
ਮੁਹਾਲੀ ਨਗਰ ਨਿਗਮ ਨੇ ਮਾਰਕੀਟਾਂ ’ਚੋਂ ਨਾਜਾਇਜ਼ ਕਬਜ਼ੇ ਹਟਾਏ, ਸਮਾਨ ਵੀ ਕੀਤਾ ਜ਼ਬਤ
ਨਿਗਮ ਟੀਮ ਨੇ ਵੱਖ-ਵੱਖ ਮਾਰਕੀਟਾਂ ਵਿੱਚ ਇੱਕੋ ਸਮੇਂ ਦਿੱਤਾ ਕਾਰਵਾਈ ਨੂੰ ਅੰਜਾਮ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਨਵੰਬਰ:
ਮੁਹਾਲੀ ਨਗਰ ਨਿਗਮ ਨੇ ਸ਼ਹਿਰ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਨਿਗਮ ਦੇ ਸੁਪਰਡੈਂਟ ਚਰਨਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬੁੱਧਵਾਰ ਨੂੰ ਇੱਥੋਂ ਦੇ ਫੇਜ਼-7 ਦੀ ਮੇਨ ਮਾਰਕੀਟ, ਸਕੂਟਰ ਮਾਰਕੀਟ ਅਤੇ ਫੇਜ਼-3ਬੀ1 ਦੀ ਰੇਹੜੀ ਮਾਰਕੀਟ ਸਮੇਤ ਹੋਰਨਾਂ ਥਾਵਾਂ ਤੋਂ ਬਾਹਰੀ ਵਿਅਕਤੀਆਂ ਵੱਲੋਂ ਰੇਹੜੀਆਂ-ਫੜੀਆਂ ਲਗਾ ਕੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ। ਇਸ ਤੋਂ ਇਲਾਵਾ
ਨਗਰ ਨਿਗਮ ਦੀ ਟੀਮ ਨੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਅੱਗੇ ਦੂਰ ਤੱਕ ਸਮਾਜ ਰੱਖ ਕੇ ਕੀਤੇ ਨਾਜਾਇਜ਼ ਕਬਜ਼ੇ ਵੀ ਹਟਾਏ ਗਏ ਅਤੇ ਵੱਡੀ ਮਾਤਰਾ ਵਿੱਚ ਸਮਾਨ ਵੀ ਜ਼ਬਤ ਕੀਤਾ ਗਿਆ।
ਨਗਰ ਨਿਗਮ ਦੇ ਇੰਸਪੈਕਟਰ ਅਨਿਲ ਕੁਮਾਰ ਨੇ ਦੱਸਿਆ ਕਿ ਅੱਜ ਫੇਜ਼-7 ਸਥਿਤ ਸਕੂਟਰ ਮਾਰਕੀਟ ਦੇ ਅੱਗੇ ਅਤੇ ਪਿਛਲੇ ਪਾਸੇ, ਫੇਜ਼-3 ਦੀ ਰੇਹੜੀ ਮਾਰਕੀਟ ’ਚੋਂ ਨਾਜਾਇਜ਼ ਕਬਜ਼ੇ ਹਟਾਏ ਗਏ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਉਪਰੋਕਤ ਇਲਾਕਿਆਂ ਵਿੱਚ ਮਾਰਕੀਟ ਦੀਆਂ ਪਾਰਕਿੰਗਾਂ ਵਿੱਚ ਲੱਗੀਆਂ ਨਾਜਾਇਜ਼ ਰੇਹੜੀਆਂ-ਫੜੀਆਂ ਅਤੇ ਸ਼ੋਅਰੂਮਾਂ ਦੇ ਅੱਗੇ ਬਰਾਂਡਿਆਂ ਵਿੱਚ ਦੁਕਾਨਦਾਰਾਂ ਵੱਲੋਂ ਰੱਖਿਆ ਸਮਾਨ ਪਾਸੇ ਹਟਾਉਣ ਸਮੇਤ ਕਾਫ਼ੀ ਸਮਾਨ ਜ਼ਬਤ ਕੀਤਾ ਗਿਆ ਹੈ। ਇੰਜ ਹੀ ਨਗਰ ਨਿਗਮ ਦੀ ਟੀਮ ਨੇ ਫੇਜ਼-3 ਦੀ ਰੇਹੜੀ ਮਾਰਕੀਟ ਦੇ ਬਾਹਰ ਸੜਕ ਕਿਨਾਰੇ ਅਤੇ ਅਤੇ ਪਾਰਕਿੰਗ ਵਿੱਚ ਰੇਹੜੀਆਂ-ਫੜੀਆਂ ਵਾਲਿਆਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ ਹਨ ਅਤੇ ਹੁਣ ਦੁਕਾਨਾਂ ਅੱਗੇ ਰੱਖਿਆ ਸਮਾਨ ਚੁਕਾਉਣ ਦੀ ਕਾਰਵਾਈ ਵਿੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਜਾਰੀ ਰਹੇਗੀ।

ਜ਼ਿਕਰਯੋਗ ਹੈ ਕਿ ਮੁਹਾਲੀ ਦੀਆਂ ਵੱਖ-ਵੱਖ ਮਾਰਕੀਟਾਂ ਵਿੱਚ ਨਾਜਾਇਜ਼ ਰੇਹੜੀ-ਫੜੀ ਅਤੇ ਨਾਜਾਇਜ਼ ਕਬਜ਼ਿਆਂ ਕਾਰਨ ਰੋਜ਼ਾਨਾ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਵਿਚਕਾਰ ਝਗੜੇ ਹੋਣੇ ਸ਼ੁਰੂ ਹੋ ਗਏ ਸੀ। ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਦਮਨਦੀਪ ਕੌਰ ਅਤੇ ਡੀਐਸਪੀ (ਸਿਟੀ-1) ਐਚਐਸ ਮਾਨ ਨੇ ਪਿਛਲੇ ਦਿਨੀਂ ਫੇਜ਼-7 ਦੀ ਮਾਰਕੀਟ ਵਿੱਚ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਪਾਰਕਿੰਗਾਂ ਅਤੇ ਸ਼ੋਅਰੂਮਾਂ ਦੇ ਬਾਹਰ ਲੱਗਦੀਆਂ ਨਾਜਾਇਜ਼ ਰੇਹੜੀਆਂ-ਫੜੀਆਂ ਨੂੰ ਹਟਾਉਣ ਦਾ ਭਰੋਸਾ ਦਿੱਤਾ ਸੀ। ਮਾਰਕੀਟ ਦੇ ਪ੍ਰਧਾਨ ਸਰਬਜੀਤ ਸਿੰਘ ਪਾਰਸ ਅਤੇ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਅਤੇ ਹੋਰਨਾਂ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਨਾਜਾਇਜ਼ ਰੇਹੜੀ-ਫੜੀ ਦੀ ਭਰਮਾਰ ਕਾਰਨ ਦੁਕਾਨਦਾਰਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਦੁਕਾਨਦਾਰਾਂ ਨੇ ਹਫ਼ਤਾ ਵਸੂਲੀ ਅਤੇ ਨਿਗਮ ਸਟਾਫ਼ ਦੀ ਕਥਿਤ ਮਿਲੀਭੁਗਤ ਦੇ ਦੋਸ਼ ਵੀ ਲਾਏ ਸੀ। ਨਿਗਮ ਨੇ ਆਪਣੇ ਮੱਥੇ ’ਤੇ ਲੱਗੇ ਹਫ਼ਤਾ ਵਸੂਲੀ ਅਤੇ ਮਿਲੀਭੁਗਤ ਦੇ ਦੋਸ਼ ਮਿਟਾਉਣ ਲਈ ਇਹ ਕਾਰਵਾਈ ਸ਼ੁਰੂ ਕੀਤੀ ਗਈ ਹੈ।