚ ਜਮ੍ਹਾ ਕਰਵਾਉਣ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਾਰਚ:
ਪੰਜਾਬ ਵਿੱਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੀ ਚੌਕੰਨਾ ਹੋ ਗਿਆ ਹੈ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਅਧਿਕਾਰਤ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਸਬੰਧੀ ਜਿੱਥੇ ਰਾਜਸੀ ਪਾਰਟੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ, ਚੋਣਾਂ ਦੀ ਪ੍ਰਕਿਰਿਆ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਅਤੇ ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਹੱਦ ਅੰਦਰ ਕਿਸੇ ਵੀ ਕਿਸਮ ਦੇ ਅਗਨ ਸ਼ਸਤਰ, ਅਸਲਾ, ਵਿਸਫੋਟਕ, ਜਲਨਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਲਾਇਸੈਂਸੀ ਅਸਲਾ ਧਾਰਕਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਆਪਣਾ ਅਸਲਾ ਨੇੜਲੇ ਪੁਲੀਸ ਸਟੇਸ਼ਨਾਂ ਅਤੇ ਅਧਿਕਾਰਤ ਅਸਲਾ ਡੀਲਰਾਂ ਕੋਲ ਜਮ੍ਹਾ ਕਰਵਾਉਣਾ ਯਕੀਨੀ ਬਣਾਉਣ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸਜ਼, ਬਾਵਰਦੀ ਪੁਲੀਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਤੌਰ ’ਤੇ ਰੀਤੀ ਰਿਵਾਜ਼ਾਂ ਕਾਰਨ ਹਥਿਆਰ ਚੁੱਕਣ ਦੇ ਅਧਿਕਾਰ ਹਨ, ਉਨ੍ਹਾਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 10 ਮਈ 2019 ਤੱਕ ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਨਿਯਮਾਂ ਅਤੇ ਤਾਜ਼ਾ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …