Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਤੇਜ਼ ਹੋਵੇਗੀ ਕਾਰਵਾਈ, ਸਰਵੇ ਕੰਪਨੀ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ ਟਾਊਨ ਵੈਂਡਿੰਗ ਕਮੇਟੀ ਨੇ ਨਾਜਾਇਜ਼ ਕਬਜ਼ੇ ਹਟਾਉਣ ਲਈ 2 ਹੋਰ ਨਵੀਆਂ ਗੱਡੀਆਂ ਖ਼ਰੀਦਣ ਨੂੰ ਹਰੀ ਝੰਡੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਸਤੰਬਰ: ਮੁਹਾਲੀ ਨਗਰ ਨਿਗਮ ਦੀ ਟਾਊਨ ਵੈਂਡਿਗ ਕਮੇਟੀ ਨੇ ਸ਼ਹਿਰ ’ਚੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਨੂੰ ਤੇਜ਼ ਕਰਨ ਦਾ ਫੈਸਲਾ ਲਿਆ ਹੈ। ਨਗਰ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਮੁਹਾਲੀ ਵਿੱਚ ਲਗਾਤਾਰ ਵੱਧ ਰਹੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਦੋ ਹੋਰ ਨਵੀਆਂ ਗੱਡੀਆਂ ਖ਼ਰੀਦਣ ਅਤੇ ਇਸ ਕੰਮ ਲਈ 15 ਨਵੇਂ ਕਰਮਚਾਰੀਆਂ ਤਾਇਨਾਤੀ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਮੀਟਿੰਗ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਲਈ ਐਕਸੀਅਨ ਪੱਧਰ ਦੇ ਤਿੰਨ ਅਧਿਕਾਰੀਆਂ ਦੀ ਤਾਇਨਾਤੀ ਸਮੇਤ ਇੰਸਪੈਕਟਰਾਂ ਦੀ ਅਗਵਾਈ ਵਿੱਚ ਇਸ ਕਾਰਵਾਈ ਨੂੰ ਲਗਾਤਾਰ ਚਲਾਉਣ ਦਾ ਫੈਸਲਾ ਲਿਆ ਗਿਆ। ਮੀਟਿੰਗ ਵਿੱਚ ਟਾਊਨ ਵੈਂਡਿੰਗ ਕਮੇਟੀ ਦੇ ਗੈਰ ਸਰਕਾਰੀ ਮੈਂਬਰ ਤੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਇਸ ਗੱਲ ’ਤੇ ਚਿੰਤਾ ਪ੍ਰਗਟ ਕੀਤੀ ਕਿ ਪਿਛਲੇ ਸਮੇਂ ਦੌਰਾਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਜਾਇਜ਼ ਕਬਜ਼ਿਆਂ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਨਾਜਾਇਜ਼ ਕਬਜ਼ਿਆਂ ਦੀ ਗਿਣਤੀ ਕਈ ਗੁਣਾ ਵੱਧ ਗਈ ਹੈ। ਉਨ੍ਹਾਂ ਨਾਜਾਇਜ਼ ਰੇਹੜੀ ਫੜੀਆਂ ਵਾਲਿਆਂ ਦਾ ਸਰਵੇ ਕਰਨ ਵਾਲੀ ਕੰਪਨੀ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਇਹ ਦੱਸਿਆ ਜਾਵੇ ਕਿ ਸਰਵੇ ਤੋਂ ਬਾਅਦ ਸ਼ਨਾਖ਼ਤੀ ਕਾਰਡ ਦੇਣ ਦਾ ਫੈਸਲਾ ਹੋਇਆ ਸੀ ਉਨ੍ਹਾਂ ਦਾ ਕੀ ਬਣਿਆ। ਇਸ ਦੇ ਜਵਾਬ ਵਿੱਚ ਸਰਵੇ ਕਰਨ ਵਾਲੀ ਹਰਿਆਣਾ ਦੀ ਕੰਪਨੀ ਨਵਯੁਵ ਕਲਾ ਸੰਗਮ ਦੇ ਸੀਈਓ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਕੁਲ 993 ਵਿਅਕਤੀਆਂ ’ਚੋਂ 421 ਵਿਅਕਤੀਆਂ ਵੱਲੋਂ ਆਪਣੀ ਵੈਰੀਫਿਕੇਸ਼ਨ ਕਰਵਾਈ ਗਈ ਸੀ ਅਤੇ ਬਾਕੀ ਦੇ ਵਿਅਕਤੀਆਂ ਵੱਲੋਂ ਆਪਣੇ ਦਸਤਾਵੇਜ਼ ਜਮ੍ਹਾਂ ਨਹੀਂ ਕਰਵਾਏ ਗਏ। ਜਿਹੜੇ ਵਿਅਕਤੀਆਂ ਨੇ ਵੈਰੀਫਿਕੇਸ਼ਨ ਕਰਵਾਈ ਹੈ, ਉਨ੍ਹਾਂ ’ਚੋਂ ਵੀ 270 ਵਿਅਕਤੀ ਅਜਿਹੇ ਹਨ। ਜਿਨ੍ਹਾਂ ਦੀ ਰਿਹਾਇਸ਼ ਮੁਹਾਲੀ ਦੀ ਥਾਂ ਚੰਡੀਗੜ੍ਹ ਜਾਂ ਕਿਸੇ ਹੋਰ ਸ਼ਹਿਰ ਵਿੱਚ ਹੈ। ਸ੍ਰੀ ਬੇਦੀ ਨੇ ਦੱਸਿਆ ਕਿ 10 ਅਕਤੂਬਰ ਤੋਂ ਬਾਅਦ ਦੁਬਾਰਾ ਵੈਂਡਿੰਗ ਕਮੇਟੀ ਦੀ ਮੀਟਿੰਗ ਜਾਵੇਗੀ। ਜਿਸ ਵਿੱਚ ਹੁਣ ਤੱਕ ਦੀ ਸਮੁੱਚੀ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ। ਉਧਰ, ਇਹ ਵੀ ਫੈਸਲਾ ਲਿਆ ਗਿਆ ਕਿ ਵੈਰੀਫਿਕੇਸ਼ਨ ਨਾ ਕਰਵਾਉਣ ਵਾਲੇ ਰੇਹੜੀ ਫੜੀ ਵਾਲਿਆਂ ਨੂੰ ਆਖਰੀ ਨੋਟਿਸ ਦਿੱਤੇ ਜਾਣ ਅਤੇ 10 ਅਕਤੂਬਰ ਤੱਕ ਉਨ੍ਹਾਂ ਦੀ ਵੈਰੀਫਿਕੇਸ਼ਨ ਦਾ ਕੰਮ ਮੁਕੰਮਲ ਕਰਕੇ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾਣ ਅਤੇ ਜਿਹੜੇ ਵਿਅਕਤੀ ਆਪਣੀ ਵੈਰੀਫਿਕੇਸ਼ਨ ਨਹੀਂ ਕਰਵਾਉਂਦੇ ਉਨ੍ਹਾਂ ਦੇ ਨਾਮ ਸੂਚੀ ਤੋਂ ਕੱਟੇ ਜਾਣ। ਇਸ ਮੌਕੇ ਕੌਂਸਲਰ ਆਰਪੀ ਸ਼ਰਮਾ ਨੇ ਕੰਪਨੀ ਦੇ ਸੀਈਓ ਨੂੰ ਕਿਹਾ ਕਿ ਜਿਹੜੇ ਰੇਹੜੀ ਫੜੀ ਵਾਲਿਆਂ ਨੂੰ ਸ਼ਨਾਖ਼ਤੀ ਕਾਰਡ ਦਿੱਤੇ ਜਾਣੇ ਹਨ। ਉਨ੍ਹਾਂ ਦਾ ਪੂਰਾ ਵੇਰਵਾ ਤਿਆਰ ਕੀਤਾ ਜਾਵੇ ਅਤੇ ਜ਼ੋਨਾਂ ਵਿੱਚ ਵੰਡਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਬਣਦੀ ਥਾਂ ਅਲਾਟ ਕੀਤੀ ਜਾ ਸਕੇ। ਇਸ ਮੌਕੇ ਮੁਹਾਲੀ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ ਨੇ ਕਿਹਾ ਕਿ ਇਸ ਸਬੰਧੀ ਕਾਰਵਾਈ ਤੇਜ ਕੀਤੀ ਜਾਵੇਗੀ ਅਤੇ ਨਿਗਮ ਦੇ ਤਿੰਨ ਐਕਸੀਅਨਾਂ ਦੀ ਨਿਗਰਾਨੀ ਵਿੱਚ ਨਿਗਮ ਦੇ ਇੰਸਪੈਕਟਰ ਇਸ ਕਾਰਵਾਈ ਨੂੰ ਅੰਜਾਮ ਦੇਣਗੇ। ਮੀਟਿੰਗ ਵਿੱਚ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਡਾ. ਕਨੂੰ ਥਿੰਦ ਸਮੇਤ ਕੌਂਸਲਰ ਆਰਪੀ ਸ਼ਰਮਾ, ਅਸ਼ਵਨੀ ਸ਼ਰਮਾ, ਅਤੁਲ ਸ਼ਰਮਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ