ਮੁਹਾਲੀ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਵਜੋਤ ਕੌਰ ਨੇ ਅਹੁਦਾ ਸੰਭਾਲਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਪੰਜਾਬ ਸਰਕਾਰ ਵੱਲੋਂ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਡਾ. ਕਮਲ ਕੁਮਾਰ ਗਰਗ ਦਾ ਇੱਥੋਂ ਬਦਲ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਸੀਨੀਅਰ ਮਹਿਲਾ ਪੀਸੀਐਸ ਅਫ਼ਸਰ ਨਵਜੋਤ ਕੌਰ ਨੂੰ ਨਵਾਂ ਕਮਿਸ਼ਨਰ ਲਗਾਇਆ ਗਿਆ ਹੈ। ਅੱਜ ਨਵਜੋਤ ਕੌਰ ਨੇ ਮੁਹਾਲੀ ਨਿਗਮ ਦੇ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਉਹ 2006 ਬੈਚ ਦੇ ਪੀਸੀਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਮੁਹਾਲੀ ਦਫ਼ਤਰ ਵਿੱਚ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਗਮਾਡਾ ਦੇ ਅਸਟੇਟ ਅਫ਼ਸਰ ਅਤੇ ਵਧੀਕ ਮੁੱਖ ਪ੍ਰਸ਼ਾਸਕ ਦੇ ਅਹੁਦੇ ’ਤੇ ਵੀ ਕੰਮ ਕਰ ਚੁੱਕੇ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸੁਵਿਧਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ ਅਤੇ ਖਾਸ ਤੌਰ ’ਤੇ ਸੀਨੀਅਰ ਸਿਟੀਜਨਾਂ ਅਤੇ ਅੰਗਹੀਣਾਂ ਨੂੰ ਲੋੜੀਂਦੀਆਂ ਸਹੂਲਤਾਂ ਅਤੇ ਦਫ਼ਤਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਮੁਹਾਲੀ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਅਤੇ ਹੋਰ ਸੁਵਿਧਾਵਾਂ ਨੂੰ ਬਿਹਤਰ ਬਣਾਇਆ ਜਾਵੇਗਾ। ਨਵਜੋਤ ਕੌਰ ਨੇ ਕਿਹਾ ਕਿ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਉਹ ਸਮੇਂ ਸਮੇਂ ਸਿਰ ਖ਼ੁਦ ਨਜ਼ਰਸਾਨੀ ਕਰਨਗੇ ਅਤੇ ਸਾਰੇ ਵਿਕਾਸ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਨੂੰ ਮਿਆਰੀ ਬਣਾਇਆ ਜਾਵੇਗਾ ਅਤੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।