
‘ਹਰ ਘਰ ਤਿਰੰਗਾ’ ਮੁਹਿੰਮ ’ਚ ਸ਼ਾਮਲ ਹੋਈ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ:
ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ‘ਹਰ ਘਰ ਤਿਰੰਗਾ’ ਮੁਹਿੰਮ ਵਿੱਚ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਵੀ ਸ਼ਾਮਲ ਹੋ ਗਈ ਹੈ। ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੀਨੀਅਰ ਆਗੂ ਸੰਜੀਵ ਵਸ਼ਿਸਟ ਵੱਲੋਂ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਅਨੁਰਾਗ ਅਗਰਵਾਲ ਅਤੇ ਹੋਰਨਾਂ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਾਜਪਾ ਦੀ ‘ਹਰ ਘਰ ਤਿਰੰਗਾ’ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਐਸੋਸੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅਨੁਰਾਗ ਅਗਰਵਾਲ ਰਾਹੀਂ ਸਨਅਤਕਾਰਾਂ ਨੇ ਭਾਜਪਾ ਆਗੂ ਸੰਜੀਵ ਵਸ਼ਿਸਟ ਨੂੰ ਭਰੋਸਾ ਦਿੱਤਾ ਕਿ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਮੈਂਬਰ ਹਰ ਘਰ ਤਿਰੰਗਾ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣਗੇ ਅਤੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਨਾਲ ਜੁੜੇ ਸਨਅਤਕਾਰਾਂ ਦੀਆਂ ਫੈਕਟਰੀਆਂ ਦੇ ਬਨੇਰਿਆਂ ਅਤੇ ਗੇਟਾਂ ਉੱਤੇ ਵੀ ਤਿਰੰਗੇ ਲਗਾਏ ਜਾਣਗੇ।
ਇਸ ਮੌਕੇ ਭਾਜਪਾ ਆਗੂ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ‘ਹਰ ਘਰ ਤਿਰੰਗਾ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਅੱਜ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਵੱਲੋਂ ਘਰ-ਘਰ ਤਿਰੰਗੇ ਝੰਡੇ ਵੰਡਣ ਲਈ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਸੰਸਥਾਵਾਂ ਅਤੇ ਸਮਾਜਿਕ ਜਥੇਬੰਦੀਆਂ ਹਰ ਘਰ ਤਿਰੰਗਾ ਮੁਹਿੰਮ ਨੂੰ ਆਪਣਾ ਸਮਰਥਣ ਦੇਣ ਦਾ ਐਲਾਨ ਕਰ ਚੁੱਕੀਆਂ ਹਨ। ਇਸ ਮੌਕੇ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਸੀਨੀਅਰ ਆਗੂ ਰਾਜੀਵ ਗੁਪਤਾ, ਗਗਨ ਛਾਬੜਾ, ਕਮਲ ਢੱਪਰ, ਦਿਲਪ੍ਰੀਤ ਬੋਪਾਰਾਏ, ਜਗਦੀਪ ਸਿੰਘ, ਇਕਬਾਲ ਸਿੰਘ, ਇਕਬਾਲ ਸੈਣੀ, ਪ੍ਰੀਤ ਸੈਣੀ, ਆਈਐਸ ਛਾਬੜਾ ਅਤੇ ਕੇਵਲ ਸੰਧੂ ਵੀ ਮੌਜੂਦ ਸਨ।