
ਨਿੱਜੀ ਸੁਣਵਾਈ ਲਈ ਸਥਾਨਕ ਸਰਕਾਰ ਮੰਤਰੀ ਕੋਲ ਪੇਸ਼ ਹੋਏ ਮੁਹਾਲੀ ਦੇ ਮੇਅਰ ਜੀਤੀ ਸਿੱਧੂ
ਕਿਹਾ, ਵਿਰੋਧੀ ਧਿਰ ਦੇ ਕੌਂਸਲਰਾਂ ਵੱਲੋਂ ਲਾਏ ਇਲਜ਼ਾਮ ਪੂਰੀ ਤਰ੍ਹਾਂ ਬੇਬੁਨਿਆਦ ਤੇ ਸਿਆਸਤ ਤੋਂ ਪ੍ਰੇਰਿਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਦਸੰਬਰ:
ਆਪਣੇ ਅਹੁਦੇ ਦੀ ਕਥਿਤ ਦੁਰਵਰਤੋਂ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਤੇ ਭਾਜਪਾ ਆਗੂ ਅਮਰਜੀਤ ਸਿੰਘ ਜੀਤੀ ਸਿੱਧੂ ਅੱਜ ਸਥਾਨਕ ਸਰਕਾਰ ਵਿਭਾਗ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਕੋਲ ਨਿੱਜੀ ਸੁਣਵਾਈ ਲਈ ਪੇਸ਼ ਹੋਏ ਅਤੇ ਆਪਣਾ ਮਜ਼ਬੂਤ ਪੱਖ ਰੱਖਿਆ। ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਵਿਰੋਧੀ ਧਿਰ ਦੇ ਕੌਂਸਲਰਾਂ ਅਤੇ ਸਾਬਕਾ ਕੌਂਸਲਰਾਂ ਵੱਲੋਂ ਉਨ੍ਹਾਂ ਦੇ ਖ਼ਿਲਾਫ਼ ਲਗਾਏ ਗਏ ਸਾਰੇ ਦੋਸ਼ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਅਤੇ ਬੇਬੁਨਿਆਦ ਹਨ।
ਇਸ ਸਬੰਧੀ ਮੇਅਰ ਜੀਤੀ ਸਿੱਧੂ ਨੇ ਉਸਾਰੂ ਦਲੀਲ ਦਿੰਦਿਆਂ ਕਿਹਾ ਕਿ ਜਿਹੜੇ ਕੌਂਸਲਰਾਂ ਵੱਲੋਂ ਉਸ ਵਿਰੁੱਧ ਮਨਮਰਜ਼ੀ ਨਾਲ ਟੈਂਡਰ ਅਲਾਟ ਕਰਨ ਦੇ ਦੋਸ਼ ਲਗਾਏ ਹਨ, ਉਨ੍ਹਾਂ ਸਬੰਧਤ ਕੌਂਸਲਰਾਂ ਵੱਲੋਂ ਹੀ ਇਨ੍ਹਾਂ ਮਤਿਆਂ ਨੂੰ ਨਗਰ ਨਿਗਮ ਦੀ ਮੀਟਿੰਗ ਦੌਰਾਨ ਹਾਊਸ ਵਿੱਚ ਬਾਕਾਇਦਾ ਤੌਰ ’ਤੇ ਮਨਜ਼ੂਰੀ ਦਿੱਤੀ ਗਈ ਹੈ। ਇਸ ਕਾਰਨ ਉਨ੍ਹਾਂ ਦੀ ਸ਼ਿਕਾਇਤ ਦਾ ਕੋਈ ਆਧਾਰ ਨਹੀਂ ਬਣਦਾ ਹੈ। ਮੇਅਰ ਨੇ ਕਿਹਾ ਕਿ ਇਹ ਸਾਰਾ ਕੁੱਝ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਵਿਰੋਧੀ ਧਿਰ ਦੇ ਕੌਂਸਲਰ ਉਨ੍ਹਾਂ ਖ਼ਿਲਾਫ਼ ਨਿੱਜੀ ਦੂਸ਼ਣਬਾਜ਼ੀ ਕਰ ਰਹੇ ਹਨ।
ਇਸ ਮੌਕੇ ਸਥਾਨਕ ਸਰਕਾਰ ਵਿਭਾਗ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਮੇਅਰ ਜੀਤੀ ਸਿੱਧੂ ਦੀਆਂ ਦਲੀਲਾਂ ਸੁਣਨ ਉਪਰੰਤ ਉਨ੍ਹਾਂ ਨੂੰ ਕਿਹਾ ਗਿਆ ਕਿ ਉਨ੍ਹਾਂ ਨੇ ਉਸ (ਮੇਅਰ) ਦਾ ਪੱਖ ਸੁਣ ਲਿਆ ਹੈ ਅਤੇ ਹੁਣ ਅਗਲੇਰੀ ਕਾਰਵਾਈ ਬਾਰੇ ਉਨ੍ਹਾਂ ਨੂੰ ਜਾਣੂ ਕਰਵਾ ਦਿੱਤਾ ਜਾਵੇਗਾ।
ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਕੁੱਝ ਦਿਨ ਪਹਿਲਾਂ ਮੇਅਰ ਜੀਤੀ ਸਿੱਧੂ ਨੂੰ ਅਹੁਦੇ ਦੀ ਕਥਿਤ ਦੁਰਵਰਤੋਂ ਅਤੇ ਨਿੱਜੀ ਲਾਭ ਲੈਣ ਦੇ ਦੋਸ਼ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕਰਕੇ 15 ਦਿਨਾਂ ਦੇ ਅੰਦਰ-ਅੰਦਰ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਸੀ। ਬੀਤੀ 14 ਅਕਤੂਬਰ ਨੂੰ ਮੇਅਰ ਜੀਤੀ ਸਿੱਧੂ ਨੇ ਆਪਣੀ ਚੁੱਪੀ ਤੋੜਦਿਆਂ ਪੰਜ ਪੰਨਿਆਂ ਦਾ ਜਵਾਬ ਦਾਖ਼ਲ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਸੀ ਕਿ ਇਸ ਸਬੰਧੀ ਕੋਈ ਵੀ ਕਾਰਵਾਈ ਅਮਲ ਵਿੱਚ ਲਿਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਸੁਣਿਆ ਜਾਵੇ। ਮੇਅਰ ਦੀ ਅਪੀਲ ’ਤੇ ਹੀ ਅੱਜ ਉਨ੍ਹਾਂ ਨੂੰ ਨਿੱਜੀ ਸੁਣਵਾਈ ਲਈ ਸੱਦਿਆ ਗਿਆ ਸੀ।
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਉਸ ਦੇ ਖ਼ਿਲਾਫ਼ ਸ਼ਿਕਾਇਤ ਵਿੱਚ ਜੋ ਦੋਸ਼ ਲਗਾਏ ਗਏ ਹਨ, ਉਹ ਸਿਆਸਤ ਤੋਂ ਪ੍ਰੇਰਿਤ ਹਨ ਜਦੋਂਕਿ ਸਚਾਈ ਇਹ ਹੈ ਕਿ ਨਗਰ ਨਿਗਮ ਵੱਲੋਂ ਸਾਰੇ ਕੰਮ ਮੈਰਿਟ ਦੇ ਆਧਾਰ ’ਤੇ ਅਤੇ ਪੂਰੀ ਪਾਰਦਰਸ਼ੀ ਢੰਗ ਨਾਲ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਹੁਕਮਰਾਨ ਪਾਰਟੀ ਦੇ ਸਥਾਨਕ ਆਗੂ ਤੇ ਕੌਂਸਲਰ ਉਨ੍ਹਾਂ ਨੂੰ ਮੇਅਰ ਦੇ ਅਹੁਦੇ ਤੋਂ ਲਾਂਭੇ ਕਰਨ ਲਈ ਕੋਝੀਆਂ ਚਾਲਾਂ ਚੱਲ ਰਹੇ ਹਨ। ਵਿਰੋਧੀ ਧਿਰ ਦੇ ਕੁੱਝ ਮੈਂਬਰ ਸ਼ੁਰੂ ਤੋਂ ਹੀ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ’ਤੇ ਲੱਗੇ ਹੋਏ ਹਨ।