
ਮੁਹਾਲੀ ਨਗਰ ਨਿਗਮ ਨੇ ਵੱਖ-ਵੱਖ ਮਾਰਕੀਟਾਂ ’ਚੋਂ 200 ਨਾਜਾਇਜ਼ ਕਬਜ਼ੇ ਹਟਾਏ, ਕਾਫ਼ੀ ਸਾਮਾਨ ਜ਼ਬਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਦਸੰਬਰ:
ਮੁਹਾਲੀ ਨਗਰ ਨਿਗਮ ਦੀ ਨਾਜਾਇਜ਼ ਕਬਜ਼ੇ ਹਟਾਓ ਟੀਮ ਵੱਲੋਂ ਅੱਜ ਨਵੇਂ ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ ਦੀ ਅਗਵਾਈ ਹੇਠ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ’ਚੋਂ ਨਾਜਾਇਜ਼ ਰੇਹੜੀ-ਫੜੀਆਂ ਅਤੇ ਨਾਜਾਇਜ਼ ਕਬਜ਼ੇ ਹਟਾਏ ਗਏ। ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਸਕੱਤਰ ਰੰਜੀਵ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਇੱਥੋਂ ਦੇ ਫੇਜ਼-1, ਫੇਜ਼-2, ਫੇਜ਼-4, ਫੇਜ਼-5 ਅਤੇ ਫੇਜ਼-6 ’ਚੋਂ ਕਰੀਬ 200 ਨਾਜਾਇਜ਼ ਕਬਜ਼ੇ ਹਟਾਏ ਗਏ। ਜਿਨ੍ਹਾਂ ਵਿੱਚ ਨਾਜਾਇਜ਼ ਰੇਹੜੀਆਂ-ਫੜੀਆਂ ਵੀ ਸ਼ਾਮਲ ਹਨ। ਇਸ ਦੌਰਾਨ ਕਾਫ਼ੀ ਸਾਮਾਨ ਵੀ ਜ਼ਬਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਨਿਗਮ ਟੀਮ ਵੱਲੋਂ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਦੀ ਮੰਗ ’ਤੇ ਕਾਰਵਾਈ ਕਰਦਿਆਂ ਪਿਛਲੇ ਕੁੱਝ ਦਿਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਸੀ। ਉਧਰ, ਨਗਰ ਨਿਗਮ ਦੇ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਦੇ ਪਹੁੰਚਣ ’ਤੇ ਕੁਝ ਰੇਹੜੀਆਂ-ਫੜੀਆਂ ਵਾਲਿਆਂ ਨੇ ਆਪਣੀਆਂ ਰੇਹੜੀਆਂ ਸਮੇਤ ਫਰਾਰ ਹੋਣ ਦਾ ਯਤਨ ਕੀਤਾ ਪ੍ਰੰਤੂ ਨਿਗਮ ਟੀਮ ਨੇ ਉਨ੍ਹਾਂ ਦਾ ਸਾਮਾਨ ਜ਼ਬਤ ਕਰ ਲਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਨਿਗਮ ਟੀਮ ਵਿੱਚ ਸੁਪਰਡੈਂਟ ਚਰਨਜੀਤ ਸਿੰਘ, ਅਵਤਾਰ ਸਿੰਘ ਕਲਸੀਆ, ਇੰਸਪੈਕਟਰ ਅਨਿਲ ਕੁਮਾਰ ਅਤੇ ਹੋਰ ਕਰਮਚਾਰੀ ਮੌਜੂਦ ਸਨ।