ਮੁਹਾਲੀ ਪੁਲੀਸ ਵੱਲੋਂ 52 ਪੇਟੀਆਂ ਸ਼ਰਾਬ ਸਣੇ ਮੁਲਜ਼ਮ ਕਾਬੂ, ਟਰੱਕ ਵੀ ਕੀਤਾ ਜ਼ਬਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਚੰਡੀਗੜ੍ਹ ਤੋਂ ਲਿਆ ਕੇ ਪੰਜਾਬ ਵਿੱਚ ਵੇਚੀ ਜਾਣ ਵਾਲੀ ਸ਼ਰਾਬ ਦੀਆਂ 52 ਪੇਟੀਆਂ (2249 ਪਊਏ) ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਟਰੱਕ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮ ਪੰਕਜ ਵਾਸੀ ਛਪਰਾ (ਬਿਹਾਰ) ਦੇ ਖ਼ਿਲਾਫ਼ ਥਾਣਾ ਫੇਜ਼-11 ਵਿੱਚ ਐਕਸਾਈਜ਼ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਫੇਜ਼-11 ਥਾਣਾ ਦੇ ਐਸਐਚਓ ਮਨਦੀਪ ਸਿੰਘ ਦੀ ਨਿਗਰਾਨੀ ਹੇਠ ਐਕਸਾਈਜ਼ ਇੰਸਪੈਕਟਰ ਵਿਕਾਸ ਕੁਮਾਰ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਕਸਾਈਜ਼ ਵਿਭਾਗ ਦੀ ਜਾਣਕਾਰੀ ਅਨੁਸਾਰ ਪੰਕਜ ਵਾਸੀ ਛਪਰਾ (ਬਿਹਾਰ) ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਪੰਜਾਬ ਅਤੇ ਹੋਰਨਾਂ ਗੁਆਂਢੀ ਇਲਾਕਿਆਂ ਵਿੱਚ ਮਹਿੰਗੇ ਭਾਅ ’ਤੇ ਵੇਚਦਾ ਹੈ ਅਤੇ ਅੱਜ ਵੀ ਉਹ ਇੱਕ ਟਰੱਕ ਵਿੱਚ ਸ਼ਰਾਬ ਲੈ ਕੇ ਆ ਰਿਹਾ ਹੈ। ਸੂਚਨਾ ਮਿਲਣ ’ਤੇ ਏਐਸਆਈ ਹਰਨੇਕ ਸਿੰਘ ਦੀ ਅਗਵਾਈ ਹੇਠ ਬਾਵਾ ਵਾਈਟ ਹਾਊਸ ਫੇਜ਼-11 ਨੇੜੇ ਨਾਕਾਬੰਦੀ ਕਰਕੇ ਉਕਤ ਵਿਅਕਤੀ ਨੂੰ ਟਰੱਕ ਸਮੇਤ ਕਾਬੂ ਕੀਤਾ ਗਿਆ। ਤਲਾਸ਼ੀ ਲੈਣ ’ਤੇ ਟਰੱਕ ’ਚੋਂ 52 ਪੇਟੀਆਂ ਸ਼ਰਾਬ ਬਰਾਮਦ ਕੀਤੀ ਗਈ।
ਡੀਐਸਪੀ ਨੇ ਦੱਸਿਆ ਕਿ ਟਰੱਕ ’ਚੋਂ ਬਰਾਮਦ ਕੀਤੀ ਗਈ ਸ਼ਰਾਬ ਵਿੱਚ 31 ਪੇਟੀਆਂ (ਇੰਪੀਰੀਅਲ ਸਟਾਈਲ, ਹਰੇਕ ਪੇਟੀ ’ਚ 48 ਪਊਏ ਸਨ) ਜਿਨ੍ਹਾਂ ਦੀ ਕੁੱਲ ਗਿਣਤੀ 1488 ਪਊਏ ਬਣਦੀ ਹੈ ਜਦੋਂਕਿ 21 ਪੇਟੀਆਂ (ਬਲਿਊ ਸਟਰੋਕ) ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪੰਕਜ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 2 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਵਫ਼ਾਦਾਰ ਵਰਕਰਾਂ ਦੇ ਮਾਣ-ਸਨਮਾਨ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸੁਖਬੀਰ ਬਾਦਲ

ਵਫ਼ਾਦਾਰ ਵਰਕਰਾਂ ਦੇ ਮਾਣ-ਸਨਮਾਨ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸੁਖਬੀਰ ਬਾਦਲ ਮੁਹਾਲੀ ਦੇ ਅਕਾਲੀ ਆ…