ਮੁਹਾਲੀ ਦੇ ਮੇਅਰ ਤੇ ਭਾਜਪਾ ਆਗੂ ਜੀਤੀ ਸਿੱਧੂ ਨੂੰ ਜ਼ਬਰਦਸਤ ਝਟਕਾ, ਕੌਂਸਲਰ ਵਜੋਂ ਮੈਂਬਰਸ਼ਿਪ ਰੱਦ

ਪ੍ਰਮੁੱਖ ਸਕੱਤਰ ਨੇ ਵਿਰੋਧੀ ਧਿਰ ਦੇ ਕੌਂਸਲਰਾਂ ਅਤੇ ਆਪ ਵਲੰਟੀਅਰਾਂ ਦੀ ਸ਼ਿਕਾਇਤ ’ਤੇ ਕੀਤੀ ਕਾਰਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ:
ਪੰਜਾਬ ਸਰਕਾਰ ਨੇ ਮੁਹਾਲੀ ਨਗਰ ਨਿਗਮ ਦੇ ਮੇਅਰ ਤੇ ਭਾਜਪਾ ਆਗੂ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਜ਼ਬਰਦਸਤ ਝਟਕਾ ਦਿੱਤਾ ਹੈ। ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਮੇਅਰ ਜੀਤੀ ਸਿੱਧੂ ਦੀ ਕੌਂਸਲਰ ਵਜੋਂ ਮੈਂਬਰਸ਼ਿਪ ਨੂੰ ਰੱਦ ਕਰ ਦਿੱਤਾ ਹੈ। ਮੇਅਰ ਖ਼ਿਲਾਫ਼ ਇਹ ਕਾਰਵਾਈ ਵਿਰੋਧੀ ਧਿਰ ਦੇ ਕੌਂਸਲਰਾਂ ਅਤੇ ‘ਆਪ’ ਵਲੰਟੀਅਰਾਂ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਜੀਤੀ ਸਿੱਧੂ ਇਸ ਸਮੇਂ ਸਰਕਾਰ ਤੋਂ ਛੁੱਟੀ ਪ੍ਰਵਾਨ ਕਰਵਾ ਵਿਦੇਸ਼ ਦੌਰੇ ’ਤੇ ਹਨ। ਹਾਲਾਂਕਿ ਮੇਅਰ ਪਿਛਲੇ ਦਿਨੀਂ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਕੋਲ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ ਪ੍ਰੰਤੂ ਉਨ੍ਹਾਂ ਦੀ ਗੈਰਮੌਜੂਦਗੀ ਵਿੱਚ ਸਰਕਾਰ ਨੇ ਆਪਣਾ ਫ਼ੈਸਲਾ ਸੁਣ ਕੇ ਮੁਹਾਲੀ ਦੀ ਸਿਆਸਤ ਭਖਾ ਦਿੱਤੀ ਹੈ। ਦੱਸ ਦਈਏ ਪੰਜਾਬ ਵਿੱਚ ਸਤਾ ਪਰਿਵਰਤਨ ਤੋਂ ਬਾਅਦ ਮੇਅਰ ਜੀਤੀ ਸਿੱਧੂ ਆਪਣੇ ਵੱਡੇ ਭਰਾ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ।
ਪ੍ਰਮੱੁਖ ਸਕੱਤਰ ਵੱਲੋਂ ਜਾਰੀ ਤਾਜ਼ਾ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੇਅਰ ਜੀਤੀ ਸਿੱਧੂ ਨੇ ਮਿਉਂਸਪਲ ਐਕਟ 1976 ਦੀ ਧਾਰਾ 63 ਅਤੇ 36 ਦੀ ਉਲੰਘਣਾ ਕੀਤੀ ਗਈ ਹੈ। ਜਿਸ ਕਾਰਨ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕਰਦੇ ਹੋਏ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੌਂਸਲਰ ਵਜੋਂ ਮੈਂਬਰਸ਼ਿਪ ਨੂੰ ਖ਼ਾਰਜ ਕੀਤਾ ਜਾਂਦਾ ਹੈ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
ਜਾਣਕਾਰੀ ਅਨੁਸਾਰ ਵਿਰੋਧੀ ਧਿਰ ਦੇ ਕੌਂਸਲਰਾਂ ਸੁਖਦੇਵ ਸਿੰਘ ਪਟਵਾਰੀ, ਗੁਰਮੀਤ ਕੌਰ, ਅਰੁਣਾ ਵਿਸ਼ਿਸ਼ਟ, ਕਰਮਜੀਤ ਕੌਰ, ਸਰਬਜੀਤ ਸਿੰਘ ਸਮਾਣਾ ਅਤੇ ਸਾਬਕਾ ਕੌਂਸਲਰ ਤੇ ਆਪ ਵਲੰਟੀਅਰ ਆਰਪੀ ਸ਼ਰਮਾ ਤੇ ਫੂਲਰਾਜ ਸਿੰਘ ਨੇ ਬੀਤੀ 11 ਅਗਸਤ ਨੂੰ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਮੇਅਰ ਜੀਤੀ ਸਿੱਧੂ ਵਿਰੁੱਧ ਦਿੱਤੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਮੇਅਰ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਅੰਮ੍ਰਿਤਪ੍ਰੀਤ ਕੋ ਆਪਰੇਟਿਵ ਸੁਸਾਇਟੀ ਨਾਮ ਦੀ ਇੱਕ ਲੇਬਰ ਕੰਟਰੈਕਟਰ ਸੁਸਾਇਟੀ (ਜਿਸ ਦੇ ਮੇਅਰ ਖ਼ੁਦ ਵੀ ਮੈਂਬਰ ਹਨ) ਨੂੰ ਵਿਕਾਸ ਕਾਰਜਾਂ ਸਬੰਧੀ ਕਰੋੜਾਂ ਰੁਪਏ ਦੇ ਟੈਂਡਰ ਅਲਾਟ ਕੀਤੇ ਗਏ ਹਨ। ਇਸ ਮਾਮਲੇ ਵਿੱਚ ਸਰਕਾਰ ਨੇ ਮੇਅਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਅਤੇ ਬੀਤੀ 20 ਦਸੰਬਰ ਨੂੰ ਮੇਅਰ ਨੂੰ ਕੈਬਨਿਟ ਮੰਤਰੀ ਨੇ ਨਿੱਜੀ ਸੁਣਵਾਈ ਲਈ ਵੀ ਸੱਦਿਆ ਗਿਆ ਸੀ।
ਉਧਰ, ਦੂਜੇ ਪਾਸੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਖ਼ਿਲਾਫ਼ ਉਨ੍ਹਾਂ ਦੀ ਕੌਂਸਲਰ ਵਜੋਂ ਮੈਂਬਰਸ਼ਿਪ ਰੱਦ ਕਰਨ ਦਾ ਤਾਜ਼ਾ ਫ਼ੈਸਲਾ ਜਾਰੀ ਹੋਣ ਤੋਂ ਬਾਅਦ ਹੁਣ ਮੇਅਰ ਵੱਲੋਂ ਸੂਬਾ ਸਰਕਾਰ ਦੇ ਇਨ੍ਹਾਂ ਹੁਕਮਾਂ ਨੂੰ ਉੱਚ ਅਦਾਲਤ ਵਿੱਚ ਚੁਨੌਤੀ ਦਿੱਤੀ ਜਾਵੇਗੀ ਅਤੇ ਇਨ੍ਹਾਂ ਹੁਕਮਾਂ ’ਤੇ ਫੌਰੀ ਰੋਕ ਲਗਾਉਣ ਦੀ ਮੰਗ ਕੀਤੀ ਜਾਵੇਗੀ। ਸੂਤਰ ਦੱਸਦੇ ਹਨ ਕਿ ਮੇਅਰ ਜੀਤੀ ਸਿੱਧੂ ਨੇ ਵਿਦੇਸ਼ ਰਵਾਨਾ ਹੋਣ ਤੋਂ ਪਹਿਲਾਂ ਹੀ ਆਪਣੇ ਵਕੀਲਾਂ ਨਾਲ ਸਲਾਹ ਮਸ਼ਵਰਾ ਕਰਕੇ ਆਪਣਾ ਕੇਸ ਤਿਆਰ ਕਰਵਾ ਲਿਆ ਗਿਆ ਸੀ ਅਤੇ ਜਲਦੀ ਹੀ ਬਚਾਅ ਪੱਖ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਸਰਕਾਰ ਦੇ ਹੁਕਮਾਂ ਨੂੰ ਚੁਨੌਤੀ ਦਿੱਤੀ ਜਾਵੇਗੀ। ਉਂਜ ਸਿੱਧੂ ਭਰਾਵਾਂ ਨੂੰ ਪਹਿਲਾਂ ਹੀ ਸਰਕਾਰ ਦੀ ਨੀਅਤ ’ਤੇ ਸ਼ੱਕ ਸੀ ਅਤੇ ਉਹ ਆਪਣੀ ਪੂਰੀ ਤਿਆਰੀ ਕਰਕੇ ਬੈਠੇ ਹਨ। ਸਿੱਧੂ ਭਰਾਵਾਂ ਦੇ ਸਮਰਥਕਾਂ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਪਹਿਲੇ ਦਿਨ ਤੋਂ ਹੀ ਸਿੱਧੂ ਪਰਿਵਾਰ ਦੇ ਪਿੱਛੇ ਪਈ ਹੋਈ ਹੈ। ਉਨ੍ਹਾਂ ਨੇ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…