ਨਸ਼ਾ ਤਸਕਰੀ: ਮੁਹਾਲੀ ਪੁਲੀਸ ਵੱਲੋਂ ਦੋ ਕਿੱਲੋ ਅਫ਼ੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਮੁਹਾਲੀ ਪੁਲੀਸ ਅਤੇ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਡੀਐਸਪੀ (ਡੀ) ਗੁਰਚਰਨ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਦੋ ਵਿਅਕਤੀਆਂ ਨੂੰ 2 ਕਿੱਲੋ ਅਫ਼ੀਮ ਸਣੇ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਮੁਹੰਮਦ ਤਸਲੀਮ ਵਾਸੀ ਪਿੰਡ ਇਸਲਾਮ ਨਗਰ, ਜ਼ਿਲ੍ਹਾ ਸਹਿਜਾਨਪੁਰ ਹਾਲ ਵਾਸੀ ਕਿਰਾਏਦਾਰ ਸਵਰਾਜ ਨਗਰ ਖਰੜ ਅਤੇ ਪੁਸ਼ਪਿੰਦਰ ਕੁਮਾਰ ਵਾਸੀ ਪਿੰਡ ਅਗੇਈ, ਜ਼ਿਲ੍ਹਾ ਬਦਾਊ, ਯੂਪੀ ਹਾਲ ਵਾਸੀ ਕਿਰਾਏਦਾਰ ਸੰਤੇ ਮਾਜਰਾ ਕਲੋਨੀ ਨੇੜੇ ਕ੍ਰਿਸ਼ਨਾ ਡਾਇਰੀ ਖਰੜ ਦੇ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐਸਐਸਪੀ ਨੇ ਦੱਸਿਆ ਕਿ ਸੀਆਈਏ ਸਟਾਫ਼ ਦੇ ਥਾਣੇਦਾਰ ਪਵਨ ਕੁਮਾਰ ਦੀ ਅਗਵਾਈ ਹੇਠ ਇੱਥੋਂ ਦੇ ਸੈਕਟਰ-65 (ਫੇਜ਼-11) ਸਥਿਤ ਬਾਵਾ ਵਾਈਟ ਹਾਊਸ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲੀਸ ਨੇ ਉਕਤ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 2 ਕਿੱਲੋ ਅਫ਼ੀਮ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਹੰਮਦ ਤਸਲੀਮ ਖਰੜ ਵਿਖੇ ਕੱਪੜੇ ਸਿਲਾਈ ਦਾ ਕੰਮ ਕਰਦਾ ਹੈ ਅਤੇ ਇਸ ਕੰਮ ਦੀ ਆੜ ਵਿੱਚ ਉਹ ਅਫ਼ੀਮ ਵੇਚਣ ਦਾ ਧੰਦਾ ਕਰਦਾ ਹੈ। ਜਦੋਂਕਿ ਉਸ ਦਾ ਸਾਥੀ ਪੁਸ਼ਪਿੰਦਰ ਕੁਮਾਰ ਖਰੜ ਵਿੱਚ ਹੀ ਕਰਿਆਨੇ ਦੀ ਦੁਕਾਨ ’ਤੇ ਨੌਕਰੀ ਕਰਦਾ ਹੈ। ਪੁਲੀਸ ਦੀ ਜਾਣਕਾਰੀ ਅਨੁਸਾਰ ਇਹ ਦੋਵੇਂ ਵਿਅਕਤੀ ਸਹਿਜਾਨਪੁਰ ਅਤੇ ਬਰੇਲੀ ਉਤਰ ਪ੍ਰਦੇਸ਼ ’ਚੋਂ ਅਫ਼ੀਮ ਲਿਆ ਕੇ ਖਰੜ ਅਤੇ ਕੁਰਾਲੀ ਇਲਾਕੇ ਵਿੱਚ ਆਪਣੇ ਗਾਹਕਾਂ ਨੂੰ ਵੇਚਦੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In Crime

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …