nabaz-e-punjab.com

ਮੁਹਾਲੀ ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਗੌਲਫ਼ ਰੇਂਜ ਸੀਲ

ਨਬਜ਼-ਏ-ਪੰਜਾਬ, ਮੁਹਾਲੀ, 17 ਮਾਰਚ:
ਮੁਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲੇ ਡਿਫਾਲਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭ ਦਿੱਤੀ ਹੈ। ਮੁਹਾਲੀ ਨਿਗਮ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨੇ ਅੱਜ ਦੇਰ ਸ਼ਾਮ ਦੱਸਿਆ ਕਿ ਮੁਹਾਲੀ ਨਗਰ ਨਿਗਮ ਵੱਲੋਂ ਕਮਰਸ਼ੀਅਲ ਅਤੇ ਇੰਡਸਟਰੀ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਜਦੋਂਕਿ ਕਈ ਪ੍ਰਾਪਰਟੀ ਧਾਰਕਾਂ ਵੱਲੋਂ ਨਗਰ ਨਿਗਮ ਦੇ ਨੋਟਿਸ ਦੇ ਬਾਵਜੂਦ ਵੀ ਪ੍ਰਾਪਰਟੀ ਟੈਕਸ ਜਮਾਂ ਨਹੀਂ ਕਰਵਾਇਆ ਗਿਆ। ਅਜਿਹੇ ਪ੍ਰਾਪਰਟੀ ਧਾਰਕਾਂ ਖ਼ਿਲਾਫ਼ ਨਗਰ ਨਿਗਮ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਅੱਜ ਮੁਹਾਲੀ ਦੇ ਸੈਕਟਰ-65 ਸਥਿਤ ਗੌਲਫ਼ ਰੇਂਜ ਨੂੰ ਸੀਲ ਕੀਤਾ ਗਿਆ ਹੈ।
ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁਹਾਲੀ ਨਗਰ ਨਿਗਮ ਦੀ ਹੱਦ ਅੰਦਰ ਕਈ ਅਜਿਹੇ ਹੋਟਲ, ਸ਼ੋਅਰੂਮ ਅਤੇ ਹੋਰ ਕਮਰਸ਼ੀਅਲ ਪ੍ਰਾਪਰਟੀ ਧਾਰਕ ਹਨ, ਜਿਨ੍ਹਾਂ ਨੂੰ ਨਗਰ ਨਿਗਮ ਵੱਲੋਂ ਦੋ ਵਾਰ ਨੋਟਿਸ ਭੇਜੇ ਜਾਣ ਦੇ ਬਾਵਜੂਦ ਵੀ ਉਨ੍ਹਾਂ ਨੇ ਪ੍ਰਾਪਰਟੀ ਟੈਕਸ ਜਮਾਂ ਨਹੀਂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਾਪਰਟੀ ਧਾਰਕਾਂ ਦੀਆਂ ਪ੍ਰਾਪਰਟੀਆਂ ਆਉਣ ਵਾਲੇ ਦਿਨਾਂ ਵਿੱਚ ਸੀਲ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਾਲ ਨਗਰ ਨਿਗਮ ਵੱਲੋਂ ਲਗਪਗ 50 ਕਰੋੜ ਰੁਪਏ ਪ੍ਰਾਪਰਟੀ ਟੈਕਸ ਇਕੱਠਾ ਕਰਨ ਦਾ ਟੀਚਾ ਮਿਥਿਆ ਗਿਆ ਹੈ, ਜਿਸ ’ਚੋਂ ਹੁਣ ਤੱਕ ਕਰੀਬ 42 ਕਰੋੜ ਰੁਪਏ ਦੀ ਰਾਸ਼ੀ ਇਕੱਤਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ, ਉਹ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਜਲਦੀ ਨਗਰ ਨਿਗਮ ਦੇ ਦਫ਼ਤਰ ਵਿਚ ਜਮਾਂ ਕਰਵਾਉਣ।
ਕਮਿਸ਼ਨਰ ਨੇ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਸਬੰਧਤ ਵਿਅਕਤੀ ਕੋਲੋਂ ਪ੍ਰਾਪਰਟੀ ਟੈਕਸ ਵਿਆਜ ਅਤੇ ਜੁਰਮਾਨੇ ਸਮੇਤ ਵਸੂਲਿਆ ਜਾਵੇਗਾ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਨਗਰ ਨਿਗਮ ਦੇ ਨੋਟਿਸ ਮਿਲਣ ਦੇ ਬਾਵਜੂਦ ਵੀ ਪ੍ਰਾਪਰਟੀ ਟੈਕਸ ਜਮਾਂ ਨਹੀਂ ਕਰਵਾਉਂਦਾ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 1 ਮਾਰਚ ਤੋਂ ਲੈ ਕੇ 31 ਮਾਰਚ ਤੱਕ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਦਾ ਦਫ਼ਤਰ ਹਰ ਸਨਿੱਚਰਵਾਰ ਅਤੇ ਐਤਵਾਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਬਾਅਦ ਦੁਪਹਿਰ 2 ਵਜੇ ਤੱਕ ਖੁੱਲ੍ਹਾ ਰੱਖਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ।

Load More Related Articles
Load More By Nabaz-e-Punjab
Load More In General News

Check Also

ਬਜਟ ਸੈਸ਼ਨ: ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵੱਲੋਂ ਤਿੰਨ ਦਿਨ ਵਿਧਾਨ ਸਭਾ ਵੱਲ ਕੂਚ ਕਰਨ ਦਾ ਐਲਾਨ

ਬਜਟ ਸੈਸ਼ਨ: ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵੱਲੋਂ ਤਿੰਨ ਦਿਨ ਵਿਧਾਨ ਸਭਾ ਵੱਲ ਕੂਚ ਕਰਨ ਦਾ ਐਲਾਨ 24, 25…