ਮੁਹਾਲੀ ਨਗਰ ਨਿਗਮ ਵੱਲੋਂ 160 ਕਰੋੜ ਰੁਪਏ ਦਾ ਬਜਟ ਪਾਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ:
ਮੁਹਾਲੀ ਨਗਰ ਨਿਗਮ ਨੇ ਸੋਮਵਾਰ ਨੂੰ ਸਾਲ 2022-23 ਲਈ 160 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਹੈ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੌਂਸਲਰਾਂ ਨੇ ਬਜਟ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ। ਬਜਟ ਮੀਟਿੰਗ ਦੇ ਨਾਲ-ਨਾਲ ਇਕ ਹੋਰ ਆਮ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਅਤੇ ਮੁਲਾਜ਼ਮਾਂ ਨਾਲ ਸਬੰਧਤ ਮਤੇ ਵੀ ਸਰਬਸੰਮਤੀ ਨਾਲ ਪਾਸ ਕੀਤੇ ਗਏ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਕਮਿਸ਼ਨਰ ਡਾ. ਕਮਲ ਗਰਗ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਸਾਲ ਲਗਪਗ 120 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ। ਆਮਦਨ ਵਜੋਂ 109 ਕਰੋੜ ਰੁਪਏ ਪ੍ਰਾਪਤ ਕੀਤੇ ਜਾ ਚੁੱਕੇ ਹਨ ਜਦੋਂਕਿ ਬਾਕੀ ਰਕਮ ਪ੍ਰਾਪਤ ਕਰਨ ਲਈ ਵਿੱਤੀ ਸਾਲ ਦੇ ਅੰਤ ਤੱਕ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।
ਮੀਟਿੰਗ ਦੀ ਸ਼ੁਰੂਆਤ ਮੌਕੇ ਮੇਅਰ ਜੀਤੀ ਸਿੱਧੂ ਨੇ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਹੇਠ ਨਵੀਂ ਬਣੀ ‘ਆਪ’ ਸਰਕਾਰ ਦਾ ਸਵਾਗਤ ਕਰਦਿਆਂ ਕਿਹਾ ਕਿ ਮੁਹਾਲੀ ਨਿਗਮ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪਹਿਲਾਂ ਵਾਂਗ ਸ਼ਹਿਰ ਦਾ ਵਿਕਾਸ ਜਾਰੀ ਰੱਖੇਗੀ ਅਤੇ ਸਥਾਨਕ ਸਰਕਾਰ ਵਿਭਾਗ ਦੇ ਨਵੇਂ ਬਣਨ ਵਾਲੇ ਮੰਤਰੀ ਨਾਲ ਉਹ ਖ਼ੁਦ ਅਤੇ ਉਨ੍ਹਾਂ ਦੀ ਟੀਮ ਮੁਲਾਕਾਤ ਕਰਕੇ ਮੁਹਾਲੀ ਦੇ ਵਿਕਾਸ ਲਈ ਸਹਿਯੋਗ ਦੀ ਮੰਗ ਕਰੇਗੀ।
ਉਨ੍ਹਾਂ ਕਿਹਾ ਕਿ ਵੱਖ-ਵੱਖ ਕੌਂਸਲਰਾਂ ਵੱਲੋਂ ਉਨ੍ਹਾਂ ਦੇ ਕੰਮ ਨਾ ਹੋਣ ਸਬੰਧੀ ਕੀਤੀ ਜਾਂਦੀ ਸ਼ਿਕਾਇਤ ਬਾਰੇ ਸਮੂਹ ਕੌਂਸਲਰਾਂ ਨੂੰ ਇੱਕ ਪੱਤਰ ਜਾਰੀ ਕਰਕੇ ਉਨ੍ਹਾਂ ਦੇ ਵਾਰਡਾਂ ਵਿੱਚ ਹੋਣ ਵਾਲੇ ਕੰਮਾਂ ਦੀ ਜਾਣਕਾਰੀ ਮੰਗੀ ਗਈ।
ਪੱਤਰ ਵਿੱਚ ਪੁੱਛਿਆ ਗਿਆ ਹੈ ਕਿ ਕੌਂਸਲਰਾਂ ਦੇ ਜੋ ਕੰਮ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਪੂਰਾ ਕਰਵਾਇਆ ਜਾਵੇਗਾ ਅਤੇ ਨਾਲ ਹੀ ਕੌਂਸਲਰਾਂ ਨੂੰ ਆਪਣੇ ਵਾਰਡਾਂ ਵਿੱਚ ਨਵੇਂ ਕੰਮਾਂ ਦੀ ਲਿਸਟ ਤਿਆਰ ਕਰਕੇ ਦੇਣ ਬਾਰੇ ਕਿਹਾ ਗਿਆ। ਇਸ ਸਬੰਧੀ ਵਿਰੋਧੀ ਧਿਰ ਦੇ ਕੌਂਸਲਰਾਂ ਨੇ ਵੀ ਮੇਅਰ ਜੀਤੀ ਸਿੱਧੂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਮੁੱਖ ਮਤਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ, ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਸਵੇਰ ਦੀ ਜਲ ਸਪਲਾਈ ਦੌਰਾਨ ਘਰਾਂ ਦੇ ਵਿਹੜੇ ਧੋਣ, ਬੂਟਿਆਂ ਨੂੰ ਪਾਣੀ ਦੇਣ ਉੱਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ। ਤਾਜ਼ਾ ਫੈਸਲੇ ਅਨੁਸਾਰ ਸਵੇਰੇ 5 ਵਜੇ ਤੋਂ ਸ਼ਾਮ ਪੰਜ ਵਜੇ ਤੱਕ ਉਪਰੋਕਤ ਕੰਮਾਂ ਉੱਤੇ ਪਾਣੀ ਦੀ ਵਰਤੋਂ ’ਤੇ ਪਾਬੰਦੀ ਹੋਵੇਗੀ। ਇਹ ਫੈਸਲਾ ਸ਼ਹਿਰ ਵਾਸੀਆਂ ਨੂੰ ਗਰਮੀ ਦੇ ਮੌਸਮ ਵਿੱਚ ਲੋੜ ਅਨੁਸਾਰ ਪੀਣ ਵਾਲਾ ਪਾਣੀ ਸਪਲਾਈ ਕਰਨ ਹਿੱਤ ਕੀਤਾ ਗਿਆ ਹੈ। ਮੁਹਾਲੀ ਦੇ ਸਨਅਤੀ ਖੇਤਰ ਫੇਜ਼-8ਬੀ ਵਿੱਚ ਬੂਸਟਰ ਟੈਂਕ ਬਣਾਉਣ ਦਾ ਮਤਾ ਪਾਸ ਕੀਤਾ ਗਿਆ। ਇਸ ਪ੍ਰਾਜੈਕਟ ’ਤੇ ਢਾਈ ਕਰੋੜ ਰੁਪਏ ਦਾ ਖਰਚਾ ਆਵੇਗਾ। ਨਗਰ ਨਿਗਮ ਵਿੱਚ ਕਰਮਚਾਰੀਆਂ ਦੀ ਆਊਟਸੋਰਸਿੰਗ ਅਤੇ ਨਿਗਮ ਸਟਾਫ਼ ਲਈ ਗੱਡੀਆਂ ਕਿਰਾਏ ’ਤੇ ਲੈਣ ਦੇ ਮਤੇ ਪਾਸ ਕੀਤੇ ਗਏ।
ਮੀਟਿੰਗ ਦੌਰਾਨ ਵਾਰਡ ਨੰਬਰ-29 ਤੋਂ ਆਜ਼ਾਦ ਕੌਂਸਲਰ ਕੁਲਦੀਪ ਕੌਰ ਧਨੋਆ ਨੇ ਸੈਕਟਰ-69 ਦੇ ਕਮਿਊਨਿਟੀ ਸੈਂਟਰ ਵਿੱਚ ਵਿਆਹ ਅਤੇ ਹੋਰ ਸਮਾਗਮਾਂ ਦੌਰਾਨ ਪਾਰਕਿੰਗ ਵਿੱਚ ਡੀਜੇ ਲਗਾਉਣ ਦਾ ਮੁੱਦਾ ਚੁੱਕਦਿਆਂ ਮੰਗ ਕੀਤੀ ਕਿ ਇਸ ਰੁਝਾਨ ਨੂੰ ਸਖ਼ਤੀ ਨਾਲ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਕਮਿਊਨਿਟੀ ਸੈਂਟਰ ਵਿੱਚ ਵਿਆਹਾਂ ਅਤੇ ਹੋਰ ਸਮਾਗਮਾਂ ਮੌਕੇ ਪਾਰਕਿੰਗ ਵਿੱਚ ਡੀਜੇ ਸਿਸਟਮ ਉੱਚੀ ਆਵਾਜ਼ ਵਿੱਚ ਚਲਾਇਆ ਜਾਂਦਾ ਹੈ, ਜਿਸ ਕਾਰਨ ਉੱਥੇ ਬਿਲਕੁਲ ਨੇੜੇ ਗੁਰਦੁਆਰਾ ਸਾਹਿਬ ਦੀ ਸੰਗਤ, ਸੈਕਟਰ ਵਾਸੀਆਂ ਅਤੇ ਰਾਹਗੀਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਹੁੰਦੀ ਹੈ। ਉੱਚੀ ਆਵਾਜ਼ ਵਿੱਚ ਡੀਜੇ ਚੱਲਣ ਕਾਰਨ ਬਜ਼ੁਰਗਾਂ, ਬੀਮਾਰੀਆਂ ਤੋਂ ਪੀੜਤ ਲੋਕਾਂ ਅਤੇ ਬੱਚਿਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕਮਿਊਨਿਟੀ ਸੈਂਟਰ ਦੀ ਪਾਰਕਿੰਗ ਵਿੱਚ ਡੀਜੇ ਚਲਾਉਣ ’ਤੇ ਪਾਬੰਦੀ ਲਗਾਈ ਜਾਵੇ। ਇਸ ਸਬੰਧੀ ਬੀਬੀ ਧਨੋਆ ਨੇ ਮੇਅਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਜਿਸ ’ਤੇ ਮੇਅਰ ਨੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…