Nabaz-e-punjab.com

ਮੁਹਾਲੀ ਨਗਰ ਨਿਗਮ ਦੀ ਟੀਮ ਨੇ ਆਪਣੀ ਮੰਡੀ ’ਚੋਂ ਜ਼ਬਤ ਕੀਤੇ 35 ਕਿੱਲੋ ਤੋਂ ਵੱਧ ਪੌਲੀਥੀਨ ਦੇ ਲਿਫ਼ਾਫ਼ੇ

ਖ਼ਬਰਾਂ ਪ੍ਰਕਾਸ਼ਿਤ ਹੋਣ ਤੋਂ ਬਾਅਦ ਆਖਰਕਾਰ ਛੁੱਟੀ ਵਾਲੇ ਦਿਨ ਐਤਵਾਰ ਨੂੰ ਜਾਗਿਆ ਨਗਰ ਨਿਗਮ ਦਾ ਸਟਾਫ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੂਨ:
ਪੌਲੀਥੀਨ ਦੇ ਲਿਫ਼ਾਫ਼ਿਆਂ ਦੀ ਵਰਤੋਂ ਰੋਕਣ ਦੀ ਆੜ ਵਿੱਚ ਸਿਰਫ਼ ਮਾਰਕੀਟਾਂ ਦੇ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾਉਣ ਬਾਰੇ ਅੱਜ ਮੀਡੀਆ ਵਿੱਚ ਪ੍ਰਕਾਸ਼ਿਤ ਹੋਈਆਂ ਖ਼ਬਰਾਂ ਤੋਂ ਬਾਅਦ ਮੁਹਾਲੀ ਨਗਰ ਨਿਗਮ ਦੀ ਟੀਮ ਨੇ ਅੱਜ ਛੁੱਟੀ ਵਾਲੇ ਦਿਨ ਐਤਵਾਰ ਨੂੰ ਗੂੜੀ ਨੀਂਦ ਤੋਂ ਜਾਗਦਿਆਂ ਮੁਹਾਲੀ ਵਿੱਚ ਹਫ਼ਤਾਵਾਰੀ ਆਪਣੀ ਮੰਡੀ ਵਿੱਚ ਦਸਤਕ ਦਿੱਤੀ ਅਤੇ ਕਰੀਬ 35 ਕਿੱਲੋ ਵੱਧ ਪੌਲੀਥੀਨ ਦੇ ਲਿਫ਼ਾਫ਼ਿਆਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਮੁੱਚੇ ਦੇਸ਼ ਵਿੱਚ ਪੌਲੀਥੀਨ ਦੇ ਲਿਫ਼ਾਫ਼ਿਆਂ ਦੀ ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ ਲੇਕਿਨ ਸਬੰਧਤ ਅਧਿਕਾਰੀਆਂ ਦੀ ਕਥਿਤ ਅਣਦੇਖੀ ਦੇ ਚੱਲਦਿਆਂ ਧੜੱਲੇ ਨਾਲ ਪੌਲੀਥੀਨ ਦੇ ਲਿਫ਼ਾਫ਼ਿਆਂ ਦੀ ਵਰਤੋਂ ਹੋ ਰਹੀ ਹੈ। ਨਗਰ ਨਿਗਮ ਅਧਿਕਾਰੀਆਂ ਨੇ ਕਿਹਾ ਕਿ ਪੌਲੀਥੀਨ ਦੇ ਲਿਫ਼ਾਫ਼ਿਆਂ ਦੀ ਵਰਤੋਂ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ। ਆਪਣੀ ਮੰਡੀ ’ਚੋਂ ਬਰਾਮਦ ਕੀਤੇ ਪੌਲੀਥੀਨ ਦੇ ਲਿਫ਼ਾਫ਼ਿਆਂ ਬਾਰੇ ਅਧਿਕਾਰੀ ਨੇ ਕਿਹਾ ਕਿ ਅੱਜ ਸਿਰਫ਼ ਦੁਕਾਨਦਾਰਾਂ ਨੂੰ ਸਖ਼ਤ ਤਾੜਨਾ ਕੀਤੀ ਗਈ ਹੈ। ਜੇਕਰ ਦੁਬਾਰਾ ਚੈਕਿੰਗ ਦੌਰਾਨ ਪੌਲੀਥੀਨ ਦੇ ਲਿਫ਼ਾਫ਼ਿਆਂ ਵਿੱਚ ਸਮਾਨ ਵੇਚਦੇ ਫੜੇ ਗਏ ਤਾਂ ਸਬੰਧਤ ਦੁਕਾਨਦਾਰ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਜੁਰਮਾਨਾ ਵਸੂਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਾਰ ਵਾਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ।
ਇਸ ਸਬੰਧੀ ਬੀਤੇ ਦਿਨੀਂ ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਨੇ ਮੁਹਾਲੀ ਦੇ ਵੱਖ ਵੱਖ ਸੈਕਟਰਾਂ ਅਤੇ ਫੇਜ਼ਾਂ ਵਿੱਚ ਲਗਦੀਆਂ ਹਫ਼ਤਾਵਾਰੀ ਆਪਣੀ ਮੰਡੀਆਂ ਅਤੇ ਸ਼ਹਿਰ ਵਿੱਚ ਥਾਂ-ਥਾਂ ’ਤੇ ਨਾਜਾਇਜ਼ ਕਬਜ਼ੇ ਕਰਕੇ ਲੱਗਦੀਆਂ ਰੇਹੜੀ ਫੜੀ ਵਾਲਿਆਂ ਵੱਲੋਂ ਸ਼ਰ੍ਹੇਆਮ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਦਾ ਮੁੱਦਾ ਚੁੱਕਦਿਆਂ ਦੋਸ਼ ਲਗਾਇਆ ਸੀ ਕਿ ਨਗਰ ਨਿਗਮ ਦੇ ਕਰਮਚਾਰੀ ਸਿਰਫ਼ ਮਾਰਕੀਟਾਂ ਵਿੱਚ ਜਾ ਕੇ ਦੁਕਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਪ੍ਰਸ਼ਾਸਨ ਨੂੰ ਪੱਖਪਾਤੀ ਰਵੱਈਆ ਤਿਆਗ ਕੇ ਸਾਰਿਆਂ ’ਤੇ ਇਕੋ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਵਿਰੁੱਧ ਸ਼ਿਕੰਜਾ ਕੱਸਣ ਦੀ ਬਜਾਏ ਫੈਕਟਰੀਆਂ ਵਿੱਚ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਥੈਲੇ ਬਣਾਉਣ ’ਤੇ ਸਖ਼ਤੀ ਨਾਲ ਪਾਬੰਦੀ ਲਗਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਉਤਪਾਦਨ ’ਤੇ ਪਾਬੰਦੀ ਨਹੀਂ ਲੱਗਦੀ ਉਦੋਂ ਤੱਕ ਇਹ ਸਮੱਸਿਆ ਬਣੀ ਰਹੇਗੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…