
ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ ਗਰਗ ਨੇ ਪ੍ਰਸ਼ਾਸਕ ਵਜੋਂ ਚਾਰਜ ਸੰਭਾਲਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ:
ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਅਤੇ ਸੀਨੀਅਰ ਡਿਪਟੀ ਮੇਅਰ ਰਿਸਵ ਜੈਨ ਤੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਸਮੇਤ ਸ਼ਹਿਰ ਦੇ 50 ਕੌਂਸਲਰਾਂ ਦਾ ਕਾਰਜਕਾਲ ਐਤਵਾਰ ਨੂੰ ਖ਼ਤਮ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਦਾ ਦਫ਼ਤਰੀ ਕੰਮ ਚਲਾਉਣ ਲਈ ਕਮਿਸ਼ਨਰ ਕਮਲ ਕੁਮਾਰ ਗਰਗ ਨੂੰ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਸੋਮਵਾਰ ਨੂੰ ਸ੍ਰੀ ਗਰਗ ਨੇ ਆਪਣੇ ਨਵੇਂ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।
ਮੁਹਾਲੀ ਨਿਗਮ ਦੇ ਪ੍ਰਸ਼ਾਸਕ ਕਮਲ ਕੁਮਾਰ ਗਰਗ ਨੇ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕਾਰਜ ਕੀਤੇ ਜਾਣਗੇ ਅਤੇ ਹਾਊਸ ਦਾ ਹਿੱਸਾ ਰਹੇ ਕੌਂਸਲਰਾਂ ਨਾਲ ਵੀ ਸਮੇਂ ਸਮੇਂ ਸਿਰ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰਾ ਦੇਸ਼ ਕਰੋਨਾਵਾਇਰਸ ਦੇ ਖ਼ਿਲਾਫ਼ ਜੰਗ ਲੜ ਰਿਹਾ ਹੈ। ਮੁਹਾਲੀ ਨੂੰ ਰੋਗਾਣੂ ਮੁਕਤ ਬਣਾਉਣ ਲਈ ਪਹਿਲਾਂ ਹੀ ਸਮੁੱਚੇ ਸ਼ਹਿਰ ਨੂੰ ਸੈਨੇਟਾਈਜ਼ ਕੀਤਾ ਜਾ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਸੈਨੇਟਾਈਜ਼ ਅਤੇ ਸਫ਼ਾਈ ਮੁਹਿੰਮ ਜਾਰੀ ਰੱਖੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਵਿੱਚ ਰਹਿਣ। ਜੇਕਰ ਕਿਸੇ ਵਿਅਕਤੀ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਨਗਰ ਨਿਗਮ ਦੇ ਹੈਲਪਲਾਈਨ ਨੰਬਰ, ਦਫ਼ਤਰੀ ਨੰਬਰ ਜਾਂ ਨਿੱਜੀ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ।