
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ‘ਮੈਂ ਪਾਰਟੀ ਨਹੀਂ ਛੱਡ ਰਿਹੈ:’
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਛੋਟੇ ਭਰਾ ਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਵਫ਼ਾਦਾਰ ਵਰਕਰ ਹਨ ਅਤੇ ਹੁਣ ਵੀ ਕਾਂਗਰਸ ਨਾਲ ਖੜ੍ਹੇ ਹਨ ਅਤੇ ਪਾਰਟੀ ਛੱਡ ਕੇ ਨਹੀਂ ਜਾ ਰਹੇ। ਉਨ੍ਹਾਂ ਕਿਹਾ ਕਿ ਬਲਬੀਰ ਸਿੱਧੂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਉਨ੍ਹਾਂ ਦਾ ਨਿੱਜੀ ਫੈਸਲਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਲਬੀਰ ਸਿੱਧੂ ਨਾਲ ਨਿੱਜੀ ਸਬੰਧ ਹੋ ਸਕਦੇ ਹਨ, ਪਰ ਉਹ ਕਾਂਗਰਸ ਛੱਡ ਕੇ ਨਹੀਂ ਜਾ ਰਹੇ ਹਨ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਦੇ ਰਹਿਣਗੇ।
ਸ੍ਰੀ ਬੇਦੀ ਨੇ ਕਿਹਾ ਕਿ ਉਹ ਪਿਛਲੇ ਚਾਰ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੇ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦਾ ਸਿਆਸੀ ਜੀਵਨ ਪੰਜਾਬ ਯੂਥ ਕਾਂਗਰਸ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਾਲ ਸ਼ੁਰੂ ਹੋਇਆ ਸੀ। ਪੰਜਾਬ ਵਿੱਚ ਕਾਲੇ ਦੌਰ ਸਮੇਂ ਉਨ੍ਹਾਂ ਨੇ ਮਨਿੰਦਰਜੀਤ ਸਿੰਘ ਬਿੱਟਾ ਅਤੇ ਭੁਪੇਸ਼ ਸ਼ਰਮਾ ਦੀ ਅਗਵਾਈ ਹੇਠ ਕੰਮ ਕੀਤਾ ਹੈ। ਉਨ੍ਹਾਂ ਨੇ ਪਿਛਲੇ ਚਾਰ ਦਹਾਕਿਆਂ ਦੌਰਾਨ ਕਈ ਉਤਾਰ ਚੜ੍ਹਾ ਦੇਖੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਪਾਰਟੀ ਨਹੀਂ ਛੱਡਣਗੇ ਅਤੇ ਪਾਰਟੀ ਵਿੱਚ ਹੀ ਬਣੇ ਰਹਿਣਗੇ।