
ਮੁਹਾਲੀ ਨਗਰ ਨਿਗਮ ਦੀ ਹੱਦ ਵਧਾਉਣ ਦੀ ਕਾਰਵਾਈ ਜਾਰੀ, ਫਾਈਨਲ ਨੋਟੀਫ਼ਿਕੇਸ਼ਨ ਛੇਤੀ: ਬੇਦੀ
ਵਿਰੋਧੀ ਧਿਰ ’ਤੇ ਚੋਣਾਂ ਵਿੱਚ ਸਿਆਸੀ ਲਾਹਾ ਦੀ ਮਨਸ਼ਾ ਨਾਲ ਗੁਮਰਾਹਕੁਨ ਪ੍ਰਚਾਰ ਕਰਨ ਦਾ ਦੋਸ਼
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਵਿਰੋਧੀ ਧਿਰ ਵੱਲੋਂ ਕੀਤੀ ਜਾ ਰਹੀ ਗੁਮਰਾਹਕੁਨ ਬਿਆਨਬਾਜ਼ੀ ਦੀ ਸਖ਼ਤ ਨਿਖੇਧੀ ਕਰਦਿਆਂ ਸਪੱਸ਼ਟ ਕੀਤਾ ਕਿ ਮੁਹਾਲੀ ਨਗਰ ਨਿਗਮ ਦੀ ਹੱਦ ਵਧਾਉਣ ਸਬੰਧੀ ਕਾਰਵਾਈ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਇਤਰਾਜ਼ ਸੁਣਨ ਤੋਂ ਬਾਅਦ ਫਾਈਨਲ ਨੋਟੀਫ਼ਿਕੇਸ਼ਨ ਵੀ ਬਹੁਤ ਛੇਤੀ ਜਾਰੀ ਹੋਣ ਵਾਲਾ ਹੈ। ਕਿਉਂਕਿ ਨਗਰ ਨਿਗਮ ਵੱਲੋਂ ਚੋਣਾਂ ਤੋਂ ਕਾਫ਼ੀ ਸਮਾਂ ਪਹਿਲਾਂ ਸ਼ਹਿਰ ਦੀ ਹੱਦ ਵਧਾਉਣ ਅਤੇ ਨਵੇਂ ਸੈਕਟਰਾਂ ਸਮੇਤ ਨੇੜਲੇ ਪਿੰਡਾਂ ਨੂੰ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ ਅਤੇ ਦਸੰਬਰ ਦੇ ਅਖੀਰ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਚ ਤੋਂ ਮੁਹਾਲੀ ਦੀ ਹੱਦ ਵਧਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਪ੍ਰਵਾਨਗੀ ਦਾ ਖੁਲਾਸਾ ਕੀਤਾ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਜੀਤ ਬੇਦੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਕੁੱਝ ਆਗੂਆਂ ਵੱਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਉਮੀਦਵਾਰ ਬਲਬੀਰ ਸਿੱਧੂ ਖ਼ਿਲਾਫ਼ ਭੰਡੀ ਪ੍ਰਚਾਰ ਕਰਦਿਆਂ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ ਕਿ ਮੁਹਾਲੀ ਦੀ ਕੋਈ ਹੱਦ ਨਹੀਂ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕੋਈ ਏਜੰਡਾ ਅਤੇ ਮੁੱਦਾ ਨਾ ਹੋਣ ਕਾਰਨ ਉਹ ਗਲਤ ਤਰੀਕੇ ਦੂਸ਼ਣਬਾਜ਼ੀ ਕਰ ਰਹੇ ਹਨ, ਜੋ ਸਰਾਸਰ ਗਲਤ ਹੈ। ਉਨ੍ਹਾਂ ਵਿਰੋਧੀ ਧਿਰ ’ਤੇ ਵਰ੍ਹਦਿਆਂ ਕਿਹਾ ਕਿ ਇਹ ਲੋਕ ਝੂਠ ਅਤੇ ਕੂੜ ਦਾ ਸਹਾਰਾ ਲੈ ਕੇ ਚੋਣ ਜਿੱਤਣ ਦੀ ਤਾਕ ਵਿੱਚ ਹਨ ਪਰ ਉਨ੍ਹਾਂ ਦੇ ਅਜਿਹੇ ਮਨਸੂਬੇ ਕਾਮਯਾਬ ਨਹੀਂ ਹੋਣਗੇ।
ਡਿਪਟੀ ਮੇਅਰ ਨੇ ਮੁਹਾਲੀ ਨਗਰ ਨਿਗਮ ਵੱਲੋਂ 28 ਜੂਨ 2021 ਨੂੰ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸ਼ਹਿਰ ਦੀ ਹੱਦ ਵਧਾਉਣ ਦਾ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਸੀ। ਜਿਸ ਦੇ ਤਹਿਤ ਇੱਥੋਂ ਦੇ ਸੈਕਟਰ-82, ਸੈਕਟਰ-90 ਤੇ 91, ਸੈਕਟਰ-66ਏ, ਟੀਡੀਆਈ, ਪਿੰਡ ਬਰਿਆਲੀ, ਬੜਮਾਜਰਾ, ਬਲੌਂਗੀ ਤੇ ਬਲੌਂਗੀ ਕਲੋਨੀ, ਗਰੀਨ ਐਨਕਲੇਵ ਦਾਊਂ ਨੂੰ ਮੁਹਾਲੀ ਦੀ ਹੱਦ ਵਿੱਚ ਸ਼ਾਮਲ ਕੀਤਾ ਗਿਆ ਸੀ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਮੁੱਢਲਾ ਨੋਟੀਫ਼ਿਕੇਸ਼ਨ ਜਾਰੀ ਕਰਕੇ ਲੋਕਾਂ ਇਤਰਾਜ਼ ਅਤੇ ਸੁਝਾਅ ਮੰਗੇ ਗਏ ਸਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੇ ਇਤਰਾਜ਼ਾਂ ਦੇ ਨਿਪਟਾਰੇ ਲਈ ਸਾਰੇ ਅਧਿਕਾਰ ਨਗਰ ਨਿਗਮ ਦੇ ਕਮਿਸ਼ਨਰ ਡਾ. ਕਮਲ ਗਰਗ ਨੂੰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨਰ ਨੇ ਇਤਰਾਜ਼ਾਂ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਗਰੋਂ ਮੁਹਾਲੀ ਨਗਰ ਨਿਗਮ ਦੀ ਹੱਦ ਵਧਾਉਣ ਦਾ ਫਾਈਨਲ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇਗਾ।