Share on Facebook Share on Twitter Share on Google+ Share on Pinterest Share on Linkedin ਮੁਹਾਲੀ ਕਿਸਾਨ ਮਹਾ ਪੰਚਾਇਤ ਵਿੱਚ ਕੇਂਦਰ ਸਰਕਾਰ ’ਤੇ ਵਰ੍ਹੇ ਕਿਸਾਨ ਤੇ ਬੀਬੀਆਂ ਰਾਜੇਵਾਲ ਵੱਲੋਂ ਕੇਂਦਰ ਸਰਕਾਰ ਨੂੰ ਝੁਕਾਉਣ ਲਈ 27 ਸਤੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਦਾ ਸੱਦਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਸਤੰਬਰ: ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਵਿੱਚ ਭਾਰੀ ਰੋਸ ਹੈ। ਪਿਛਲੇ ਇਕ ਸਾਲ ਤੋਂ ਕਿਸਾਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਅਤੇ ਮੁਹਾਲੀ ਇਲਾਕੇ ਦੇ ਕਿਸਾਨੀ ਮੋਰਚਿਆਂ ਦਾ ਕਿਸਾਨ ਅੰਦੋਲਨ ਵਿੱਚ ਬਹੁਤ ਵੱਡਾ ਯੋਗਦਾਨ ਹੈ। ਇਸੇ ਲੜੀ ਤਹਿਤ ਅੱਜ ਮੁਹਾਲੀ ਵਿਖੇ ਮਹਾ-ਕਿਸਾਨ ਪੰਚਾਇਤ ਕੀਤੀ ਗਈ। ਜਿਸ ਵਿੱਚ ਪੰਜਾਬ ਸਮੇਤ ਹਰਿਆਣਾ ਅਤੇ ਹੋਰ ਨੇੜਲੇ ਇਲਾਕਿਆਂ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਅੌਰਤਾਂ ਵੀ ਭਾਰੀ ਗਿਣਤੀ ਵਿੱਚ ਪਹੁੰਚੀਆਂ। ਮੁਹਾਲੀ ਦੇ ਵਾਈਪੀਐਸ ਚੌਂਕ ਫੇਜ਼-8 ਨੇੜੇ ਪੁੱਡਾ ਗਰਾਉਂਡ ਵਿੱਚ ਐਤਵਾਰ ਨੂੰ ਸਵੇਰੇ ਹੀ ਪੰਜਾਬ ਭਰ ’ਚੋਂ ਕਿਸਾਨ, ਬੀਬੀਆਂ ਅਤੇ ਨੌਜਵਾਨ ਵੱਡੇ ਕਾਫ਼ਲਿਆਂ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ 12 ਵਜੇ ਤੱਕ ਵੱਡੀ ਗਿਣਤੀ ਜਮ੍ਹਾ ਹੋ ਗਈ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ, ਗੌਰਵ ਟਿਕੈਤ, ਸਮਾਜਿਕ ਚਿੰਤਕ ਪ੍ਰੋ. ਮਨਜੀਤ ਸਿੰਘ, ਪ੍ਰੋ. ਪਿਆਰੇ ਲਾਲ ਗਰਗ, ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ, ਬਲਦੇਵ ਸਿੰਘ ਸਿਰਸਾ, ਰੁਲਦੂ ਸਿੰਘ ਮਾਨਸਾ, ਹਰਵਿੰਦਰ ਸਿੰਘ ਲੱਖੋਵਾਲ, ਸੋਨੀਆ ਮਾਨ, ਹਰਮਨਪ੍ਰੀਤ ਕੌਰ ਵਿਰਕ, ਜਗਜੀਤ ਸਿੰਘ ਡੱਲੇਵਾਲ, ਮਨਦੀਪ ਸਿੰਘ, ਕੰਵਲਜੀਤ ਸਿੰਘ, ਲਖਵਿੰਦਰ ਸਿੰਘ ਕਰਾਲਾ, ਕਿਸਾਨ ਯੂਨੀਅਨ ਡਕੌਂਦਾ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਹਮੀਰ ਸਿੰਘ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ, ਪ੍ਰਤੀਕ ਮਾਨ ਅਤੇ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ, ਬੀਬੀਆਂ ਅਤੇ ਨੌਜਵਾਨਾਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀ ਚੂਲਾ ਹਿਲਾਉਣ ਲਈ 27 ਸਤੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਇਆ ਜਾਵੇ ਅਤੇ ਇਸ ਸਬੰਧੀ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ, ਕਿਸਾਨਾਂ ਤੇ ਆਮ ਲੋਕਾਂ ਸਮੇਤ ਵਪਾਰੀ ਵਰਗ, ਛੋਟੇ ਕਾਰੋਬਾਰੀਆਂ ਨੂੰ ਲਾਮਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਅੱਧੀ ਤੋਂ ਵੱਧ ਲੜਾਈ ਜਿੱਤ ਲਈ ਹੈ ਅਤੇ ਕਿਸਾਨ ਤਿੰਨੇ ਬਿੱਲ ਰੱਦ ਕਰਵਾ ਕੇ ਹੀ ਘਰਾਂ ਨੂੰ ਮੁੜਨਗੇ। ਸੋਨੀਆ ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਨੇ ਪੂਰੇ ਸੰਸਾਰ ਨੂੰ ਨਵੀਂ ਸੇਧ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੀ ਸਫਲਤਾ ਲਈ ਬੀਬੀਆਂ ਦਾ ਅਹਿਮ ਰੋਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਬੀਬੀਆਂ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟਣਗੀਆਂ। ਉਨ੍ਹਾਂ ਪ੍ਰਧਾਨ ਮੰਤਰੀ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਵੇ। ਹਰਮਨਪ੍ਰੀਤ ਕੌਰ ਵਿਰਕ ਨੇ ਕਿਹਾ ਕਿ ਬੀਬੀਆਂ ਦਾ ਘਰਾਂ ’ਚੋਂ ਬਾਹਰ ਨਿਕਲ ਕੇ ਧਰਨਿਆਂ ’ਤੇ ਬੈਠਣਾ ਨਵੇਂ ਇਨਕਲਾਬ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਜਦੋਂ ਵੀ ਕੇਂਦਰ ਸਰਕਾਰ ਨਾਲ ਮੀਟਿੰਗ ਕਰਨ ਜਾਣ ਤਾਂ ਵਫ਼ਦ ਵਿੱਚ ਘੱਟੋ-ਘੱਟ 5-7 ਬੀਬੀਆਂ ਵੀ ਜ਼ਰੂਰ ਸ਼ਾਮਲ ਕੀਤੀਆਂ ਜਾਣ। ਕਿਉਂਕਿ ਪਿੰਡਾਂ ਵਿੱਚ ਸਿਆਸੀ ਆਗੂਆਂ ਨੂੰ ਬੀਬੀਆਂ ਸਾਫ਼ ਦਿਲ ਨਾਲ ਸਵਾਲ ਪੁੱਛਦੀਆਂ ਹਨ। ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਇਹ ਸਿਰਫ਼ ਕਿਸਾਨਾਂ ਦੀ ਲੜਾਈ ਨਹੀਂ ਹੈ ਬਲਕਿ ਦੇਸ਼ ਦੇ ਹਰ ਨਾਗਰਿਕ ਨੂੰ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਦੀ ਲੋੜ ਹੈ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜ਼ਿੱਦ ਛੱਡ ਕੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ ਅਤੇ ਭਾਜਪਾ ਨੂੰ ਇਹ ਗੱਲ ਪੱਲੇ ਬੰਨ੍ਹ ਲੈਣੀ ਚਾਹੀਦੀ ਹੈ ਕਿ ਇਤਿਹਾਸ ਗਵਾਹ ਹੈ ਕਿ ਕਿਸਾਨਾਂ ਨਾਲ ਵਿਗਾੜ ਕੇ ਕੋਈ ਵੀ ਸਿਆਸੀ ਧਿਰ ਕਾਮਯਾਬ ਨਹੀਂ ਹੋਈ ਅਤੇ ਨਾ ਹੀ ਹੋ ਸਕਦੀ ਹੈ। ਕਿਸਾਨ ਅੰਦੋਲਨ ਜਿੰਨਾ ਲੰਮਾ ਚੱਲੇਗਾ, ਭਾਜਪਾ ਨੂੰ ਇਸ ਦਾ ਉਨਾ ਹੀ ਵੱਧ ਨੁਕਸਾਨ ਝੱਲਣਾ ਪੈਣਾ ਹੈ। ਇਸ ਮੌਕੇ ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਜਸਪਾਲ ਸਿੰਘ ਨਿਆਮੀਆਂ, ਨਰਿੰਦਰ ਸਿੰਘ ਕੰਗ, ਗੁਰਪ੍ਰੀਤ ਸਿੰਘ ਧਾਲੀਵਾਲ ਪਿੰਡ ਮਟਰਾਂ, ਦੋਧੀ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਅੰਤਰਰਾਸ਼ਟਰੀ ਪੁਆਧੀ ਮੰਚ ਦੇ ਕਾਰਕੁਨ ਕਰਮਜੀਤ ਸਿੰਘ ਚਿੱਲਾ, ਸੁਰਜੀਤ ਸਿੰਘ, ਜਰਨੈਲ ਸਿੰਘ ਬੈਂਸ, ਕੰਵਲਪ੍ਰੀਤ ਸਿੰਘ ਪੰਨੂ, ਨਵਦੀਪ ਸਿੰਘ, ਜਗਦੇਵ ਸਿੰਘ ਮਲੋਆ, ਰਜਿੰਦਰ ਸਿੰਘ, ਸੁਦੇਸ਼ ਕਡੈਲਾ, ਜਸਵਿੰਦਰ ਸਿੰਘ ਵਿਰਕ, ਜਗਜੀਤ ਸਿੰਘ ਕਰਾਲਾ ਵੀ ਹਾਜ਼ਰ ਸਨ। ਪ੍ਰਬੰਧਕਾਂ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਗੁਰਮੀਤ ਸਿੰਘ ਕੰਡਾਲਾ ਅਤੇ ਜਤਿੰਦਰ ਸਿੰਘ ਰਾਏਪੁਰ ਕਲਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੰਚ ’ਤੇ ਸਨਮਾਨਿਤ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ