ਉਦਯੋਗ ਨੂੰ ਹੁਲਾਰਾ ਦੇਣ ਤੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਮੁਹਾਲੀ ਪੂਰੀ ਤਰ੍ਹਾਂ ਤਿਆਰ

ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸਨਅਤਕਾਰਾਂ ਨਾਲ ਮਿਲਣੀ

ਡੀਸੀ ਆਸ਼ਿਕਾ ਜੈਨ ਨੇ ਸਰਕਾਰ-ਸਨਅਤਕਾਰ ਮਿਲਣੀ ਪ੍ਰਬੰਧਾਂ ਦਾ ਲਿਆ ਜਾਇਜ਼ਾ, ਡਿਊਟੀਆਂ ਸੌਂਪੀਆਂ

ਨਬਜ਼-ਏ-ਪੰਜਾਬ, ਮੁਹਾਲੀ, 14 ਸਤੰਬਰ:
ਪੰਜਾਬ ਦੀ ਆਪ ਸਰਕਾਰ ਵੱਲੋਂ ਸੈਰ ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ ਦੀ ਸਫਲਤਾ ਤੋਂ ਬਾਅਦ ਹੁਣ ਮੁਹਾਲੀ ਵਿੱਚ ਭਲਕੇ 15 ਸਤੰਬਰ ਨੂੰ ਰੈਡੀਸਨ ਰੈੱਡ ਵਿੱਚ ਸਰਕਾਰ-ਸਨਅਤਕਾਰ ਮਿਲਣੀ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਇਸ ਤੋਂ ਪਹਿਲਾਂ ਉਨ੍ਹਾਂ ਅੱਜ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ, ਉਦਯੋਗਪਤੀਆਂ ਅਤੇ ਸਨਅਤੀ ਐਸੋਸੀਏਸ਼ਨਾਂ ਦੇ ਪ੍ਰਮੁੱਖ ਆਗੂਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਹੋਣਗੇ ਜਦੋਂਕਿ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਉਨ੍ਹਾਂ ਨੇ ਇਸ ਮੈਗਾ ਸਮਾਗਮ ਨੂੰ ਸਫਲ ਬਣਾਉਣ ਅਤੇ ਉਦਯੋਗਿਕ ਕ੍ਰਾਂਤੀ ਲਈ ਸਨਅਤਕਾਰਾਂ ਤੋਂ ਸਹਿਯੋਗ ਮੰਗਿਆ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਸਮਾਗਮ ਦੀ ਮੇਜ਼ਬਾਨੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਉਦਯੋਗ ਨੂੰ ਦਰਪੇਸ਼ ਸਮੱਸਿਆਵਾਂ ਸਮਝਣ ਅਤੇ ਇਸ ਖੇਤਰ ਵਿੱਚ ਹੋਰ ਨਿਵੇਸ਼ ਕਿਵੇਂ ਆਕਰਸ਼ਿਤ ਕੀਤੇ ਜਾ ਸਕਦੇ ਹਨ, ਇਸ ਬਾਰੇ ਵਿਚਾਰ-ਚਰਚਾ ਕਰਨ ਲਈ ਉਦਯੋਗਪਤੀਆਂ ਨਾਲ ਸਿਰਜੋੜ ਕੇ ਬੈਠੇ। ਇਸ ਮੈਗਾ ਈਵੈਂਟ ਵਿੱਚ 250 ਤੋਂ ਵੱਧ ਉਦਯੋਗਪਤੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕਰਨ ਸਮੇਤ ਡਿਊਟੀਆਂ ਵੀ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਦੋ ਤਰਫਾ ਗੱਲਬਾਤ ਰਾਹੀਂ ਉਦਯੋਗਾਂ ਅਤੇ ਨਿਵੇਸ਼ ਨੂੰ ਹੁਲਾਰਾ ਦੇਣ ਲਈ ਫੀਡਬੈਕ ਦੇਣ ਲਈ ਵੀ ਲਾਹੇਵੰਦ ਹੋਵੇਗੀ।
ਆਸ਼ਿਕਾ ਜੈਨ ਨੇ ਮੁਹਾਲੀ ਸਮੇਤ ਡੇਰਾਬੱਸੀ ਅਤੇ ਲਾਲੜੂ ਤੋਂ ਪਹੁੰਚੇ ਸਨਅਤਕਾਰਾਂ ਦੀਆਂ ਇੱਕ-ਇੱਕ ਕਰਕੇ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਦਯੋਗਿਕ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਅਮਨ-ਕਾਨੂੰਨ ਦੀ ਵਿਵਸਥਾ ਲਈ ਪੁਲੀਸ ਗਸ਼ਤ ਤੇਜ਼ ਕਰਕੇ ਅਤੇ ਨਿਰਵਿਘਨ ਬਿਜਲੀ ਸਪਲਾਈ ਵਰਗੇ ਮੁੱਦਿਆਂ ਨੂੰ ਯਕੀਨੀ ਬਣਾਇਆ ਜਾਵੇਗਾ। ਡੀਸੀ ਨੇ ਖਾਲੀ ਸਨਅਤੀ ਪਲਾਟਾਂ ਦੇ ਨੰਬਰ ਗਮਾਡਾ ਰਾਹੀਂ ਆਨਲਾਈਨ ਕਰਨ ਦੀ ਮੰਗ, ਲੇਬਰ ਦੀ ਪੁਲੀਸ ਵੈਰੀਫਿਕੇਸ਼ਨ ਕਰਵਾਉਣ ਦਾ ਭਰੋਸਾ ਵੀ ਦਿੱਤਾ।

ਡੀਸੀ ਨੇ ਨਿਗਮ ਕਮਿਸ਼ਨਰ ਨਵਜੋਤ ਕੌਰ, ਐਸਪੀ ਐਚਐਸ ਮਾਨ ਅਤੇ ਗਮਾਡਾ, ਪੀਐਸਆਈਈਸੀ, ਉਦਯੋਗ, ਕਿਰਤ ਅਤੇ ਫੈਕਟਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਏਡੀਸੀ (ਵਿਕਾਸ) ਗੀਤਿਕਾ ਸਿੰਘ ਨੂੰ ਕਿਹਾ ਕਿ ਸਨਅਤਕਾਰਾਂ ਦੀ ਸਹੂਲਤ ਲਈ ਸਾਰੇ ਵਿਭਾਗਾਂ ਦੇ ਕੰਮਾਂ ਸਬੰਧੀ ਫਾਲੋਅੱਪ ਕੀਤਾ ਜਾਵੇ।

Load More Related Articles

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…