ਮੁਹਾਲੀ ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਨਾ ਭਰਨ ਵਾਲੀਆਂ ਪੰਜ ਫੈਕਟਰੀਆਂ ਸੀਲ

ਸ਼ਹਿਰ ਵਿੱਚ ਕਈ ਸਨਅਤੀ ਇਕਾਈਆਂ ਦੇ ਬਾਹਰ ਨੋਟਿਸ ਚਿਪਕਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਨਵੰਬਰ:
ਮੁਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਸ਼ਿਕੰਜਾ ਕੱਸ ਦਿੱਤਾ ਹੈ। ਅੱਜ ਇੱਥੋਂ ਦੇ ਸਨਅਤੀ ਏਰੀਆ ਫੇਜ਼-7 ਅਤੇ ਫੇਜ਼-9 ਵਿੱਚ ਪੰਜ ਉਦਯੋਗਿਕ ਇਕਾਈਆਂ ਨੂੰ ਸੀਲ ਕੀਤਾ ਗਿਆ ਹੈ। ਨਗਰ ਨਿਗਮ ਦੇ ਸੁਪਰਡੈਂਟ ਭੀਮ ਸੈਨ ਅਤੇ ਪ੍ਰਾਪਰਟੀ ਇੰਸਪੈਕਟਰ ਅਵਤਾਰ ਸਿੰਘ ਕਲਸੀਆ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ਲਈ ਲਗਾਤਾਰ ਵਾਰ ਵਾਰ ਅਪੀਲਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਡਿਫਾਲਟਰਾਂ ਨੂੰ ਨੋਟਿਸ ਜਾਰੀ ਕਰਕੇ ਆਪਣੇ ਅਦਾਰਿਆਂ ਅਤੇ ਜਾਇਦਾਦ ਦਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਲਈ ਚਿਤਾਵਨੀ ਵੀ ਦਿੱਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਨਗਰ ਨਿਗਮ ਦੀ ਟੀਮ ਨੇ ਉਦਯੋਗਿਕ ਖੇਤਰ ਦੇ ਫੇਜ਼-7 ਵਿੱਚ ਪ੍ਰਾਪਰਟੀ ਟੈਕਸ ਨਾ ਭਰਨ ਵਾਲੀਆਂ ਤਿੰਨ ਫੈਕਟਰੀਆਂ ਅਤੇ ਫੇਜ਼-9 ਵਿੱਚ ਦੋ ਫੈਕਟਰੀਆਂ ਨੂੰ ਸੀਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਨਅਤੀ ਇਕਾਈਆਂ ਦੇ ਮਾਲਕਾਂ ਵੱਲ ਪ੍ਰਾਪਰਟੀ ਟੈਕਸ ਦਾ 8 ਲੱਖ ਰੁਪਏ ਬਕਾਇਆ ਖੜਾ ਹੈ, ਪ੍ਰੰਤੂ ਵਾਰ ਵਾਰ ਤਾੜਨਾ ਨੋਟਿਸ ਜਾਰੀ ਕਰਨ ਦੇ ਬਾਵਜੂਦ ਫੈਕਟਰੀ ਮਾਲਕਾਂ ਨੇ ਟੈਕਸ ਦੇ ਰੂਪ ਵਿੱਚ ਇਕ ਧੇਲਾ ਵੀ ਜਮ੍ਹਾ ਨਹੀਂ ਕਰਵਾਇਆ ਗਿਆ। ਜਿਸ ਕਾਰਨ ਅੱਜ ਪੰਜ ਉਦਯੋਗਿਕ ਇਕਾਈਆਂ ਨੂੰ ਸੀਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਸਨਅਤੀ ਅਦਾਰਿਆਂ ਦੇ ਮੁੱਖ ਗੇਟ ਦੇ ਬਾਹਰ ਟੈਕਸ ਜਮ੍ਹਾ ਕਰਵਾਉਣ ਲਈ ਨੋਟਿਸ ਵੀ ਚਿਪਕਾਏ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ। ਇਸ ਤੋਂ ਪਹਿਲਾਂ ਵੀ ਮੁਹਾਲੀ ਦੀਆਂ ਵੱਖ-ਵੱਖ ਮਾਰਕੀਟਾਂ ਵਿੱਚ ਸ਼ੋਅਰੂਮਾਂ ਅਤੇ ਜੇਸੀਟੀ ਸਮੇਤ ਹੋਰ ਕਈ ਫੈਕਟਰੀਆਂ ਨੂੰ ਸੀਲ ਕੀਤਾ ਜਾ ਚੁੱਕਾ ਹੈ।
ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਨੇ ਨਗਰ ਨਿਗਮ ਦੇ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾ ਸਕਣ ਵਾਲੇ ਵਿਅਕਤੀਆਂ ਦੀਆਂ ਫੈਕਟਰੀਆਂ ਅਤੇ ਸ਼ੋਅਰੂਮਾਂ ਨੂੰ ਸੀਲ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਕਰਫਿਊ ਅਤੇ ਲੌਕਡਾਊਨ ਲੱਗਣ ਕਾਰਨ ਪਿਛਲੇ ਸੱਤ ਮਹੀਨਿਆਂ ਵਿੱਚ ਸਨਅਤਕਾਰਾਂ ਅਤੇ ਛੋਟੇ ਵਪਾਰੀਆਂ ਦੇ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਚੁੱਕੇ ਹਨ ਅਤੇ ਹੁਣ ਪਾਬੰਦੀਆਂ ਹਟਣ ਤੋਂ ਬਾਅਦ ਬੜੀ ਮੁਸ਼ਕਲ ਨਾਲ ਗੱਡੀ ਲੀਹ ’ਤੇ ਆਉਣ ਲੱਗੀ ਹੈ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਅਤੇ ਛੋਟੇ ਵਾਪਰੀਆਂ ਨੂੰ ਟੈਕਸ ਜਮ੍ਹਾ ਕਰਵਾਉਣ ਲਈ ਹੋਰ ਮੋਹਲਤ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…