
ਮੁਹਾਲੀ ਪੁਲੀਸ ਵੱਲੋਂ 4.5 ਕਿੱਲੋ ਅਫ਼ੀਮ ਸਣੇ 3 ਮੁਲਜ਼ਮ ਗ੍ਰਿਫ਼ਤਾਰ, ਡੇਢ ਲੱਖ ਡਰੱਗ ਮਨੀ ਬਰਾਮਦ
ਪਿੰਡ ਕੰਬਾਲਾ ਵਿੱਚ ਪ੍ਰਵੀਨ ਰਾਣਾ ਦੇ ਪੀਜੀ ਵਿੱਚ ਰਹਿੰਦੇ ਸੀ ਤਿੰਨੇ ਮੁਲਜ਼ਮ
ਯੂਪੀ ਤੇ ਝਾਰਖੰਡ ’ਚੋਂ ਨਸ਼ੀਲੇ ਪਦਾਰਥ ਲਿਆ ਕੇ ਪੰਜਾਬ ’ਚ ਸਪਲਾਈ ਸੀ ਮੁਲਜ਼ਮ
ਨਬਜ਼-ਏ-ਪੰਜਾਬ, ਮੁਹਾਲੀ, 1 ਸਤੰਬਰ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਸਾਢੇ ਚਾਰ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਪੁਲੀਸ ਨੇ ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ ਡੇਢ ਲੱਖ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਡੀ) ਤਲਵਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਰਵੀ ਕੁਮਾਰ, ਵਿਸ਼ਨੂੰ ਅਤੇ ਬ੍ਰਿਜੇਸ਼ ਵਾਸੀਅਨ ਪਿੰਡ ਥਰੇਲੀ (ਯੂਪੀ) ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ਼ ਆਈਟੀ ਸਿਟੀ ਥਾਣਾ ਵਿੱਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਐਸਪੀ ਤਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਪਿੰਡ ਕੰਬਾਲਾ ਨੇੜੇ ਗਸ਼ਤ ਕਰ ਰਹੀ ਸੀ ਤਾਂ ਪੁਲੀਸ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਯੂਪੀ ਅਤੇ ਝਾਰਖੰਡ ਤੋਂ ਵੱਡੀ ਮਾਤਰਾ ਵਿੱਚ ਅਫ਼ੀਮ ਲਿਆ ਕੇ ਮੁਹਾਲੀ ਸਮੇਤ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਅਫ਼ੀਮ ਦੀ ਸਪਲਾਈ ਕਰਦੇ ਹਨ। ਇਹ ਤਿੰਨੇ ਜਣੇ ਪਹਿਲਾਂ ਵੀ ਯੂਪੀ ਅਤੇ ਝਾਰਖੰਡ ਤੋਂ ਅਫ਼ੀਮ ਦੀਆਂ ਕਈ ਖੇਪਾਂ ਲਿਆ ਕੇ ਪੰਜਾਬ ਵਿੱਚ ਸਪਲਾਈ ਕਰ ਚੁੱਕੇ ਹਨ। ਇਹ ਤਿੰਨੇ ਮੁਲਜ਼ਮ ਸਰਕਾਰੀ ਸਕੂਲ ਪਿੰਡ ਕੰਬਾਲਾ ਨੇੜੇ ਪ੍ਰਵੀਨ ਰਾਣਾ ਦੇ ਪੀਜੀ ਵਿੱਚ ਕਿਰਾਏ ਦਾ ਕਮਰਾ ਲੈ ਕੇ ਰਹਿ ਰਹੇ ਹਨ। ਪੁਲੀਸ ਨੇ ਛਾਪੇਮਾਰੀ ਕਰਕੇ ਉਕਤ ਤਿੰਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਸੂਚਨਾ ਮਿਲਦੇ ਹੀ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਵੀ ਮੌਕੇ ’ਤੇ ਪਹੁੰਚ ਗਏ। ਜਿਨ੍ਹਾਂ ਦੀ ਮੌਜੂਦਗੀ ਵਿੱਚ ਮੁਲਜ਼ਮਾਂ ਦੀ ਤਲਾਸ਼ੀ ਲਈ ਗਈ ਤਾਂ ਬੈਗ ’ਚੋਂ ਸਾਢੇ ਚਾਰ ਕਿੱਲੋ ਅਫ਼ੀਮ ਅਤੇ ਡੇਢ ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਕਈ ਪਰਚੇ ਦਰਜ ਹਨ। ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਹਾਸਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਕੋਲੋਂ ਪਤਾ ਲਗਾਇਆ ਜਾ ਰਿਹਾ ਹੈ ਕਿ ਯੂਪੀ ਅਤੇ ਝਾਰਖੰਡ ’ਚੋਂ ਉਹ ਕਿਸ ਤੋਂ ਨਸ਼ੀਲੇ ਪਦਾਰਥ ਲਿਆ ਕੇ ਵੇਚਦੇ ਹਨ ਅਤੇ ਇਸ ਵਿੱਚ ਹੋਰ ਕੌਣ ਕੌਣ ਸ਼ਾਮਲ ਹੈ।