
ਮੁਹਾਲੀ ਪੁਲੀਸ ਵੱਲੋਂ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਗ੍ਰਿਫ਼ਤਾਰ
ਮੁਲਜ਼ਮ ਕੋਲੋਂ ਚੋਰੀ ਦਾ ਹੀਰੋ ਹਾਂਡਾ ਮੋਟਰ ਸਾਈਕਲ ਵੀ ਕੀਤਾ ਬਰਾਮਦ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਚੋਰੀ ਅਤੇ ਲੁੱਟ-ਖੋਹ ਦੀਆਂ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਅਮਨਦੀਪ ਸਿੰਘ ਉਰਫ਼ ਪੱਪੂ ਵਾਸੀ ਮੌਲੀ ਬੈਦਵਾਨ (ਮੁਹਾਲੀ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਇੱਥੇ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਵੱਖ-ਵੱਖ ਧਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਕੋਲੋਂ ਸ਼ਾਹਬਾਦ ਤੋਂ ਚੋਰੀ ਕੀਤਾ ਹੀਰੋ ਹਾਂਡਾ ਮੋਟਰ ਸਾਈਕਲ ਵੀ ਬਰਾਮਦ ਕੀਤਾ ਗਿਆ ਹੈ।
ਐਸਐਸਪੀ ਨੇ ਦੱਸਿਆ ਕਿ ਮੁਹਾਲੀ ਦੇ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਡੀਐਸਪੀ (ਡੀ) ਗੁਰਚਰਨ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਉਕਤ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸੀਆਈਏ ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਮਨਦੀਪ ਸਿੰਘ ਉਰਫ਼ ਪੱਪੂ ਮੁਹਾਲੀ ਖੇਤਰ ਵਿੱਚ ਚੋਰੀਆਂ ਤੇ ਖੋਹਾਂ ਦੀ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਇੰਸ ਸਬੰਧੀ ਪੁਲੀਸ ਨੇ ਇੱਥੋਂ ਦੇ ਸੈਕਟਰ-88 ਵਿੱਚ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਅਮਨਦੀਪ ਸਿੰਘ ਨੂੰ ਚੋਰੀ ਦੇ ਮੋਟਰ ਸਾਈਕਲ ਸਣੇ ਕਾਬੂ ਕਰ ਲਿਆ। ਮੁਲਜ਼ਮ ਕੋਲੋਂ ਲੋਕਾਂ ਤੋਂ ਖੋਹੇ 12 ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ। ਪੁਲੀਸ ਅਨੁਸਾਰ ਮੁਲਜ਼ਮ ਦਾ ਵਾਰਦਾਤ ਨੂੰ ਅੰਜਾਮ ਦੇਣ ਦਾ ਤਰੀਕਾ ਇਹ ਸੀ ਕਿ ਉਸਾਰੀ ਅਧੀਨ ਮਕਾਨਾਂ ਵਿੱਚ ਕੰਮ ਕਰਦੀ ਲੇਬਰ ਰਾਤ ਦੇ ਸਮੇਂ ਸੁੱਤੀ ਹੁੰਦੀ ਸੀ। ਉਸ ਸਮੇਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ ਅਤੇ ਰਾਹਗੀਰਾਂ ਨੂੰ ਘੇਰ ਕੇ ਮੋਬਾਈਲ ਫੋਨ ਅਤੇ ਨਕਦੀ ਖੋਹ ਕੇ ਫਰਾਰ ਹੋ ਜਾਂਦਾ ਸੀ।
ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਚੋਰੀ ਦੀਆਂ ਵਾਰਦਾਤਾਂ ਦੇ ਕਈ ਪਰਚੇ ਦਰਜ ਹਨ। ਉਨ੍ਹਾਂ ਦੱਸਿਆ ਕਿ ਅਮਨਦੀਪ ਸਿੰਘ ਉਰਫ਼ ਪੱਪੂ ਸੋਹਾਣਾ ਥਾਣਾ ਅਤੇ ਸੈਂਟਰਲ ਥਾਣਾ ਫੇਜ਼-8 ਦੀ ਪੁਲੀਸ ਨੂੰ ਲੋੜੀਂਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ ਹੋਰਨਾਂ ਵਾਰਦਾਤਾਂ ਅਤੇ ਉਸ ਦੇ ਸਾਥੀ ਮੁਲਜ਼ਮਾਂ ਬਾਰੇ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।