
ਮੁਹਾਲੀ: ਗਮਾਡਾ ਖੇਤਰ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਲੋਕ ਡਾਢੇ ਦੁਖੀ
ਡਿਪਟੀ ਮੇਅਰ ਨੇ ਪੁੱਡਾ ਮੰਤਰੀ ਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਲਿਖਿਆ ਪੱਤਰ
ਨਬਜ਼-ਏ-ਪੰਜਾਬ, ਮੁਹਾਲੀ, 3 ਅਪਰੈਲ:
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਖੇਤਰ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਲੋਕ ਡਾਢੇ ਦੁਖੀ ਹਨ। ਹੁਣ ਤੱਕ ਕਾਫ਼ੀ ਲੋਕ ਬੱਚੇ ਅਤੇ ਅੌਰਤਾਂ ਆਵਾਰਾ ਕੁੱਤਿਆ ਦਾ ਸਿਕਾਰ ਹੋ ਚੁੱਕੇ ਹਨ। ਐਰੋਸਿਟੀ, ਆਈਟੀ ਸਿਟੀ, ਟੀਡੀਆਈ ਸੈਕਟਰ-116, 117, ਸੈਕਟਰ-82, 86, 88, 89, 90, 91, ਪਿੰਡ ਲਖਨੌਰ, ਲਾਂਡਰਾਂ, ਚੱਪੜਚਿੜੀ, ਰੁੜਕਾ, ਮਨੌਲੀ, ਕੰਬਾਲਾ, ਕੰਬਾਲੀ ਵਿੱਚ ਆਵਾਰਾ ਕੁੱਤਿਆਂ ਦੀ ਲਗਾਤਾਰ ਵਧ ਰਹੀ ਗਿਣਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਡਿਪਟੀ ਮੇਅਰ ਨੇ ਪੁੱਡਾ ਮੰਤਰੀ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਆਵਾਰਾ ਕੁੱਤਿਆਂ ਦੀ ਨਸਬੰਦੀ ਕਰਨ ਅਤੇ ਇਸ ਗੰਭੀਰ ਸਮੱਸਿਆ ਤੋਂ ਨਿਜਾਤ ਦਿਵਾਉਣ ਦੀ ਮੰਗ ਕੀਤੀ ਹੈ।
ਕੁਲਜੀਤ ਬੇਦੀ ਨੇ ਦਾਅਵਾ ਕੀਤਾ ਕਿ ਉਪਰੋਕਤ ਖੇਤਰਾਂ ਵਿੱਚ ਨਸਬੰਦੀ ਅਤੇ ਪ੍ਰਬੰਧਾਂ ਦੀ ਘਾਟ ਕਾਰਨ ਆਵਾਰਾ ਕੁੱਤਿਆਂ ਦੀ ਗਿਣਤੀ ਖ਼ਤਰਨਾਕ ਪੱਧਰ ’ਤੇ ਪਹੁੰਚ ਗਈ ਹੈ, ਜਿਸ ਨਾਲ ਲੋਕਾਂ ਦੀ ਸੁਰੱਖਿਆ ਅਤੇ ਸਿਹਤ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ, ‘ਗਮਾਡਾ ਨਕਸ਼ੇ ਪਾਸ ਕਰਦਾ ਹੈ, ਫੀਸਾਂ ਵਸੂਲਦਾ ਹੈ ਪਰ ਇਨ੍ਹਾਂ ਇਲਾਕਿਆਂ ਦੀ ਜ਼ਿੰਮੇਵਾਰੀ ਨਹੀਂ ਲੈ ਰਿਹਾ। ਪਿਛਲੇ ਸਾਲਾਂ ਦੌਰਾਨ ਇੱਥੇ ਨਸਬੰਦੀ ਲਈ ਕੋਈ ਠੋਸ ਕਾਰਵਾਈ ਨਹੀਂ ਹੋਈ, ਜਿਸ ਨਾਲ ਬੱਚੇ, ਅੌਰਤਾਂ ਅਤੇ ਸੀਨੀਅਰ ਸਿਟੀਜ਼ਨ ਆਵਾਰਾ ਕੁੱਤਿਆਂ ਦੇ ਹਮਲਿਆਂ ਤੋਂ ਪ੍ਰੇਸ਼ਾਨ ਹਨ। ਇਹੀ ਨਹੀਂ ਆਵਾਰਾ ਕੁੱਤਿਆਂ ਕਾਰਨ ਸੜਕ ਹਾਦਸੇ ਵੀ ਵਾਪਰ ਰਹੇ ਹਨ।
ਡਿਪਟੀ ਮੇਅਰ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਜ਼ਿਆਦਾਤਰ ਬੱਚਿਆਂ ਅਤੇ ਬਜ਼ੁਰਗਾਂ ’ਤੇ ਹੋਏ ਹਨ। ਅੰਕੜੇ ਦਰਸਾਉਂਦੇ ਹਨ ਕਿ ਮੁਹਾਲੀ ਵਿੱਚ ਆਵਾਰਾ ਕੁੱਤਿਆਂ ਦੀ ਗਿਣਤੀ ਅਤੇ ਪੀੜਤ ਲੋਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਗਮਾਡਾ ਨੂੰ ਤੁਰੰਤ ਨਸਬੰਦੀ ਮੁਹਿੰਮ ਚਲਾਉਣ, ਕੁੱਤਿਆਂ ਲਈ ਸ਼ੈਲਟਰ ਬਣਾਉਣ ਅਤੇ ਨਿਗਰਾਨੀ ਟੀਮਾਂ ਤਾਇਨਾਤ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁਹਾਲੀ ਨਗਰ ਨਿਗਮ ਏਰੀਆ ਵਿੱਚ ਵੀ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਲੋਕ ਦੁਖੀ ਆ ਚੁੱਕੇ ਹਨ। ਹੁਣ ਤੱਕ ਕਾਫ਼ੀ ਲੋਕਾਂ ਨੂੰ ਵੱਢਿਆ ਜਾ ਚੁੱਕਾ ਹੈ।