Nabaz-e-punjab.com

ਫਿਰੌਤੀ ਮਾਮਲਾ: ਮੁਹਾਲੀ ਪੁਲੀਸ ਵੱਲੋਂ ਜਲਾਲਾਬਾਦ ਗੰਨ ਹਾਊਸ ਦਾ ਮਾਲਕ ਗ੍ਰਿਫ਼ਤਾਰ

ਮੁਹਾਲੀ ਅਦਾਲਤ ਨੇ ਮੁਲਜ਼ਮ ਨੂੰ 3 ਫਰਵਰੀ ਤੱਕ ਪੁਲੀਸ ਰਿਮਾਂਡ ’ਤੇ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਜ਼ਿਲ੍ਹਾ ਸੀਆਈਏ ਸਟਾਫ਼ (ਮੁਹਾਲੀ) ਵੱਲੋਂ ਪੰਜਾਬ ਦੇ ਮਸ਼ਹੂਰ ਗਾਇਕ ਅਤੇ ਪੰਜਾਬੀ ਫਿਲਮਾਂ ਦੇ ਅਦਾਕਾਰ ਗਿੱਪੀ ਗਰੇਵਾਲ ਤੋਂ 25 ਲੱਖ ਰੁਪਏ ਦੀ ਫਿਰੌਤੀ ਵਸੂਲੀ ਲਈ ਧਮਕੀ ਦੇਣ ਦੇ ਮਾਮਲੇ ਵਿੱਚ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਦੀ ਪੁੱਛਗਿੱਛ ਤੋਂ ਬਾਅਦ ਹੁਣ ਗੰਨ ਹਾਊਸ ਦੇ ਮਾਲਕ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਗੰਨ ਹਾਊਸ ਦੇ ਮਾਲਕ ਦੀ ਪਛਾਣ ਕਪਲ ਦੇਵ ਵਾਸੀ ਜਲਾਲਾਬਾਦ ਵਜੋਂ ਹੋਈ ਹੈ। ਸਥਾਨਕ ਪੁਲੀਸ ਨੇ ਉਸ ਨੂੰ ਜਲਾਲਾਬਾਦ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਪੁਲੀਸ ਦੀ ਅਨੁਸਾਰ ਮੁਲਜ਼ਮ ਕਪਲ ਦੇਵ ਗੈਂਗਸਟਰ ਬੁੱਢਾ ਸਮੇਤ ਹੋਰਨਾਂ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਦਾ ਸੀ। ਪੁਲੀਸ ਵੱਲੋਂ ਕੁਝ ਦਿਨ ਪਹਿਲਾਂ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੀ ਨਿਸ਼ਾਨਦੇਹੀ ’ਤੇ ਸੈਂਟਰਲ ਥਾਣਾ ਫੇਜ਼-8 ਦੇ ਖੇਤਰ ’ਚੋਂ ਇਕ ਕਾਰਬਾਈਨ ਅਤੇ 1 ਬੁਲਟ ਪਰੂਫ ਜੈਕਟ ਬਰਾਮਦ ਕੀਤੀ ਗਈ ਸੀ।
ਪੁਲੀਸ ਦੀ ਜਾਣਕਾਰੀ ਅਨੁਸਾਰ ਗੈਂਗਸਟਰ ਬੁੱਢਾ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਸ ਵੱਲੋਂ ਜਲਾਲਾਬਾਦ ਦੇ ਗੰਨ ਹਾਊਸ ਦੇ ਮਾਲਕ ਕਪਲ ਦੇਵ ਕੋਲੋਂ ਹਥਿਆਰ ਖ਼ਰੀਦੇ ਗਏ ਸਨ। ਪੁਲੀਸ ਦੇ ਦੱਸਣ ਅਨੁਸਾਰ ਕਪਲ ਦੇਵ ਖ਼ਿਲਾਫ਼ ਪਹਿਲਾਂ ਵੀ ਧੋਖਾਧੜੀ ਅਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਹਨ। ਗਿੱਪੀ ਗਰੇਵਾਲ ਦੇ ਮਾਮਲੇ ਵਿੱਚ ਮੁਹਾਲੀ ਅਦਾਲਤ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਖ਼ਿਲਾਫ਼ ਪਹਿਲਾਂ ਹੀ ਦੋਸ਼ ਤੈਅ ਕੀਤੇ ਜਾ ਚੁੱਕੇ ਹਨ। ਪੁਲੀਸ ਦੀ ਪੜਤਾਲੀਆਂ ਟੀਮ ਵੱਲੋਂ ਮੁਲਜ਼ਮ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 3 ਫਰਵਰੀ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਮੁਲਜ਼ਮ ਤੋਂ ਪਤਾ ਕਰਨਾ ਹੈ ਕਿ ਉਸ ਨੇ ਫਿਰੌਤੀ ਮਾਮਲੇ ਵਿੱਚ ਹੋਰ ਕਿਹੜੇ ਕਿਹੜੇ ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੂੰ ਆਪਣੇ ਗੰਨ ਹਾਊਸ ’ਚੋਂ ਹਥਿਆਰ ਮੁਹੱਈਆ ਕਰਵਾਏ ਗਏ ਹਨ। ਫਿਰੌਤੀ ਦੇ ਪੈਸਿਆਂ ’ਚੋਂ ਉਸ ਨੂੰ ਕਿੰਨਾ ਹਿੱਸਾ ਆਉਂਦਾ ਸੀ। ਪੁਲੀਸ ਇਹ ਵੀ ਪਤਾ ਕਰ ਰਹੀ ਹੈ ਕਿ ਗਾਇਕ ਗਿੱਪੀ ਗਰੇਵਾਲ ਅਤੇ ਪਰਮੀਸ਼ ਵਰਮਾ ਤੋਂ ਇਲਾਵਾ ਹੋਰ ਕਿਹੜੇ ਵੱਡੇ ਕਾਰੋਬਾਰੀਆਂ ਨੂੰ ਡਰਾ ਧਮਕਾ ਕੇ ਫਿਰੌਤੀਆਂ ਮੰਗੀਆਂ ਗਈਆਂ ਹਨ ਅਤੇ ਕਿੰਨੇ ਲੋਕਾਂ ਨੇ ਡਰਦੇ ਮਾਰੇ ਗੈਂਗਸਟਰਾਂ ਨੂੰ ਪੈਸੇ ਦਿੱਤੇ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…