Nabaz-e-punjab.com

ਮੁਹਾਲੀ ਨਗਰ ਨਿਗਮ ਵੱਲੋਂ ਰੇਹੜੀਆਂ-ਫੜੀਆਂ ਬਾਰੇ ਵੈਡਿੰਗ ਜ਼ੋਨ ਬਣਾਉਣ ਦੀ ਤਿਆਰੀ

ਸ਼ਹਿਰ ਵਿੱਚ 545 ਰੇਹੜੀਆਂ-ਫੜੀਆਂ ਵਾਲਿਆਂ ਨੂੰ ਜਾਰੀ ਕੀਤੇ ਜਾਣਗੇ ਸ਼ਨਾਖ਼ਤੀ ਕਾਰਡ: ਕਮਿਸ਼ਨਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ:
ਮੁਹਾਲੀ ਨਗਰ ਨਿਗਮ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਲੱਗਦੀਆਂ ਅਣਅਧਿਕਾਰਤ ਰੇਹੜੀਆਂ-ਫੜੀਆਂ ਕਾਰਨ ਪੈਦਾ ਹੋ ਰਹੀ ਸਮੱਸਿਆ ਦੇ ਸਥਾਈ ਹੱਲ ਲਈ ਯਤਨ ਤੇਜ਼ ਕਰ ਦਿੱਤੇ ਹਨ। ਨਗਰ ਨਿਗਮ ਵੱਲੋਂ ਰੇਹੜੀਆਂ-ਫੜੀਆਂ ਲਈ ਢੁਕਵੀਂ ਥਾਂ ਦੀ ਸ਼ਨਾਖ਼ਤ ਕਰਕੇ ਅਲਾਟ ਕਰ ਦਿੱਤੀ ਜਾਵੇਗੀ। ਇਸ ਤੋਂ ਬਾਅਦ ਮਾਰਕੀਟਾਂ ਵਿੱਚ ਅਣਅਧਿਕਾਰਤ ਤੌਰ ’ਤੇ ਰੇਹੜੀਆਂ-ਫੜੀਆਂ ਨਹੀਂ ਲੱਗਣ ਦਿੱਤੀਆਂ ਜਾਣਗੀਆਂ। ਮੁਹਾਲੀ ਨਿਗਮ ਦੇ ਕਮਿਸ਼ਨਰ ਕਮਲ ਗਰਗ ਦੀ ਪ੍ਰਧਾਨਗੀ ਹੇਠ ਅੱਜ ਹੋਈ ਟਾਊਨ ਵੈਡਿੰਗ ਕਮੇਟੀ ਦੀ ਮੀਟਿੰਗ ਵਿੱਚ ਇਸ ਮੁੱਦੇ ’ਤੇ ਲੰਮੀ ਚਰਚਾ ਕੀਤੀ ਗਈ।
ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਕਰਵਾਏ ਗਏ ਸਰਵੇ ਅਨੁਸਾਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਕੁਲ 993 ਰੇਹੜੀਆਂ-ਫੜੀਆਂ ਲੱਗਦੀਆਂ ਹੋਣ ਦੀ ਗੱਲ ਸਾਹਮਣੇ ਆਈ ਸੀ, ਜਿਨ੍ਹਾਂ ਨੂੰ ਆਪਣੇ ਦਸਤਾਵੇਜ਼ ਜਮਾਂ ਕਰਵਾਉਣ ਦੇ ਆਦੇਸ਼ ਦਿੱਤੇ ਗਏ ਸੀ। ਜਿਨ੍ਹਾਂ ’ਚ ਕੁਝ ਵਿਅਕਤੀਆਂ ਨੇ ਲੋੜੀਂਦੇ ਦਸਤਾਵੇਜ਼ ਜਮਾਂ ਨਹੀਂ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਕੁਲ 545 ਵਿਅਕਤੀ ਥਾਂ ਲੈਣ ਲਈ ਯੋਗ ਪਾਏ ਗਏ ਹਨ। ਜਿਨ੍ਹਾਂ ਨੂੰ ਜਲਦੀ ਹੀ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾ ਰਹੇ ਹਨ।
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਇਨ੍ਹਾਂ ਰੇਹੜੀਆਂ-ਫੜੀਆਂ ਵਾਲਿਆਂ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਵੈਡਿੰਗ ਜ਼ੋਨ ਬਣਾਏ ਜਾਣ ਅਤੇ ਇਸ ਲਈ ਟਾਊਨ ਵੈਡਿੰਗ ਕਮੇਟੀ ਵੱਲੋਂ ਨਿੱਜੀ ਤੌਰ ’ਤੇ ਸਰਵੇ ਕਰਕੇ ਥਾਵਾਂ ਦੀ ਪਛਾਣ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਪਹਿਲਾ ਫੇਜ਼-7 ਵਿੱਚ ਲੋੜੀਂਦੀ ਥਾਂ ਦੀ ਸ਼ਨਾਖ਼ਤ ਕਰਕੇ ਉੱਥੇ ਕੰਮ ਕਰਦੇ ਰੇਹੜੀਆਂ-ਫੜੀਆਂ ਵਾਲਿਆਂ ਨੂੰ ਥਾਂ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਬਾਅਦ ਸ਼ਹਿਰ ਦੇ ਹੋਰਨਾਂ ਵੱਖ-ਵੱਖ ਫੇਜ਼ਾਂ ਅਤੇ ਸੈਕਟਰਾਂ ਵਿੱਚ ਵੈਡਿੰਗ ਜ਼ੋਨਾਂ ਬਣਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਵੈਡਿੰਗ ਜ਼ੋਨਾਂ ਦੀ ਅਲਾਟਮੈਂਟ ਹੋਣ ਤੋਂ ਬਾਅਦ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਲੱਗਦੀਆਂ ਨਾਜਾਇਜ਼ ਰੇਹੜੀਆਂ-ਫੜੀਆਂ ਨੂੰ ਸਖ਼ਤੀ ਨਾਲ ਹਟਾਇਆ ਜਾਵੇਗਾ।
ਮੀਟਿੰਗ ਵਿੱਚ ਸੰਯੁਕਤ ਕਮਿਸ਼ਨਰ ਡਾ. ਕਨੂ ਥਿੰਦ, ਵੈਡਿੰਗ ਕਮੇਟੀ ਦੇ ਮੈਂਬਰ ਕੁਲਜੀਤ ਸਿੰਘ ਬੇਦੀ ਤੇ ਆਰਪੀ ਸ਼ਰਮਾ (ਦੋਵੇਂ ਕੌਂਸਲਰ), ਸਮਾਜ ਸੇਵੀ ਆਗੂ ਅਤੁਲ ਸ਼ਰਮਾ, ਰਵੀ ਕੁਮਾਰ, ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਦੇ ਸੁਪਰਡੈਂਟ ਜਸਵਿੰਦਰ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।
(ਬਾਕਸ ਆਈਟਮ)
ਨਗਰ ਨਿਗਮ ਦੀ ਟਾਊਨ ਵੈਡਿੰਗ ਕਮੇਟੀ ਦੇ ਮੈਂਬਰ ਤੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਮੱਗ ਕੀਤੀ ਹੈ ਕਿ ਰੇਹੜੀਆਂ-ਫੜੀਆਂ ਵਾਲਿਆਂ ਨੂੰ ਥਾਂ ਦੇਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸ਼ਹਿਰ ਵਿੱਚ ਅਣਅਧਿਕਾਰਿਤ ਰੇਹੜੀਆਂ-ਫੜੀਆਂ ’ਤੇ ਕਾਬੂ ਪਾਉਣ ਲਈ ਤੁਰੰਤ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…