
ਮੁਹਾਲੀ ਪੁਲੀਸ ਵੱਲੋਂ ਦੇਸੀ ਕੱਟੇ ਸਮੇਤ ਨੌਜਵਾਨ ਗ੍ਰਿਫ਼ਤਾਰ
ਨਬਜ਼-ਏ-ਪੰਜਾਬ, ਮੁਹਾਲੀ, 30 ਅਪਰੈਲ:
ਮੁਹਾਲੀ ਪੁਲੀਸ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਐੱਸਐੱਸਪੀ ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇੱਕ ਨੌਜਵਾਨ ਨੂੰ 315 ਬੋਰ ਦੇ ਇੱਕ ਦੇਸੀ ਕੱਟੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਕੋਲੋਂ 3 ਜਿੰਦਾ ਕਾਰਤੂਸਾਂ ਵੀ ਬਰਾਮਦ ਕੀਤੇ ਗਏ ਹਨ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸਿਧਾਰਥ ਚੌਧਰੀ (24) ਵਾਸੀ ਜ਼ਿਲ੍ਹਾ ਸਹਾਰਨਪੁਰ (ਯੂਪੀ) ਵਜੋਂ ਹੋਈ ਹੈ। ਇਸ ਸਬੰਧੀ ਉਸ ਦੇ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਅਸਲਾ ਐਕਟ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਇੰਸਪੈਕਟਰ ਰੁਪਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਪਿਛਲੇ ਪਾਸੇ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਨੌਜਵਾਨ ਕੋਲੋਂ 315 ਬੋਰ ਦਾ ਇੱਕ ਦੇਸੀ ਕੱਟਾ ਅਤੇ 3 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸਿਧਾਰਥ ਚੌਧਰੀ ਯੂਪੀ ਤੋਂ ਦੇਸੀ ਕੱਟੇ ਲਿਆ ਕੇ ਪੰਜਾਬ ਵਿੱਚ ਮਹਿੰਗੇ ਭਾਅ ਵਿੱਚ ਵੇਚਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਨੌਜਵਾਨ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਪੁਲੀਸ ਵੱਲੋਂ ਪੁੱਛਗਿੱਛ ਜਾਰੀ ਹੈ ਅਤੇ ਮੁਲਜ਼ਮ ਕੋਲੋਂ ਨਾਜਾਇਜ਼ ਅਸਲੇ ਬਾਰੇ ਹੋਰ ਵੀ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।